ਉਦਯੋਗਿਕ ਕ੍ਰਾਂਤੀ ਦਾ ਵੀ

ਉਦਯੋਗਿਕ ਕ੍ਰਾਂਤੀ ਦਾ ਵੀ ਕੀਤਾ ਦਾਅਵਾ
ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ
ਕਪੂਰਥਲਾ : ਪੰਜਾਬ ਦੀ ਭਗਵੰਤ ਮਾਨ ਸਰਕਾਰ ਸੂਬੇ ਵਿਚ ਉਦਯੋਗਿਕ ਵਿਕਾਸ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਇਸ ਸਬੰਧ ਵਿਚ ਹਿਊਮਨ ਰਾਈਟਸ ਕੌਂਸਲ ਇੰਡੀਆ ਦੇ ਸੂਬਾ ਪ੍ਰਧਾਨ ਅਤੇ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੋਆਬਾ ਜ਼ੋਨ ਦੇ ਸੂਬਾ ਸਕੱਤਰ ਸੁਖਵੰਤ ਸਿੰਘ ਪੱਡਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਰਕਾਰ ਦੀਆਂ ਨੀਤੀਆਂ ਅਤੇ ਭਵਿੱਖੀ ਯੋਜਨਾਵਾਂ 'ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਹੁਣ ਨਿਵੇਸ਼ ਕੇਂਦਰ ਵਜੋਂ ਉੱਭਰ ਰਿਹਾ ਹੈ। ਪੰਜਾਬ ਇਨਫੋਟੈਕ ਸੂਬੇ ਵਿਚ ਆਈਟੀ ਸੈਕਟਰ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਨੀਤੀਆਂ ਲਾਗੂ ਕਰ ਰਿਹਾ ਹੈ, ਜਿਸ ਨਾਲ ਨਾ ਸਿਰਫ਼ ਵੱਡੇ ਸ਼ਹਿਰਾਂ ਦੇ ਸਗੋਂ ਕਪੂਰਥਲਾ ਵਰਗੇ ਜ਼ਿਲ੍ਹਿਆਂ ਦੇ ਨੌਜਵਾਨਾਂ ਨੂੰ ਆਪਣੇ ਘਰਾਂ ਦੇ ਨੇੜੇ ਬਿਹਤਰ ਰੁਜ਼ਗਾਰ ਦੇ ਮੌਕੇ ਮਿਲ ਸਕਣਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਤੇ ਪਾਰਦਰਸ਼ੀ ਕੰਮਕਾਜ ਕਾਰਨ ਵੱਡੇ ਉਦਯੋਗਿਕ ਘਰਾਣੇ ਹੁਣ ਪੰਜਾਬ ਵਿਚ ਨਿਵੇਸ਼ ਕਰਨ ਲਈ ਉਤਸੁਕ ਹਨ। ਉਨ੍ਹਾਂ ਕਿਹਾ ਕਿ ਸਰਕਾਰ ਸਿਰਫ਼ ਉਦਯੋਗ ਤੱਕ ਸੀਮਤ ਨਹੀਂ ਹੈ, ਇਸ ਨੇ ਖੇਡਾਂ ਵਤਨ ਪੰਜਾਬ ਦੀਆਂ ਵਰਗੇ ਸਮਾਗਮਾਂ ਰਾਹੀਂ ਖੇਡ ਸੱਭਿਆਚਾਰ ਨੂੰ ਵੀ ਸੁਰਜੀਤ ਕੀਤਾ ਹੈ। ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢਣਾ ਤੇ ਉਨ੍ਹਾਂ ਨੂੰ ਖੇਡਾਂ ਅਤੇ ਤਕਨੀਕੀ ਸਿੱਖਿਆ ਵੱਲ ਮੋੜਨਾ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਆਈਟੀ ਸੈਕਟਰ ਦੇ ਵਿਸਥਾਰ ਨਾਲ ਭਵਿੱਖ ਵਿਚ ਸਥਾਨਕ ਪ੍ਰਤਿਭਾ ਦੇ ਪ੍ਰਵਾਸ ਨੂੰ ਰੋਕਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੇ ਕਾਰਜਕਾਲ ਦੇ ਪਿਛਲੇ ਕੁਝ ਸਾਲਾਂ ਨੇ ਲੋਕਾਂ ਵਿਚ ਇਕ ਨਵਾਂ ਵਿਸ਼ਵਾਸ ਪੈਦਾ ਕੀਤਾ ਹੈ। ਕੇਂਦਰ ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਪੱਡਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਪੰਜਾਬ ਤੇ ਪੰਜਾਬੀਆਂ ਦੇ ਹੱਕਾਂ 'ਤੇ ਲਗਾਤਾਰ ਹਮਲਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਏ ਜਾ ਰਹੇ ਫੈਸਲੇ ਸਪੱਸ਼ਟ ਤੌਰ 'ਤੇ ਦਰਸਾਉਂਦੇ ਹਨ ਕਿ ਭਾਜਪਾ ਪੰਜਾਬ ਦੀ ਆਰਥਿਕਤਾ ਤੇ ਇਸਦੇ ਸਮਾਜਿਕ ਤੇ ਫਿਰਕੂ ਢਾਂਚੇ ਨੂੰ ਨੁਕਸਾਨ ਪਹੁੰਚਾਉਣ ਦੇ ਉਦੇਸ਼ ਨਾਲ ਨੀਤੀ ਅਪਣਾ ਰਹੀ ਹੈ। ਭਾਵੇਂ ਉਹ ਪੰਜਾਬ ਦੇ ਪਾਣੀਆਂ ਦਾ ਮੁੱਦਾ ਹੋਵੇ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਢਾਂਚੇ ਨੂੰ ਬਦਲਣ ਦੀ ਕੋਸ਼ਿਸ਼ ਹੋਵੇ ਜਾਂ ਚੰਡੀਗੜ੍ਹ 'ਤੇ ਪੰਜਾਬ ਦੇ ਅਧਿਕਾਰ ਨੂੰ ਕਮਜ਼ੋਰ ਕਰਨ ਦਾ, ਕੇਂਦਰ ਸਰਕਾਰ ਹਮੇਸ਼ਾ ਪੰਜਾਬ ਵਿਰੋਧੀ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਮਨਰੇਗਾ ਵਰਗੀਆਂ ਸਕੀਮਾਂ ਬਦਲ ਕੇ ਗਰੀਬ ਮਜ਼ਦੂਰਾਂ ਦੇ ਢਿੱਡ ਵਿਚ ਲੱਤ ਮਾਰੀ ਜਾ ਰਹੀ ਹੈ। ਕੇਂਦਰ ਸਰਕਾਰ ਨਵੇਂ ਕਾਨੂੰਨਾਂ ਰਾਹੀਂ ਪੰਜਾਬ ਦੇ ਖੇਤੀਬਾੜੀ ਅਤੇ ਵਪਾਰਕ ਸਿਸਟਮ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਨੂੰ ਪੰਜਾਬ ਦੇ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਭਾਜਪਾ ਸਿਰਫ ਵੱਡੇ ਕਾਰਪੋਰੇਟ ਘਰਾਣਿਆਂ ਦੇ ਹਿੱਤਾਂ ਦੀ ਸੇਵਾ ਕਰ ਰਹੀ ਹੈ ਤੇ ਆਮ ਆਦਮੀ ਦੀਆਂ ਜ਼ਰੂਰਤਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ। ਪੱਡਾ ਨੇ ਕਿਹਾ ਕਿ ਪੰਜਾਬੀਆਂ ਨੇ ਹਮੇਸ਼ਾ ਜ਼ੁਲਮ ਤੇ ਜ਼ੁਲਮ ਵਿਰੁੱਧ ਲੜਾਈ ਲੜੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਨੂੰ ਫੈਸਲਾਕੁੰਨ ਹਾਰ ਦੇ ਕੇ ਸਬਕ ਸਿਖਾਉਣਗੇ।