557ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਲਈ ਸੁਲਤਾਨਪੁਰ ਲੋਧੀ ਪੂਰੀ ਤਰ੍ਹਾਂ ਤਿਆਰ 557ਵੇਂ ਪ੍ਰਕਾਸ਼ ਪੁਰਬ ਦੇ ਸ਼ਾਨਦਾਰ ਸਮਾਗਮਾਂ ਲਈ ਸੁਲਤਾਨਪੁਰ ਲੋਧੀ ਪੂਰੀ ਤਰ੍ਹਾਂ ਤਿਆਰ
Publish Date: Sat, 21 Nov 2026 07:44 PM (IST)
Updated Date: Sat, 21 Nov 2026 07:46 PM (IST)
ਡੀਸੀ ਤੇ ਐੱਸਐੱਸਪੀ ਵੱਲੋਂ ਪ੍ਰਕਾਸ਼ ਪੁਰਬ ਸਮਾਗਮਾਂ ਦੇ ਅੰਤਿਮ ਪ੍ਰਬੰਧਾਂ ਦਾ ਜਾਇਜ਼ਾ ਪ੍ਰਕਾਸ਼ ਪੁਰਬ ਲਈ ਸੁਰੱਖਿਆ, ਪਾਰਕਿੰਗ ਤੇ ਨਾਗਰਿਕ ਸਹੂਲਤਾਂ ਦੇ ਪੁਖ਼ਤਾ ਪ੍ਰਬੰਧ ਮੁਕੰਮਲ ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ, ਐੱਸਐੱਸਪੀ ਗੌਰਵ ਤੂਰਾ ਨੇ ਸ਼ਨੀਵਾਰ ਨੂੰ ਦੱਸਿਆ ਕਿ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਸ਼ਾਨਦਾਰ ਸਮਾਗਮਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡੀਸੀ ਤੇ ਐੱਸਐੱਸਪੀ, ਜਿਨ੍ਹਾਂ ਦੇ ਨਾਲ ਕਪੂਰਥਲਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਸੱਜਣ ਸਿੰਘ ਚੀਮਾ ਵੀ ਮੌਜੂਦ ਸਨ, ਨੇ ਦੱਸਿਆ ਕਿ ਸਮਾਗਮਾਂ ਨੂੰ ਸੁਚਾਰੂ ਤੇ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਜ਼ਿਆਦਾਤਰ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ, ਜਦਕਿ ਬਾਕੀ ਰਹਿੰਦੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸੰਗਤ ਲਈ ਅੱਠ ਪਾਰਕਿੰਗ ਸਥਾਨ ਨਿਰਧਾਰਤ ਕੀਤੇ ਗਏ ਹਨ ਤੇ ਅਹਿਮ ਥਾਵਾਂ ਤੇ ਲੋੜੀਂਦੇ ਪੁਲਿਸ ਨਾਕੇ ਤੇ ਚੈੱਕ-ਪੋਸਟਾਂ ਸਥਾਪਤ ਕੀਤੀਆਂ ਜਾਣਗੀਆਂ। ਸਮਾਗਮਾਂ ਦੌਰਾਨ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਤੇ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਸੀਸੀਟੀਵੀ ਕੈਮਰੇ, ਕੰਟਰੋਲ ਰੂਮ ਤੇ ਪੀਸੀਆਰ ਵਾਹਨਾਂ ਸਮੇਤ ਸਖ਼ਤ ਸੁਰੱਖਿਆ ਪ੍ਰਬੰਧ ਤਾਇਨਾਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਆਰਜ਼ੀ ਪਖਾਨਿਆਂ, ਪਾਣੀ ਦੇ ਟੈਂਕਰਾਂ, ਫਾਇਰ ਟੈਂਡਰਾਂ (ਅੱਗ ਬੁਝਾਊ ਗੱਡੀਆਂ), ਅੱਗ ਬੁਝਾਊ ਯੰਤਰਾਂ, ਹਾਈ-ਮਾਸਟ ਲਾਈਟਾਂ, ਬਜ਼ੁਰਗ ਸ਼ਰਧਾਲੂਆਂ ਲਈ ਈ-ਰਿਕਸ਼ਾ, ਸਾਫ਼-ਸਫ਼ਾਈ ਟੀਮਾਂ, ਸੜਕਾਂ ਦੀ ਮੁਰੰਮਤ, ਦਰੱਖਤਾਂ ਦੀਆਂ ਟਾਹਣੀਆਂ ਦੀ ਛੰਗਾਈ, ਮੈਡੀਕਲ ਟੀਮਾਂ ਤੇ ਫੂਡ ਸੇਫਟੀ ਸਕੁਐਡ ਦੇ ਪ੍ਰਬੰਧ ਵੀ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਸਮੂਹ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਪਵਿੱਤਰ ਨਗਰੀ ਆਉਣ ਵਾਲੀ ਸੰਗਤ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ ਤੇ ਸਮੁੱਚੇ ਸਮਾਗਮਾਂ ਦੌਰਾਨ ਸਾਰੀਆਂ ਸਹੂਲਤਾਂ ਨਿਰਵਿਘਨ ਚੱਲਦੀਆਂ ਰਹਿਣ। ਕਬੱਡੀ ਟੂਰਨਾਮੈਂਟ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਡੀਸੀ ਤੇ ਐੱਸਐੱਸਪੀ ਨੇ ਇਸ ਦੇ ਸੁਚਾਰੂ ਸੰਚਾਲਨ ਲਈ ਹਿੱਸਾ ਲੈਣ ਵਾਲੀਆਂ ਟੀਮਾਂ ਦੇ ਨਾਲ-ਨਾਲ ਦਰਸ਼ਕਾਂ ਲਈ ਵੀ ਢੁੱਕਵੇਂ ਪ੍ਰਬੰਧ ਕਰਨ ਤੇ ਜ਼ੋਰ ਦਿੱਤਾ। ਪੀਐੱਸਪੀਸੀਐੱਲ ਦੇ ਅਧਿਕਾਰੀਆਂ ਨੂੰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਤੇ ਕਿਸੇ ਵੀ ਹਾਦਸੇ ਤੋਂ ਬਚਣ ਲਈ ਢਿੱਲੀਆਂ ਜਾਂ ਨੰਗੀਆਂ ਬਿਜਲੀ ਦੀਆਂ ਤਾਰਾਂ ਦੀ ਤੁਰੰਤ ਮੁਰੰਮਤ ਕਰਨ ਦੇ ਨਿਰਦੇਸ਼ ਦਿੱਤੇ ਗਏ। ਲੋਕ ਨਿਰਮਾਣ ਵਿਭਾਗ ਤੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਵੀ ਸੰਗਤ ਦੀ ਆਵਾਜਾਈ ਨੂੰ ਸੁਖਾਲਾ ਬਣਾਉਣ ਲਈ ਸੜਕਾਂ ਦੇ ਚੱਲ ਰਹੇ ਸਾਰੇ ਕੰਮ ਸ਼ਨੀਵਾਰ ਤੱਕ ਹੀ ਮੁਕੰਮਲ ਕਰਨ ਦੀ ਹਦਾਇਤ ਕੀਤੀ ਗਈ। ਉਨ੍ਹਾਂ ਅੱਗੇ ਨਿਰਦੇਸ਼ ਦਿੱਤੇ ਕਿ ਸਮਾਗਮਾਂ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਤੇ ਹੰਗਾਮੀ ਸਥਿਤੀ ਵਿੱਚ ਤੁਰੰਤ ਮਦਦ ਯਕੀਨੀ ਬਣਾਉਣ ਲਈ ਸੰਵੇਦਨਸ਼ੀਲ ਥਾਵਾਂ ਤੇ ਐੱਸਡੀਆਰਐੱਫ ਦੀਆਂ ਟੀਮਾਂ ਤੇ ਸਿਖਲਾਈ ਪ੍ਰਾਪਤ ਗੋਤਾਖੋਰ ਤਾਇਨਾਤ ਕੀਤੇ ਜਾਣ। ਬਾਅਦ ਵਿੱਚ ਡਿਪਟੀ ਕਮਿਸ਼ਨਰ ਤੇ ਐੱਸਐੱਸਪੀ ਨੇ ਸੀਨੀਅਰ ਅਧਿਕਾਰੀਆਂ ਦੀ ਟੀਮ ਸਮੇਤ ਪਵਿੱਤਰ ਸ਼ਹਿਰ ਦੀਆਂ ਵੱਖ-ਵੱਖ ਪ੍ਰਮੁੱਖ ਥਾਵਾਂ ਦਾ ਨਿਰੀਖਣ ਕੀਤਾ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ਤੇ ਨਤਮਸਤਕ ਹੋਣ ਲਈ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਸੰਗਤ ਸੁਲਤਾਨਪੁਰ ਲੋਧੀ ਪਹੁੰਚਦੀ ਹੈ। ਉਨ੍ਹਾਂ ਸਮੂਹ ਵਿਭਾਗਾਂ ਵੱਲੋਂ ਬਾਰੀਕੀ ਨਾਲ ਯੋਜਨਾਬੰਦੀ, ਆਪਸੀ ਤਾਲਮੇਲ ਤੇ ਸਾਂਝੇ ਯਤਨਾਂ ਦੀ ਲੋੜ ਤੇ ਜ਼ੋਰ ਦਿੱਤਾ ਤਾਂ ਜੋ ਸ਼ਰਧਾਲੂਆਂ ਨੂੰ ਆਪਣੀ ਫੇਰੀ ਦੌਰਾਨ ਬਿਨਾਂ ਕਿਸੇ ਪਰੇਸ਼ਾਨੀ ਦੇ ਆਰਾਮਦਾਇਕ ਅਨੁਭਵ ਪ੍ਰਦਾਨ ਕੀਤਾ ਜਾ ਸਕੇ।