ਬੰਦ ਦੌਰਾਨ ਸਰਕਾਰ ਖ਼ਿਲਾਫ਼ ਗੂੰਜੇ ਨਾਅਰੇ, ਦੋਸ਼ੀ ਪੁਲਿਸ ਅਧਿਕਾਰੀਆਂ ਦੀ ਬਰਖ਼ਾਸਤਗੀ ਦੀ ਉੱਠੀ ਮੰਗ ਬਰਨਾਲਾ ਲਾਠੀਚਾਰਜ ਖਿਲਾਫ ਸੁਲਤਾਨਪੁਰ ਲੋਧੀ ਰਿਹਾ ਪੂਰਨ ਬੰਦ
Publish Date: Thu, 30 Jul 2026 09:11 PM (IST)
Updated Date: Thu, 30 Jul 2026 09:13 PM (IST)
ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਬਰਨਾਲਾ ’ਚ ਸਫਾਈ ਸੇਵਕਾਂ ’ਤੇ ਹੋਏ ਲਾਠੀਚਾਰਜ ਦੀ ਗੂੰਜ ਵੀਰਵਾਰ ਨੂੰ ਪਾਵਨ ਨਗਰੀ ਸੁਲਤਾਨਪੁਰ ਲੋਧੀ ਵਿੱਚ ਜ਼ੋਰਦਾਰ ਢੰਗ ਨਾਲ ਸੁਣਾਈ ਦਿੱਤੀ। ਵਾਲਮੀਕਿ ਭਾਈਚਾਰੇ ਅਤੇ ਸਫ਼ਾਈ ਸੇਵਕ ਕਾਮਿਆਂ ਵੱਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਸ਼ਹਿਰ ਵਿੱਚ ਭਰਵਾਂ ਸਮਰਥਨ ਮਿਲਿਆ, ਜਿਸ ਕਾਰਨ ਜ਼ਿਆਦਾਤਰ ਬਾਜ਼ਾਰ ਅਤੇ ਵਪਾਰਕ ਅਦਾਰੇ ਬੰਦ ਰਹੇ। ਇਸ ਦੌਰਾਨ ਸੈਂਕੜੇ ਸਫਾਈ ਸੇਵਕਾਂ, ਔਰਤਾਂ ਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਸ਼ਹਿਰ ਵਿੱਚ ਵਿਸ਼ਾਲ ਰੋਸ ਮਾਰਚ ਕੱਢ ਕੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਬਰਨਾਲਾ ਘਟਨਾ ਲਈ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਸਫਾਈ ਸੇਵਕਾਂ ਦੀਆਂ ਮੰਗਾਂ ਤੁਰੰਤ ਮੰਨੀਆਂ ਜਾਣ। ਨਗਰ ਕੌਂਸਲ ਦੇ ਸਫਾਈ ਸੇਵਕਾਂ ਅਤੇ ਮਿਊਂਸੀਪਲ ਮੁਲਾਜ਼ਮਾਂ ਨੇ ਮੁਹੱਲਾ ਰਿਸ਼ੀ ਨਗਰ ਵਿਖੇ ਭਗਵਾਨ ਵਾਲਮੀਕਿ ਜੀ ਦੇ ਮੰਦਰ ਵਿੱਚ ਮੱਥਾ ਟੇਕਣ ਉਪਰੰਤ ਪ੍ਰਧਾਨ ਸੰਜੀਵ ਘਈ ਦੀ ਅਗਵਾਈ ਹੇਠ ਵਿਸ਼ਾਲ ਰੋਸ ਮਾਰਚ ਸ਼ੁਰੂ ਕੀਤਾ। ਰੋਸ ਮਾਰਚ ਦੌਰਾਨ ‘ਪੰਜਾਬ ਸਰਕਾਰ ਮੁਰਦਾਬਾਦ’, ‘ਸਫਾਈ ਸੇਵਕਾਂ ਨੂੰ ਇਨਸਾਫ਼ ਦਿਓ’ ਅਤੇ ‘ਦੋਸ਼ੀ ਪੁਲਿਸ ਮੁਲਾਜ਼ਮਾਂ ਨੂੰ ਬਰਖ਼ਾਸਤ ਕਰੋ’ ਦੇ ਨਾਅਰਿਆਂ ਨਾਲ ਪੂਰਾ ਸ਼ਹਿਰ ਗੂੰਜ ਉੱਠਿਆ। ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਸੰਜੀਵ ਘਈ ਨੇ ਕਿਹਾ ਕਿ ਬਰਨਾਲਾ ਵਿੱਚ ਹੋਈ ਕਾਰਵਾਈ ਨੇ ਸਫਾਈ ਸੇਵਕ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਈ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਦੋਸ਼ੀਆਂ ਖ਼ਿਲਾਫ਼ ਤੁਰੰਤ ਕਾਰਵਾਈ ਨਾ ਕੀਤੀ ਅਤੇ ਸਫਾਈ ਕਾਮਿਆਂ ਦੀਆਂ ਜਾਇਜ਼ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਰੋਸ ਮਾਰਚ ਮੁਹੱਲਾ ਰਿਸ਼ੀ ਨਗਰ ਤੋਂ ਸ਼ੁਰੂ ਹੋ ਕੇ ਸਦਰ ਬਾਜ਼ਾਰ, ਥਾਣਾ ਚੌਂਕ, ਗੁਰਦੁਆਰਾ ਬੇਰ ਸਾਹਿਬ ਰੋਡ, ਬੱਸ ਸਟੈਂਡ ਅਤੇ ਤਲਵੰਡੀ ਚੌਕ ਤੱਕ ਪਹੁੰਚਿਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਮਹਿਲਾਵਾਂ ਅਤੇ ਨੌਜਵਾਨ ਵੀ ਸ਼ਾਮਲ ਹੋਏ ਅਤੇ ਡੀਐੱਸਪੀ ਬਰਨਾਲਾ ਅਤੇ ਸੰਬੰਧਤ ਐੱਸਐੱਚਓ ਨੂੰ ਬਰਖ਼ਾਸਤ ਕਰਨ ਦੀ ਮੰਗ ਕੀਤੀ। ਜਥੇਬੰਦੀਆਂ ਨੇ ਵੀ ਕੀਤਾ ਸਮਰਥਨ ਪੇਂਡੂ ਮਜ਼ਦੂਰ ਯੂਨੀਅਨ, ਬਸਪਾ ਕ੍ਰਾਂਤੀਕਾਰੀ, ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਅਤੇ ਹੋਰ ਜਥੇਬੰਦੀਆਂ ਨੇ ਪੰਜਾਬ ਬੰਦ ਨੂੰ ਖੁੱਲ੍ਹਾ ਸਮਰਥਨ ਦਿੱਤਾ। ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾਈ ਆਗੂ ਨਿਰਮਲ ਸਿੰਘ ਸ਼ੇਰਪੁਰ ਸੱਦਾ ਅਤੇ ਬਸਪਾ ਕ੍ਰਾਂਤੀਕਾਰੀ ਦੇ ਆਗੂ ਪ੍ਰਕਾਸ਼ ਸਿੰਘ ਜੱਬੋਵਾਲ ਨੇ ਬਰਨਾਲਾ ਲਾਠੀਚਾਰਜ ਦੀ ਨਿੰਦਾ ਕਰਦਿਆਂ ਕਿਹਾ ਕਿ ਪੀੜਤ ਸਫਾਈ ਸੇਵਕਾਂ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਇਸ ਮੌਕੇ ਪ੍ਰਧਾਨ ਸੰਜੀਵ ਘਈ, ਬ੍ਰਹਮ ਸਰੂਪ ਸਹੋਤਾ, ਗਗਨ ਨਾਹਰ, ਗੌਰਵ, ਸੰਨੀ ਨਾਹਰ, ਰਾਜਕੁਮਾਰ, ਰਿਸ਼ੀ, ਸ਼ੁਭਮ, ਜੋਤੀ, ਕਿਰਨਾ, ਪਰਮਜੀਤ ਕੌਰ, ਰਵੀ, ਰਕੇਸ਼ ਸਹੋਤਾ, ਬਿੱਟੂ, ਗੌਤਮ ਸ਼ਰਮਾ, ਵਿਨੇ, ਸੁਮਨ ਬਾਲਾ, ਮੀਨੂ, ਨਿਰਮਲ ਸਿੰਘ ਸ਼ੇਰਪੁਰ ਸੱਦਾ, ਪ੍ਰਕਾਸ਼ ਸਿੰਘ ਜੱਬੋਵਾਲ ਅਤੇ ਵੱਡੀ ਗਿਣਤੀ ਵਿੱਚ ਸਫਾਈ ਕਰਮਚਾਰੀ ਅਤੇ ਮਹਿਲਾਵਾਂ ਹਾਜ਼ਰ ਸਨ।