ਸੜਕ ਦੀ ਖਸਤਾ ਹਾਲਤ ਕਾਰਨ ਇਲਾਕਾ ਵਾਸੀਆਂ ਲਾਇਆ ਧਰਨਾ ਸੁਲਤਾਨਪੁਰ ਲੋਧੀ ਤੋਂ ਮੁੰਡੀ ਮੋੜ ਮਾਰਗ ਜਾਮ, ਮੰਗੂਪੁਰ ਅੱਡੇ ’ਤੇ ਇਲਾਕਾ ਨਿਵਾਸੀਆਂ ਵੱਲੋਂ ਧਰਨਾ
Publish Date: Thu, 19 Nov 2026 09:32 PM (IST)
Updated Date: Thu, 19 Nov 2026 09:33 PM (IST)
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸੜਕ ਦੀ ਮੁਰੰਮਤ ਕਰਵਾਉਣ ਦਾ ਅਧਿਕਾਰੀਆਂ ਨੇ ਦਿੱਤਾ ਭਰੋਸਾ ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸੁਲਤਾਨਪੁਰ ਲੋਧੀ ਤੋਂ ਮੁੰਡੀ ਮੋੜ ਨੂੰ ਜਾਂਦੀ ਸੜਕ ਦੀ ਖਸਤਾ ਹਾਲਤ ਅਤੇ ਥਾਂ-ਥਾਂ ਪਏ ਡੂੰਘੇ ਟੋਇਆਂ ਤੋਂ ਤੰਗ ਆ ਕੇ ਅੱਜ ਇਲਾਕਾ ਨਿਵਾਸੀਆਂ ਵੱਲੋਂ ਮੰਗੂਪੁਰ ਅੱਡੇ ਵਿਖੇ ਰੋਸ ਧਰਨਾ ਲਗਾ ਕੇ ਆਵਾਜਾਈ ਜਾਮ ਕੀਤੀ ਗਈ। ਧਰਨਾਕਾਰੀਆਂ ਨੇ ਸੜਕ ਦੀ ਤੁਰੰਤ ਮੁਰੰਮਤ ਕਰਵਾਉਣ ਦੀ ਮੰਗ ਕਰਦਿਆਂ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਗਟਾਇਆ। ਇਲਾਕਾ ਨਿਵਾਸੀਆਂ ਦਾ ਕਹਿਣਾ ਸੀ ਕਿ ਇਸ ਸੜਕ ’ਤੇ ਪਹਿਲਾਂ ਵੀ ਕਈ ਵਾਰ ਪੈਚਵਰਕ ਕੀਤਾ ਗਿਆ ਹੈ, ਪਰ ਇਸ ਦੇ ਬਾਵਜੂਦ ਸੜਕ ਦੀ ਹਾਲਤ ਵਿੱਚ ਕੋਈ ਖ਼ਾਸ ਸੁਧਾਰ ਨਹੀਂ ਹੋਇਆ। ਸੜਕ ’ਤੇ ਥਾਂ-ਥਾਂ ਡੂੰਘੇ ਟੋਏ ਹੋਣ ਕਾਰਨ ਹਰ ਰੋਜ਼ ਹਾਦਸੇ ਵਾਪਰ ਰਹੇ ਹਨ ਜਿਸ ਨਾਲ ਪਿਛਲੇ ਇੱਕ ਸਾਲ ਦੌਰਾਨ ਵੱਡੀ ਗਿਣਤੀ ਵਿੱਚ ਮੌਤਾਂ ਹੋ ਚੁੱਕੀਆਂ ਹਨ ਤੇ ਬਹੁਤ ਸਾਰੇ ਲੋਕ ਵਾਹਨਾਂ ਸਮੇਤ ਜ਼ਖਮੀ ਹੋ ਚੁੱਕੇ ਹਨ। ਇਸ ਸੜਕ ਤੋਂ ਦੂਰ-ਦੁਰਾਡੇ ਇਲਾਕਿਆਂ ਦੇ ਲੋਕ ਵੀ ਲੰਘਦੇ ਹਨ, ਜਿਨ੍ਹਾਂ ਨੂੰ ਸੜਕ ’ਤੇ ਪਏ ਟੋਇਆਂ ਬਾਰੇ ਜਾਣਕਾਰੀ ਨਾ ਹੋਣ ਕਾਰਨ ਅਚਾਨਕ ਹਾਦਸਿਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਮੌਕੇ ਸਮਾਜ ਸੇਵੀ ਕਲਵੰਤ ਸਿੰਘ ਨੂਰੋਵਾਲ, ਸਰਪੰਚ ਰੇਸ਼ਮ ਸਿੰਘ ਆਦਿ ਆਗੂਆਂ ਨੇ ਦੱਸਿਆ ਕਿ ਸੜਕ ਦੀ ਖਸਤਾ ਹਾਲਤ ਕਾਰਨ ਪਹਿਲਾਂ ਵੀ ਕਈ ਵੱਡੇ ਹਾਦਸੇ ਵਾਪਰ ਚੁੱਕੇ ਹਨ ਤੇ ਇਸ ਸਥਾਨ ’ਤੇ ਕਈ ਲੋਕ ਆਪਣੀਆਂ ਜਾਨਾਂ ਵੀ ਗੁਆ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੜਕ ’ਤੇ ਪਏ ਟੋਏ ਰਾਹਗੀਰਾਂ ਲਈ ਵੱਡਾ ਖ਼ਤਰਾ ਬਣੇ ਹੋਏ ਹਨ। ਉਨ੍ਹਾਂ ਪ੍ਰਸ਼ਾਸਨ ਤੇ ਸੜਕ ਮਹਿਕਮੇ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਸਿਰਫ਼ ਆਰਜ਼ੀ ਪੈਚਵਰਕ ਦੀ ਬਜਾਏ ਸੜਕ ਦੀ ਪੱਕੇ ਤੌਰ ’ਤੇ ਮੁਰੰਮਤ ਕਰਵਾਈ ਜਾਵੇ, ਤਾਂ ਜੋ ਭਵਿੱਖ ਵਿੱਚ ਕਿਸੇ ਹੋਰ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਰੋਕਿਆ ਜਾ ਸਕੇ। ਧਰਨੇ ਦੌਰਾਨ ਸਾਰਾ ਦਿਨ ਆਵਾਜਾਈ ਪ੍ਰਭਾਵਿਤ ਰਹੀ। ਸ਼ਾਮ ਸਮੇਂ ਐੱਸਡੀਐੱਮ, ਆਈਪੀਐੱਸ ਅਧਿਕਾਰੀ ਤੇ ਪੀਡਬਲਿਊਡੀ ਮਹਿਕਮੇ ਦੇ ਅਧਿਕਾਰੀ ਮੌਕੇ ’ਤੇ ਪਹੁੰਚੇ। ਉਨ੍ਹਾਂ ਨੇ ਧਰਨਾਕਾਰੀਆਂ ਨਾਲ ਗੱਲਬਾਤ ਕਰਦਿਆਂ ਭਰੋਸਾ ਦਿਵਾਇਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ-ਪਹਿਲਾਂ ਸੜਕ ਦਾ ਪੈਚਵਰਕ ਮੁਕੰਮਲ ਕਰਵਾ ਦਿੱਤਾ ਜਾਵੇਗਾ। ਅਧਿਕਾਰੀਆਂ ਦੇ ਭਰੋਸੇ ਤੋਂ ਬਾਅਦ ਧਰਨਾਕਾਰੀਆਂ ਵੱਲੋਂ ਧਰਨਾ ਸਮਾਪਤ ਕਰ ਦਿੱਤਾ ਗਿਆ।