ਜ਼ਿਲ੍ਹੇ ’ਚ ਪੈਟਰੋਲ, ਡੀਜ਼ਲ ਤੇ ਐੱਲਪੀਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡੀਸੀ
ਕਪੂਰਥਲਾ ਵਿੱਚ ਪੈਟਰੋਲ, ਡੀਜ਼ਲ ਅਤੇ ਐਲ.ਪੀ.ਜੀ. ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ: ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ
Publish Date: Wed, 20 May 2026 08:53 PM (IST)
Updated Date: Wed, 20 May 2026 08:55 PM (IST)

-ਆਕਾਸ਼ ਬਾਂਸਲ ਨੇ ਲੋਕਾਂ ਨੂੰ ਅਫਵਾਹਾਂ ਤੋਂ ਬਚਣ ਤੇ ਪੈਨਿਕ ਬੁਕਿੰਗ ਨਾ ਕਰਨ ਦੀ ਅਪੀਲ ਸੁਖਪਾਲ ਸਿੰਘ ਹੁੰਦਲ, ਪੰਜਾਬੀ ਜਾਗਰਣ ਕਪੂਰਥਲਾ : ਡਿਪਟੀ ਕਮਿਸ਼ਨਰ ਕਪੂਰਥਲਾ ਆਕਾਸ਼ ਬਾਂਸਲ ਨੇ ਸਪੱਸ਼ਟ ਕੀਤਾ ਹੈ ਕਿ ਜ਼ਿਲ੍ਹੇ ’ਚ ਪੈਟਰੋਲ, ਡੀਜ਼ਲ ਤੇ ਰਸੋਈ ਗੈਸ (ਐੱਲਪੀਜੀ) ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਜਾਰੀ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਸੋਸ਼ਲ ਮੀਡੀਆ ‘ਤੇ ਫੈਲ ਰਹੀਆਂ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ‘ਤੇ ਵਿਸ਼ਵਾਸ ਨਾ ਕਰਨ ਤੇ ਪੈਨਿਕ ਬੁਕਿੰਗ ਜਾਂ ਬੇਲੋੜਾ ਸਟਾਕ ਇਕੱਠਾ ਕਰਨ ਤੋਂ ਗੁਰੇਜ਼ ਕਰਨ। ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੈਟਰੋਲ ਪੰਪ ਤੇ ਗੈਸ ਏਜੇਂਸੀ ਦੇ ਮਾਲਕਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਪੈਟਰੋਲ ਪੰਪਾਂ ਤੇ ਗੈਸ ਏਜੰਸੀਆਂ ਕੋਲ ਲੁੜੀਂਦੀ ਮਾਤਰਾ ’ਚ ਸਟਾਕ ਉਪਲੱਬਧ ਹੈ ਤੇ ਸਪਲਾਈ ਲੜੀ ਸਾਧਾਰਣ ਢੰਗ ਨਾਲ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਪੈਟਰੋਲ ਪੰਪ ’ਤੇ ਪੈਟਰੋਲ ਜਾਂ ਡੀਜ਼ਲ ਦੀ ਕੋਈ ਕਮੀ ਨਹੀਂ ਹੈ ਅਤੇ ਵਾਹਨਾਂ ’ਚ ਤੇਲ ਭਰਵਾਉਣ ‘ਤੇ ਕੋਈ ਪਾਬੰਦੀ ਨਹੀਂ ਲਗਾਈ ਗਈ। ਲੋਕ ਆਪਣੀ ਆਮ ਲੋੜ ਅਨੁਸਾਰ ਹੀ ਤੇਲ ਤੇ ਗੈਸ ਦੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਪੈਟਰੋਲ, ਡੀਜ਼ਲ ਅਤੇ ਐੱਲਪੀਜੀ ਦੀ ਕਮੀ ਸਬੰਧੀ ਗੁੰਮਰਾਹ ਕਰਨ ਵਾਲੀਆਂ ਖ਼ਬਰਾਂ ਸੋਸ਼ਲ ਮੀਡੀਆ ਰਾਹੀਂ ਫੈਲਾਈਆਂ ਜਾ ਰਹੀਆਂ ਹਨ, ਜਿਸ ਕਾਰਨ ਲੋਕਾਂ ’ਚ ਬੇਵਜ੍ਹਾ ਘਬਰਾਹਟ ਦਾ ਮਾਹੌਲ ਬਣ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਸਥਿਤੀ ‘ਤੇ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਬੰਧਤ ਵਿਭਾਗਾਂ ਤੇ ਤੇਲ ਮਾਰਕੀਟਿੰਗ ਕੰਪਨੀਆਂ ਨਾਲ ਲਗਾਤਾਰ ਸੰਪਰਕ ਬਣਾਇਆ ਹੋਇਆ ਹੈ ਤਾਂ ਜੋ ਆਮ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਿਰਫ਼ ਅਧਿਕਾਰਤ ਜਾਣਕਾਰੀ ’ਤੇ ਹੀ ਭਰੋਸਾ ਕਰਨ ਅਤੇ ਅਫਵਾਹਾਂ ਫੈਲਾਉਣ ਵਾਲੇ ਤੱਤਾਂ ਤੋਂ ਸਾਵਧਾਨ ਰਹਿਣ। ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ ਜਾਂ ਸੰਸਥਾ ਗਲਤ ਜਾਂ ਗੁੰਮਰਾਹ ਕਰਨ ਵਾਲੀਆਂ ਖ਼ਬਰਾਂ ਫੈਲਾ ਕੇ ਲੋਕਾਂ ’ਚ ਡਰ ਦਾ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਡੀਐੱਫਐੱਸਸੀ ਹਰਸ਼ਰਨਜੀਤ ਸਿੰਘ, ਪੈਟਰੋਲ ਪੰਪ ਤੇ ਗੈਸ ਏਜੰਸੀਆਂ ਦੇ ਮਾਲਕ ਹਾਜ਼ਰ ਸਨ।