- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੁਸ਼ੀਲ ਚਮ (ਬੋਬੀ) ਬਣੇ ਆਮ ਆਦਮੀ ਪਾਰਟੀ ਐਕਸਾਈਜ਼ ਐਂਡ ਟੈਕਸੇਸ਼ਨ-2 ਬ੍ਰਾਂਚ, ਵਿਧਾਨ ਸਭਾ ਹਲਕਾ ਫਗਵਾਡਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ

ਪੰਜਾਬੀ ਜਾਗਰਣ ਪ੍ਰਤੀਨਿਧ
ਫਗਵਾੜਾ : ਆਮ ਆਦਮੀ ਪਾਰਟੀ ਵੱਲੋਂ ਅਗਲੇ ਸਾਲ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੰਗਠਨ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਸੁਸ਼ੀਲ ਚਮ (ਬੋਬੀ) ਨੂੰ ਐਕਸਾਈਜ਼ ਐਂਡ ਟੈਕਸੇਸ਼ਨ-2 ਬ੍ਰਾਂਚ, ਵਿਧਾਨ ਸਭਾ ਹਲਕਾ ਫਗਵਾਡਾ ਟਰੇਡਰਜ਼ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਇਸ ਨਿਯੁਕਤੀ ਦਾ ਸਵਾਗਤ ਕਰਦਿਆਂ ਫਗਵਾੜਾ ਖੇਤਰ ਦੇ ਵਪਾਰੀਆਂ, ਉਦਯੋਗਪਤੀਆਂ ਤੇ ਪਾਰਟੀ ਕਾਰਕੁੰਨਾਂ ਨੇ ਕਿਹਾ ਕਿ ਬੋਬੀ ਚਮ ਇਕ ਤਜ਼ੁਰਬੇਕਾਰ ਸਮਾਜਸੇਵੀ ਅਤੇ ਸਰਗਰਮ ਪਾਰਟੀ ਆਗੂ ਹਨ। ਉਹ ਲੰਮੇ ਸਮੇਂ ਤੋਂ ਵਪਾਰੀ ਵਰਗ ਦੀਆਂ ਸਮੱਸਿਆਵਾਂ, ਟੈਕਸੇਸ਼ਨ ਨਾਲ ਸਬੰਧਤ ਮੁਸ਼ਕਿਲਾਂ ਅਤੇ ਸਥਾਨਕ ਮਸਲਿਆਂ ਨੂੰ ਲੈ ਕੇ ਲਗਾਤਾਰ ਆਵਾਜ਼ ਬੁਲੰਦ ਕਰਦੇ ਆ ਰਹੇ ਹਨ। ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਯੋਜਨਾਵਾਂ ਨੂੰ ਵਪਾਰੀਆਂ ਤੱਕ ਪਹੁੰਚਾਉਣ ਵਿਚ ਵੀ ਉਨ੍ਹਾਂ ਦਾ ਅਹਿਮ ਯੋਗਦਾਨ ਰਿਹਾ ਹੈ। ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੇ ਉਨ੍ਹਾਂ ਦੀ ਇਮਾਨਦਾਰ ਕਾਰਜਸ਼ੈਲੀ, ਸੰਗਠਨ ਪ੍ਰਤੀ ਵਫਾਦਾਰੀ ਅਤੇ ਵਪਾਰਕ ਮਾਮਲਿਆਂ ਦੀ ਡੂੰਘੀ ਸਮਝ ਨੂੰ ਧਿਆਨ ਵਿਚ ਰੱਖਦਿਆਂ ਇਹ ਮਹੱਤਵਪੂਰਨ ਜ਼ਿੰਮੇਵਾਰੀ ਦਿੱਤੀ ਹੈ। ਉਨ੍ਹਾਂ ਨੇ ਉਮੀਦ ਪ੍ਰਗਟਾਈ ਕਿ ਬੋਬੀ ਚਮ ਦੀ ਅਗਵਾਈ ਹੇਠ ਟਰੇਡਰਜ਼ ਕਮਿਸ਼ਨ ਵਪਾਰੀਆਂ ਅਤੇ ਸਰਕਾਰ ਦਰਮਿਆਨ ਇਕ ਮਜ਼ਬੂਤ ਪੁਲ ਦਾ ਕੰਮ ਕਰੇਗਾ ਅਤੇ ਐਕਸਾਈਜ਼ ਤੇ ਟੈਕਸੇਸ਼ਨ ਨਾਲ ਜੁੜੇ ਮਸਲਿਆਂ ਵਿਚ ਪਾਰਦਰਸ਼ਤਾ, ਸੌਖਾਪਣ ਅਤੇ ਸਹੂਲਤਾਂ ਨੂੰ ਬੜ੍ਹਾਵਾ ਮਿਲੇਗਾ। ਆਪਣੀ ਨਿਯੁਕਤੀ ‘ਤੇ ਬੋਬੀ ਚਮ ਨੇ ਪਾਰਟੀ ਦੀ ਰਾਸ਼ਟਰੀ ਅਤੇ ਪ੍ਰਦੇਸ਼ ਲੀਡਰਸ਼ਿਪ ਤੋਂ ਇਲਾਵਾ ਹਲਕਾ ਮੈਂਬਰ ਪਾਰਲੀਮੈਂਟ ਡਾ. ਰਾਜਕੁਮਾਰ ਚੱਬੇਵਾਲ, ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ, ਵਿਧਾਨ ਸਭਾ ਹਲਕਾ ਇੰਚਾਰਜ ਹਰਨੂਰ ਸਿੰਘ (ਹਰਜੀ) ਮਾਨ ਅਤੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਲੁਬਾਣਾ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਹ ਵਪਾਰਕ ਭਾਈਚਾਰੇ ਦੀਆਂ ਸਮੱਸਿਆਵਾਂ ਨੂੰ ਤਰਜੀਹ ਦੇ ਆਧਾਰ ‘ਤੇ ਉਠਾਉਣਗੇ ਤੇ ਉਨ੍ਹਾਂ ਦੇ ਹੱਲ ਲਈ ਸਬੰਧਤ ਵਿਭਾਗਾਂ ਨਾਲ ਤਾਲਮੇਲ ਬਣਾ ਕੇ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਪਾਰੀਆਂ ਦੇ ਹਿੱਤਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਉਹ ਇਸ ਭਰੋਸੇ ‘ਤੇ ਖਰਾ ਉਤਰਣ ਲਈ ਹਰ ਸੰਭਵ ਯਤਨ ਕਰਨਗੇ। ਇਸ ਮੌਕੇ ਬੋਬੀ ਚਮ ਦੇ ਸ਼ੁਭਚਿੰਤਕਾਂ ਨੇ ਉਨ੍ਹਾਂ ਨੂੰ ਵਧਾਈਆਂ ਦਿੰਦਿਆਂ ਭਰੋਸਾ ਜਤਾਇਆ ਕਿ ਉਨ੍ਹਾਂ ਦੀ ਨਿਯੁਕਤੀ ਨਾਲ ਸੰਗਠਨ ਨੂੰ ਨਵੀਂ ਊਰਜਾ ਮਿਲੇਗੀ ਅਤੇ ਫਗਵਾੜਾ ਹਲਕੇ ਵਿਚ ਪਾਰਟੀ ਦੀ ਪਕੜ ਹੋਰ ਮਜ਼ਬੂਤ ਹੋਵੇਗੀ। ਵਪਾਰਕ ਸੰਗਠਨਾਂ ਨੇ ਵੀ ਇਸ ਫੈਸਲੇ ਦਾ ਸਵਾਗਤ ਕਰਦਿਆਂ ਉਮੀਦ ਪ੍ਰਗਟਾਈ ਕਿ ਹੁਣ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਹੋਰ ਵੀ ਗੰਭੀਰਤਾ ਨਾਲ ਸੁਣਿਆ ਜਾਵੇਗਾ।