ਜ਼ਿਲ੍ਹਾ ਪ੍ਰੀਸ਼ਦ ਦੇ 10 ਤੇ ਬਲਾਕ ਸੰਮਤੀ ਦੇ 88 ਨਵੇਂ ਚੁਣੇ ਮੈਂਬਰਾਂ ਸਹੁੰ ਚੁੱਕੀ
ਜ਼ਿਲ੍ਹਾ ਪ੍ਰੀਸ਼ਦ ਦੇ 10 ਤੇ ਬਲਾਕ ਸੰਮਤੀ ਦੇ 88 ਨਵੇਂ ਚੁਣੇ ਮੈਂਬਰਾਂ ਦਾ ਸਹੁੰ ਚੁੱਕ ਸਮਾਗਮ
Publish Date: Fri, 27 Feb 2026 07:31 PM (IST)
Updated Date: Fri, 27 Feb 2026 07:34 PM (IST)

--ਏਡੀਸੀ ਨੇ ਸਹੁੰ ਚੁਕਵਾਉਣ ਦੀ ਰਸਮ ਨਿਭਾਈ ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਵਿਰਸਾ ਵਿਹਾਰ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੰਚਾਇਤ ਸੰਮਤੀ ਦੇ 88 ਤੇ ਜ਼ਿਲ੍ਹਾ ਪ੍ਰੀਸ਼ਦ ਦੇ 10 ਨਵੇਂ ਚੁਣੇ ਗਏ ਮੈਂਬਰਾਂ ਲਈ ਇਕ ਵਿਸ਼ੇਸ਼ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ ਨੇ ਨਵੇਂ ਚੁਣੇ ਨੁਮਾਇੰਦਿਆਂ ਨੂੰ ਅਹੁਦੇ ਪ੍ਰਤੀ ਸੱਚੀ ਸ਼ਰਧਾ, ਭਾਰਤ ਦੀ ਪ੍ਰਭੂਸੱਤਾ ਤੇ ਅਖੰਡਤਾ ਨੂੰ ਕਾਇਮ ਰੱਖਣ, ਬਿਨਾਂ ਕਿਸੇ ਡਰ, ਪੱਖਪਾਤ, ਸੰਦੇਹ ਜਾਂ ਮਾੜੀ ਭਾਵਨਾ, ਭਾਰਤ ਦੇ ਸੰਵਿਧਾਨ ਤੇ ਕਾਨੂੰਨ ਮੁਤਾਬਿਕ ਨਿਆਂ ਕਰਨ ਦੀ ਸਹੁੰ ਚੁਕਾਈ। ਇਸ ਮੌਕੇ ਉਨ੍ਹਾਂ ਨਾਲ ਕਪੂਰਥਲਾ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ, ਹਲਕਾ ਭੁਲੱਥ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ, ਸੁਲਤਾਨਪੁਰ ਲੋਧੀ ਤੋਂ ਹਲਾਕ ਇੰਚਾਰਜ ਤੇ ਚੇਅਰਮੈਨ ਨਗਰ ਸੁਧਾਰ ਟਰੱਸਟ ਸੱਜਣ ਸਿੰਘ ਚੀਮਾ ਤੇ ਡੀਡੀਪੀਓ ਗੁਰਪ੍ਰਤਾਪ ਸਿੰਘ ਵੀ ਹਾਜ਼ਰ ਸਨ। ਇਸ ਮੌਕੇ ਚੁਣੇ ਗਏ ਨਵੇਂ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ ਨੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੇ ਮੈਂਬਰ ਲੋਕਤੰਤਰ ਪ੍ਰਣਾਲੀ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਸਮੂਹ ਮੈਂਬਰਾਂ ਨੂੰ ਕਿਹਾ ਕਿ ਉਹ ਪੂਰੀ ਇਮਾਨਦਾਰੀ ਨਾਲ ਸਰਕਾਰ ਵੱਲੋਂ ਪ੍ਰਾਪਤ ਗ੍ਰਾਂਟਾਂ ਦੀ ਵਰਤੋਂ ਯਕੀਨੀ ਬਣਾਉਣ ਤਾਂ ਜੋ ਪਿੰਡਾਂ ਨੂੰ ਹਰ ਪੱਖੋਂ ਉੱਤਮ ਬਣਾਇਆ ਜਾ ਸਕੇ। ਉਨ੍ਹਾਂ ਅਪੀਲ ਕੀਤੀ ਕਿ ਉਹ ਲੋਕਾਂ ਵੱਲੋਂ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਲਗਨ, ਇਮਾਨਦਾਰੀ, ਪਾਰਦਰਸ਼ਤਾ ਤੇ ਨਿਰਪੱਖਤਾ ਨਾਲ ਨਿਭਾਉਣ।