‘ਆਪਣਾ ਪਿੰਡ ਸੰਭਾਲੋ’ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ, 150 ਪਿੰਡਾਂ ਨੇ ਦਿੱਤਾ ਸਾਥ ਆਪਣਾ ਪਿੰਡ ਸੰਭਾਲੋ’ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ, 150 ਪਿੰਡਾਂ ਨੇ ਦਿੱਤਾ ਸਾਥ
Publish Date: Thu, 20 Aug 2026 08:48 PM (IST)
Updated Date: Thu, 20 Aug 2026 08:51 PM (IST)
ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਵਿਖੇ 50 ਤੋਂ ਵੱਧ ਪਿੰਡਾਂ ਦੇ ਪੰਚਾਂ-ਸਰਪੰਚਾਂ ਦੀ ਇਕੱਤਰਤਾ ਮੁਹਿੰਮ ਤਹਿਤ ਪਿੰਡ ਪੱਧਰ ’ਤੇ ਕਰੀਬ 150 ਗ੍ਰਾਮ ਹੈਰੋਇਨ ਤੇ 8 ਮੋਟਰਸਾਈਕਲ ਬਰਾਮਦ ਪੁਲਿਸ ਵਿਚਲੀਆਂ ‘ਕਾਲੀਆਂ ਭੇਡਾਂ’ ਦੀ ਨਿਸ਼ਾਨਦੇਹੀ ਹੋਵੇ : ਸੰਤ ਸੀਚੇਵਾਲ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਕੁਲਬੀਰ ਸਿੰਘ ਮਿੰਟੂ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਪੰਜਾਬ ਦੇ ਪਿੰਡਾਂ ਨੂੰ ਨਸ਼ਿਆਂ ਦੀ ਦਲਦਲ ’ਚੋਂ ਕੱਢਣ ਅਤੇ ਨੌਜਵਾਨ ਪੀੜ੍ਹੀ ਨੂੰ ਚਿੱਟੇ ਵਰਗੇ ਮਾਰੂ ਨਸ਼ਿਆਂ ਤੋਂ ਬਚਾਉਣ ਲਈ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਸ਼ੁਰੂ ਕੀਤੀ ਗਈ ‘ਆਪਣਾ ਪਿੰਡ ਸੰਭਾਲੋ’ ਮੁਹਿੰਮ ਨੂੰ ਵੱਡਾ ਹੁੰਗਾਰਾ ਮਿਲ ਰਿਹਾ ਹੈ। 22 ਦਿਨ ਪਹਿਲਾਂ ਪਿੰਡ ਸੀਚੇਵਾਲ ਤੋਂ ਸ਼ੁਰੂ ਹੋਈ ਇਸ ਮੁਹਿੰਮ ਨਾਲ ਹੁਣ ਤੱਕ ਕਰੀਬ 150 ਪਿੰਡ ਜੁੜ ਚੁੱਕੇ ਹਨ ਅਤੇ ਲੋਕ ਖੁਦ ਅੱਗੇ ਆ ਕੇ ਨਸ਼ਾ ਤਸਕਰਾਂ ਖ਼ਿਲਾਫ਼ ਮੋਰਚਾ ਸੰਭਾਲ ਰਹੇ ਹਨ। ਇਸੇ ਤਹਿਤ ਵੀਰਵਾਰ ਨੂੰ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਵਿਖੇ 50 ਤੋਂ ਵੱਧ ਪਿੰਡਾਂ ਦੇ ਪੰਚਾਂ-ਸਰਪੰਚਾਂ ਨਾਲ ਵਿਸ਼ੇਸ਼ ਇਕੱਤਰਤਾ ਕੀਤੀ ਗਈ। ਬੈਠਕ ਦੀ ਅਗਵਾਈ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕੀਤੀ। ਇਸ ਮੌਕੇ ਕਪੂਰਥਲਾ ਦੇ ਐੱਸ.ਐੱਸ.ਪੀ. ਗੌਰਵ ਤੂਰਾ, ਡੀ.ਐੱਸ.ਪੀ. ਸੁਲਤਾਨਪੁਰ ਲੋਧੀ ਧੀਰੇਂਦਰ ਵਰਮਾ, ਹਲਕਾ ਸੁਲਤਾਨਪੁਰ ਲੋਧੀ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਸੱਜਣ ਸਿੰਘ ਚੀਮਾ, ਐੱਸਐਚਓ ਦਵਿੰਦਰਪਾਲ ਸਿੰਘ ਸਮੇਤ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਦੇ ਸਰਪੰਚ, ਪੰਚ ਅਤੇ ਨੁਮਾਇੰਦੇ ਹਾਜ਼ਰ ਸਨ। ਇਸ ਦੌਰਾਨ ਪਿੰਡ ਲਾਟੀਆਂ, ਤੋਤੀ ਅਤੇ ਨਸੀਰੇਵਾਲ ਕੇਂਦਰ ਬਿੰਦੂ ਵਿੱਚ ਰਹੇ। ਇਸ ਮੌਕੇ ਸੰਤ ਸੀਚੇਵਾਲ ਨੇ ਕਿਹਾ ਕਿ ‘ਆਪਣਾ ਪਿੰਡ ਸੰਭਾਲੋ’ ਮੁਹਿੰਮ ਹੁਣ ਜ਼ਮੀਨੀ ਪੱਧਰ ’ਤੇ ਰੰਗ ਲਿਆਉਣ ਲੱਗੀ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਲਗਭਗ ਇੱਕ ਹਫ਼ਤੇ ਦੌਰਾਨ ਪਿੰਡ ਪੱਧਰ ’ਤੇ ਕਰੀਬ 150 ਗ੍ਰਾਮ ਹੈਰੋਇਨ ਬਰਾਮਦ, ਨਸ਼ਾ ਤਸਕਰੀ ਨਾਲ ਸਬੰਧਤ 8 ਮੋਟਰਸਾਈਕਲ ਕਬਜ਼ੇ ਵਿੱਚ ਲੈ ਕੇ ਪੁਲਿਸ ਹਵਾਲੇ ਕੀਤੇ ਗਏ ਹਨ। ਸੰਤ ਸੀਚੇਵਾਲ ਨੇ ਕਿਹਾ ਕਿ ਜੇਕਰ ਹਰ ਪਿੰਡ ਦੇ ਲੋਕ ਆਪਣੇ ਪਿੰਡ ਦੀ ਜ਼ਿੰਮੇਵਾਰੀ ਖੁਦ ਸੰਭਾਲਣ ਤਾਂ ਹੀ ਨਸ਼ਿਆਂ ਦੀ ਸਪਲਾਈ ਨੂੰ ਜ਼ਮੀਨੀ ਪੱਧਰ ’ਤੇ ਰੋਕਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੀ ਲਤ ਵਿੱਚ ਫਸੇ ਨੌਜਵਾਨਾਂ ਨੂੰ ਨਫ਼ਰਤ ਦੀ ਨਹੀਂ, ਸਗੋਂ ਇਲਾਜ, ਸਹਿਯੋਗ ਅਤੇ ਮੁੜ ਵਸੇਬੇ ਦੀ ਲੋੜ ਹੈ। ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਨਸ਼ਿਆਂ ਸਬੰਧੀ ਸ਼ਿਕਾਇਤਾਂ ਦਰਜ ਕਰਵਾਉਣ ਲਈ ਇੱਕ ਵਿਸ਼ੇਸ਼ ਹੈਲਪਲਾਈਨ ਨੰਬਰ ਜਾਰੀ ਕੀਤਾ ਜਾਵੇ, ਜਿਸ ’ਤੇ ਲੋਕ ਬਿਨਾਂ ਕਿਸੇ ਡਰ ਦੇ ਜਾਣਕਾਰੀ ਦੇ ਸਕਣ ਅਤੇ ਸ਼ਿਕਾਇਤਕਰਤਾ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇ। ਸੰਤ ਸੀਚੇਵਾਲ ਨੇ ਕਿਹਾ ਕਿ ਇੱਕ ਨੌਜਵਾਨ ਨੂੰ ਨਸ਼ੇ ਤੋਂ ਬਚਾਉਣਾ ਪੂਰੇ ਪਰਿਵਾਰ ਨੂੰ ਬਚਾਉਣ ਦੇ ਬਰਾਬਰ ਹੈ। ਉਨ੍ਹਾਂ ਪੁਲਿਸ ਵਿਭਾਗ ਅੰਦਰ ਮੌਜੂਦ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਕਰਨ ਵਾਲੇ ਅਨਸਰਾਂ ਦੀ ਵੀ ਨਿਸ਼ਾਨਦੇਹੀ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ । ਕਪੂਰਥਲਾ ਦੇ ਐੱਸ.ਐੱਸ.ਪੀ. ਗੌਰਵ ਤੂਰਾ ਨੇ ਕਿਹਾ ਕਿ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਚਲਾਈ ਜਾ ਰਹੀ ‘ਆਪਣਾ ਪਿੰਡ ਸੰਭਾਲੋ’ ਮੁਹਿੰਮ ਨਾਲ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਵੱਡੀ ਮਜ਼ਬੂਤੀ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਨੂੰ ਰੋਕਣ ਵਿੱਚ ਸਮਾਜ ਦੀ ਭੂਮਿਕਾ ਸਭ ਤੋਂ ਅਹਿਮ ਹੈ ਅਤੇ ਪੁਲਿਸ ਪ੍ਰਸ਼ਾਸਨ ਹਰ ਕਦਮ ’ਤੇ ਪਿੰਡਾਂ ਦੇ ਲੋਕਾਂ ਅਤੇ ਪੰਚਾਇਤਾਂ ਦੇ ਨਾਲ ਖੜ੍ਹਾ ਹੈ। ਐੱਸ.ਐੱਸ.ਪੀ. ਗੌਰਵ ਤੂਰਾ ਨੇ ਦੱਸਿਆ ਕਿ ਨਸ਼ਿਆਂ ਸਬੰਧੀ ਜਾਣਕਾਰੀ ਦੇਣ ਲਈ ਪੁਲਿਸ ਵੱਲੋਂ ਇੱਕ ਸੰਪਰਕ ਨੰਬਰ ਜਾਰੀ ਕੀਤਾ ਗਿਆ ਹੈ 9779100200, ਜਿਸ ’ਤੇ ਸ਼ਿਕਾਇਤਕਰਤਾ ਆਪਣੀ ਜਾਣਕਾਰੀ ਗੁਪਤ ਰੱਖਦਿਆਂ ਸ਼ਿਕਾਇਤ ਕਰ ਸਕਦਾ ਹੈ। ਬੈਠਕ ਦੌਰਾਨ ਪਿੰਡਾਂ ਦੀਆਂ ਪੰਚਾਇਤਾਂ ਨੇ ਸਾਂਝੇ ਤੌਰ ’ਤੇ ਅਹਿਦ ਲਿਆ ਕਿ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹਰ ਪਿੰਡ ਵਿੱਚ ਹੋਰ ਮਜ਼ਬੂਤ ਕੀਤਾ ਜਾਵੇਗਾ। ਪੰਚਾਂ-ਸਰਪੰਚਾਂ ਨੇ ਕਿਹਾ ਕਿ ਨਸ਼ੇ ਦੀ ਲਤ ਵਿੱਚ ਫਸੇ ਨੌਜਵਾਨਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਤੱਕ ਪਹੁੰਚਾਉਣ ਅਤੇ ਉਨ੍ਹਾਂ ਦੇ ਇਲਾਜ ਤੇ ਮੁੜ ਵਸੇਬੇ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਹਲਕਾ ਸੁਲਤਾਨਪੁਰ ਲੋਧੀ ਦੇ ਇੰਚਾਰਜ ਸੱਜਣ ਸਿੰਘ ਚੀਮਾ ਨੇ ਕਿਹਾ ਕਿ ਸੰਤ ਸੀਚੇਵਾਲ ਵੱਲੋਂ ‘ਆਪਣਾ ਪਿੰਡ ਸੰਭਾਲੋ’ ਮੁਹਿੰਮ ਦੀ ਸ਼ੁਰੂਆਤ ਕਰਨਾ ਸਮੇਂ ਦੀ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਲੋਕਾਂ ਦਾ ਨਸ਼ਿਆਂ ਵਿਰੁੱਧ ਖੁਦ ਅੱਗੇ ਆਉਣਾ ਇਸ ਗੱਲ ਦਾ ਸਬੂਤ ਹੈ ਕਿ ਸਮਾਜ ਵਿੱਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਵਧ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਇਸ ਮੁਹਿੰਮ ਨੂੰ ਹਰ ਪਿੰਡ ਤੱਕ ਲੈ ਕੇ ਜਾਣ ਲਈ ਪੂਰਨ ਸਹਿਯੋਗ ਦਿੱਤਾ ਜਾਵੇਗਾ ।