ਵਿਕਾਸ ਦੇ ਏਜੰਡੇ ਨੂੰ ਲੋਕਾਂ ਤੱਕ ਪਹੁੰਚਾਉਣ ਵਰਕਰ : ਆਦਿਲ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਵਿਕਾਸ ਦੇ ਏਜੰਡੇ ਨੂੰ ਲੋਕਾਂ ਤੱਕ ਪਹੁੰਚਾਉਣ ਵਰਕਰ-ਆਦਿਲ ਅਹਮਦ ਖ਼ਾਨ
Publish Date: Mon, 16 Nov 2026 07:54 PM (IST)
Updated Date: Mon, 16 Nov 2026 07:57 PM (IST)
ਅਮਰੀਕ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਅਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਵਰਕਰਾਂ ਨੂੰ ਲਾਮਬੰਦ ਕਰਨ ਲਈ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਪੰਜਾਬ ਦੇ ਅਬਜ਼ਰਵਰ ਆਦਿਲ ਅਹਮਦ ਖ਼ਾਨ ਕਪੂਰਥਲਾ ਪਹੁੰਚੇ। ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਦਵਿੰਦਰਪਾਲ ਸਿੰਘ ਹੰਸਪਾਲ ਰੰਗਾਂ ਤੇ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਰਾਜੂ ਦੀ ਅਗਵਾਈ ਹੇਠ ਆਪ ਆਗੂਆਂ ਵੱਲੋਂ ਆਦਿਲ ਅਹਮਦ ਖ਼ਾਨ ਨੂੰ ਫੁੱਲਾਂ ਦਾ ਬੁੱਕਾ ਦੇ ਕੇ ਸਵਾਗਤ ਕੀਤਾ ਗਿਆ। ਇਸ ਮੌਕੇ ਆਦਿਲ ਅਹਮਦ ਖ਼ਾਨ ਨੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਰਕਾਰ ਦੀਆਂ ਪ੍ਰਾਪਤੀਆਂ ਤੇ ਵਿਕਾਸ ਦੇ ਏਜੰਡੇ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਪਾਰਟੀ ਦੇ ਢਾਂਚੇ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਤੇ ਵਿਰੋਧੀ ਪਾਰਟੀਆਂ ਦੀਆਂ ਨੀਤੀਆਂ ਦਾ ਡਟ ਕੇ ਸਾਹਮਣਾ ਕਰਨ ’ਤੇ ਜ਼ੋਰ ਦਿੱਤਾ। ਇਸ ਮੌਕੇ ਆਦਿਲ ਅਹਮਦ ਖ਼ਾਨ ਨੇ ਕਿਹਾ ਕਿ ਕਾਂਗਰਸ, ਅਕਾਲੀ ਦਲ ਤੇ ਭਾਜਪਾ ਦੀਆਂ ਸਰਕਾਰ ਨੇ ਪੰਜਾਬ ਨੂੰ ਸਿਰਫ਼ ਵਿਨਾਸ਼ ਵੱਲ ਧੱਕਿਆ। ਵਿਕਾਸ ਦੇ ਨਾਮ ’ਤੇ ਪੰਜਾਬ ਦੇ ਲੋਕਾਂ ਨੂੰ ਸਿਰਫ਼ ਮੂਰਖ ਬਣਾਇਆ ਤੇ ਆਪਣੀਆਂ ਜੇਬਾਂ ਭਰੀਆਂ। 2022 ਵਿਚ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਪ੍ਰਤੀ ਆਪਣਾ ਵਿਸ਼ਵਾਸ ਜਤਾਇਆ ਤੇ ਸੂਬੇ ਅੰਦਰ ਆਪ ਸਰਕਾਰ ਬਣਾਈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸਾਢੇ ਚਾਰ ਸਾਲ ਤੋਂ ਵੱਧ ਦਾ ਸਮਾਂ ਹੋ ਗਿਆ ਹੈ। ਸਰਕਾਰ ਨੇ ਸੂਬੇ ਦੇ ਹਰ ਖੇਤਰ ਦਾ ਵਿਕਾਸ ਕਰਵਾਇਆ। ਲੋਕਾਂ ਨਾਲ ਜੋ-ਜੋ ਵਾਅਦੇ ਕੀਤੇ ਗਏ ਸਨ, ਉਹ ਸਾਰੇ ਵਾਅਦੇ ਪੂਰੇ ਕੀਤੇ ਗਏ। ਪੰਜਾਬ ਦੇ ਹਜ਼ਾਰਾਂ ਹੀ ਪੜ੍ਹੇ-ਲਿਖੇ ਬੇਰੁਜ਼ਗਾਰ ਨੌਜਵਾਨ ਲੜਕੇ-ਲੜਕੀਆਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ। ਉਦਯੋਗਿਕ ਖੇਤਰ ਨੂੰ ਹੋਰ ਪ੍ਰਫੁੱਲਤ ਕਰਨ ਲਈ ਸਰਕਾਰ ਨੇ ਨਵੀਆਂ-ਨਵੀਆਂ ਯੋਜਨਾਵਾਂ ਚਲਾਈਆਂ। ਸਿਹਤ ਸੇਵਾਵਾਂ ਵਿਚ ਵੱਡਾ ਸੁਧਾਰ ਲਿਆਂਦਾ ਗਿਆ ਤੇ ਅੱਜ ਪੰਜਾਬ ਦੇ ਸਾਰੇ ਹੀ ਸਰਕਾਰੀ ਹਸਪਤਾਲਾਂ ਵਿਚ ਜਿਥੇ ਲੋਕਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਮਿਲ ਰਹੀਆਂ ਹਨ ਤੇ ਉਥੇ ਹੀ ਹਰ ਤਰ੍ਹਾਂ ਦੇ ਟੈਸਟ ਤੇ ਸਾਰੀਆਂ ਦਵਾਈਆਂ ਲੋਕਾਂ ਨੂੰ ਮੁਫ਼ਤ ਵਿਚ ਮਿਲ ਰਹੀਆਂ ਹਨ। ਸਿੱਖਿਆ ਦੇ ਖੇਤਰ ਵਿਚ ਪੰਜਾਬ ਸਰਕਾਰ ਨੇ ਵੱਡੀ ਕ੍ਰਾਂਤੀ ਲਿਆਂਦੀ। ਪੰਜਾਬ ਸਰਕਾਰ ਨੇ ਸਕੂਲ ਆਫ ਐਮੀਨੈਂਸ ਰਾਹੀਂ ਸਿੱਖਿਆ ਦੇ ਖੇਤਰ ਵਿਚ ਉਹ ਕਰਕੇ ਦਿਖਾਇਆ, ਜੋ ਪਿਛਲੀਆਂ ਸਰਕਾਰਾਂ ਸੋਚ ਵੀ ਨਹੀਂ ਸਕਦੀਆਂ। ਉਨ੍ਹਾਂ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਤਗੜੇ ਹੋ ਕੇ ਕੰਮ ਕਰਨ ਦੀ ਅਪੀਲ ਕੀਤੀ ਤੇ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਤੇ ਸਰਕਾਰ ਦਾ ਮੁੱਖ ਮਕਸਦ ਲੋਕਾਂ ਨੂੰ ਬੇਹਤਰੀ ਸਹੂਲਤਾਂ ਪ੍ਰਦਾਨ ਕਰਨੀਆਂ ਹਨ। ਆਦਿਲ ਅਹਿਮਦ ਖ਼ਾਨ ਨੇ ਕਿਹਾ ਕਿ ਅੱਜ ਦੇ ਇਸ ਪ੍ਰੋਗਰਾਮ ਵਿੱਚ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੂੰ ਇਹੋ ਅਪੀਲ ਕਰਦਾ ਹਾਂ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹੁਣ ਤੋਂ ਹੀ ਤਗੜੇ ਹੋ ਜਾਓ ਤੇ ਜਿਹੜੀ ਕਮੀ 2022 ਦੀਆਂ ਚੋਣਾਂ ਵਿੱਚ ਜ਼ਿਲ੍ਹਾ ਕਪੂਰਥਲਾ ’ਚ ਰਹਿ ਗਈ ਸੀ, ਉਹ ਨਹੀਂ ਰਹਿਣ ਦਿੱਤੀ ਜਾਵੇਗੀ ਤੇ ਸਾਰੀ ਦੀਆਂ ਸਾਰੀਆਂ ਸੀਟਾਂ ਜਿੱਤ ਕੇ ਆਮ ਆਦਮੀ ਪਾਰਟੀ ਦੀ ਝੋਲੀ ਵਿਚ ਪਾਈ ਜਾਣਗੀਆਂ। ਇਸ ਮੌਕੇ ਮੇਅਰ ਨਰਿੰਦਰ ਮੰਨਸੂ, ਸੀਨੀਅਰ ਆਗੂ ਪਰਮਿੰਦਰ ਸਿੰਘ ਢੋਟ, ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ, ਹਲਕਾ ਸੰਗਠਨ ਇੰਚਾਰਜ ਹੇਨੰਤ ਕੁਮਾਰ, ਸੀਨੀਅਰ ਆਗੂ ਕੰਵਰ ਇਕਬਾਲ ਸਿੰਘ, ਜ਼ਿਲ੍ਹਾ ਮੀਡੀਆ ਇੰਚਾਰਜ ਇੰਦਰਜੀਤ ਸਿੰਘ ਜੁਗਨੂੰ, ਐਡਵੋਕੇਟ ਹਰਪ੍ਰੀਤ ਕਪੂਰ, ਚੇਅਰਮੈਨ ਸਮੀਰ ਸ਼ਰਮਾ, ਸੀਨੀਅਰ ਆਗੂ ਕਰਨ ਮਹਾਜਨ, ਕੌਂਸਲਰ ਅਨਿਲ ਸ਼ੁਕਲਾ, ਸਾਬਕਾ ਸੀਨੀਅਰ ਡਿਪਟੀ ਮੇਅਰ ਰਾਹੁਲ ਕੁਮਾਰ, ਦੀਪਿਕਾ ਸ਼ੀਤਲ, ਬਲਾਕ ਪ੍ਰਧਾਨ ਦੀਪਕ ਕੁਮਾਰ, ਵਰੁਣ ਬਾਂਗੜ ਆਦਿ ਹਾਜ਼ਰ ਸਨ।