ਲਾਇਲਪੁਰ ਖ਼ਾਲਸਾ ਕਾਲਜ ’ਚ ਕਰਵਾਇਆ ਟੇਲੈਂਟ ਹੰਟ ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਵਿਦਿਆਰਥੀਆਂ ਅੰਦਰ ਛੁਪੀ ਪ੍ਰਤਿਭਾ ਨੂੰ ਨਿਖਾਰਨ ਲਈ ਕਰਵਾਇਆ ਟੇਲੈਂਟ ਹੰਟ
Publish Date: Mon, 14 Sep 2026 07:56 PM (IST)
Updated Date: Mon, 14 Sep 2026 07:59 PM (IST)
ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਵਿਖੇ ਵਿਦਿਆਰਥੀਆਂ ਅੰਦਰ ਛੁਪੀ ਪ੍ਰਤਿਭਾ ਨੂੰ ਪਛਾਣਨ, ਉਸ ਨੂੰ ਉਚਿਤ ਮੰਚ ਪ੍ਰਦਾਨ ਕਰਨ ਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਟੇਲੈਂਟ ਹੰਟ ਪ੍ਰੋਗਰਾਮ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਕਾਲਜ ਦੇ ਵਿਦਿਆਰਥੀਆਂ ਨੇ ਵੱਖ-ਵੱਖ ਕਲਾਤਮਕ ਤੇ ਸੱਭਿਆਚਾਰਕ ਵੰਨਗੀਆਂ ਵਿੱਚ ਭਾਗ ਲੈ ਕੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਟੇਲੈਂਟ ਹੰਟ ਦੌਰਾਨ ਵਿਦਿਆਰਥੀਆਂ ਨੇ ਗਾਇਨ, ਲੋਕ ਗੀਤ, ਕਵਿਤਾ, ਭਾਸ਼ਣ, ਨ੍ਰਿਤ, ਗਿੱਧਾ, ਸੰਗੀਤ, ਅਦਾਕਾਰੀ ਤੇ ਹੋਰ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਆਪਣੀ ਕਲਾ ਦਾ ਪ੍ਰਗਟਾਵਾ ਕੀਤਾ। ਵਿਦਿਆਰਥੀਆਂ ਨੇ ਪੂਰੇ ਉਤਸ਼ਾਹ, ਆਤਮ-ਵਿਸ਼ਵਾਸ ਤੇ ਸਿਰਜਣਾਤਮਕਤਾ ਨਾਲ ਆਪਣੀਆਂ ਪੇਸ਼ਕਾਰੀਆਂ ਦਿੱਤੀਆਂ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਨੇ ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਨੂੰ ਬੜੇ ਧਿਆਨ ਨਾਲ ਦੇਖਿਆ ਤੇ ਉਨ੍ਹਾਂ ਦੀ ਪ੍ਰਤਿਭਾ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਹਰ ਵਿਦਿਆਰਥੀ ਅੰਦਰ ਕੋਈ ਨਾ ਕੋਈ ਵਿਸ਼ੇਸ਼ ਪ੍ਰਤਿਭਾ ਜ਼ਰੂਰ ਹੁੰਦੀ ਹੈ, ਲੋੜ ਸਿਰਫ਼ ਉਸ ਪ੍ਰਤਿਭਾ ਨੂੰ ਪਛਾਣਨ ਤੇ ਉਸ ਨੂੰ ਸਹੀ ਦਿਸ਼ਾ ਦੇਣ ਦੀ ਹੁੰਦੀ ਹੈ। ਡਾ. ਢਿੱਲੋਂ ਨੇ ਕਿਹਾ ਕਿ ਸਿੱਖਿਆ ਦਾ ਮਕਸਦ ਕੇਵਲ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਪ੍ਰਦਾਨ ਕਰਨਾ ਨਹੀਂ, ਸਗੋਂ ਉਨ੍ਹਾਂ ਦੀ ਸ਼ਖ਼ਸੀਅਤ ਦੇ ਹਰ ਪੱਖ ਦਾ ਵਿਕਾਸ ਕਰਨਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਟੇਲੈਂਟ ਹੰਟ ਵਿਦਿਆਰਥੀਆਂ ਨੂੰ ਆਪਣੀ ਕਲਾ ਨੂੰ ਵੱਡੇ ਮੰਚਾਂ ਤੱਕ ਲੈ ਕੇ ਜਾਣ ਲਈ ਇੱਕ ਮਜ਼ਬੂਤ ਆਧਾਰ ਪ੍ਰਦਾਨ ਕਰਦੇ ਹਨ। ਉਨ੍ਹਾਂ ਨੇ ਟੇਲੈਂਟ ਹੰਟ ਵਿੱਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮੁਕਾਬਲਿਆਂ ਵਿੱਚ ਜਿੱਤ ਜਾਂ ਹਾਰ ਨਾਲੋਂ ਭਾਗ ਲੈਣਾ ਤੇ ਆਪਣੀ ਪ੍ਰਤਿਭਾ ਨੂੰ ਨਿਖਾਰਨਾ ਵਧੇਰੇ ਮਹੱਤਵਪੂਰਨ ਹੈ। ਇਸ ਮੌਕੇ ਕਾਲਜ ਦੇ ਡੀਨ, ਕਲਚਰਲ ਅਫੇਅਰਜ਼ ਪ੍ਰੋ. ਮਨਜਿੰਦਰ ਸਿੰਘ ਜੌਹਲ ਨੇ ਸਮਾਗਮ ਦੀ ਸਫ਼ਲਤਾ ਲਈ ਸਹਿਯੋਗ ਦੇਣ ਵਾਲੇ ਸਮੂਹ ਅਧਿਆਪਕਾਂ, ਪ੍ਰਬੰਧਕਾਂ ਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਦੇ ਪ੍ਰਦਰਸ਼ਨ ਲਈ ਮੰਚ ਮੁਹੱਈਆ ਕਰਵਾਉਣਾ ਬਹੁਤ ਜ਼ਰੂਰੀ ਹੈ, ਕਿਉਂਕਿ ਇਸ ਨਾਲ ਉਨ੍ਹਾਂ ਅੰਦਰ ਆਪਣੀ ਯੋਗਤਾ ਪ੍ਰਤੀ ਵਿਸ਼ਵਾਸ ਪੈਦਾ ਹੁੰਦਾ ਹੈ ਤੇ ਉਹ ਭਵਿੱਖ ਵਿੱਚ ਹੋਰ ਵੱਡੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਦੇ ਸਮਰੱਥ ਬਣਦੇ ਹਨ। ਪ੍ਰੋਗਰਾਮ ਦੌਰਾਨ ਸਟੇਜ ਦੀ ਕਾਰਵਾਈ ਪ੍ਰੋ. ਜਸਪ੍ਰੀਤ ਕੌਰ ਨੇ ਬਾਖੂਬੀ ਨਿਭਾਈ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।