ਡੀਏਵੀ ਕਾਲਜ ਫਗਵਾੜਾ ਨੇ ਮਨਾਇਆ ਅਧਿਆਪਕ ਦਿਵਸ ਡੀ.ਏ.ਵੀ. ਕਾਲਜ ਫਗਵਾੜਾ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਅਧਿਆਪਕ ਦਿਵਸ
Publish Date: Sat, 05 Sep 2026 07:00 PM (IST)
Updated Date: Sat, 05 Sep 2026 07:01 PM (IST)
ਪੰਜਾਬੀ ਜਾਗਰਣ ਪ੍ਰਤੀਨਿੱਧ ਫਗਵਾੜਾ : ਮੋਹਨ ਲਾਲ ਉੱਪਲ ਡੀਏਵੀ ਕਾਲਜ ਫਗਵਾੜਾ ਵਿਖੇ ਅਧਿਆਪਕ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਹ ਦਿਨ ਭਾਰਤ ਦੇ ਸਿੱਖਿਆ ਸ਼ਾਸਤਰੀ ਤੇ ਸਾਬਕਾ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਜੀ ਦੇ ਜਨਮ ਦਿਵਸ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ। ਇਸ ਮੌਕੇ ਵਿਦਿਆਰਥੀਆਂ ਵੱਲੋਂ ਆਪਣੇ ਅਧਿਆਪਕਾਂ ਪ੍ਰਤੀ ਸਤਿਕਾਰ ਤੇ ਧੰਨਵਾਦ ਦਾ ਪ੍ਰਗਟਾਵਾ ਕੀਤਾ ਗਿਆ। ਕਾਲਜ ਦੇ ਪ੍ਰਿੰਸੀਪਲ ਡਾ. ਕਿਰਨਜੀਤ ਰੰਧਾਵਾ ਨੇ ਅਧਿਆਪਕ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਅਧਿਆਪਕ ਵਿਦਿਆਰਥੀਆਂ ਦੇ ਜੀਵਨ ਨੂੰ ਸਹੀ ਦਿਸ਼ਾ ਦੇਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਅਧਿਆਪਕ ਦਾ ਕੰਮ ਸਿਰਫ਼ ਕਿਤਾਬੀ ਗਿਆਨ ਦੇਣਾ ਨਹੀਂ, ਸਗੋਂ ਵਿਦਿਆਰਥੀਆਂ ਵਿੱਚ ਚੰਗੇ ਸੰਸਕਾਰ, ਨੈਤਿਕ ਕਦਰਾਂ-ਕੀਮਤਾਂ ਤੇ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਵੀ ਹੈ। ਇਸ ਮੌਕੇ ਵਿਦਿਆਰਥੀਆਂ ਵੱਲੋਂ ਅਧਿਆਪਕਾਂ ਦੇ ਸਨਮਾਨ ਵਿੱਚ ਵੱਖ-ਵੱਖ ਸੱਭਿਆਚਾਰਕ ਤੇ ਸਿਰਜਣਾਤਮਕ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ। ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਨਾਲ ਜੁੜੀਆਂ ਯਾਦਾਂ ਤੇ ਵਿਚਾਰ ਸਾਂਝੇ ਕਰਦਿਆਂ ਉਨ੍ਹਾਂ ਵੱਲੋਂ ਦਿੱਤੀ ਰਹਿਨੁਮਾਈ ਤੇ ਪ੍ਰੇਰਣਾ ਲਈ ਧੰਨਵਾਦ ਕੀਤਾ। ਇਸ ਮੌਕੇ ਅਧਿਆਪਕਾਂ ਨੇ ਵੀ ਵਿਦਿਆਰਥੀਆਂ ਨੂੰ ਮਿਹਨਤ, ਲਗਨ ਤੇ ਇਮਾਨਦਾਰੀ ਨਾਲ ਆਪਣੇ ਜੀਵਨ ਦੇ ਟੀਚੇ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਸਮਾਗਮ ਦੇ ਅਖ਼ੀਰ ਵਿੱਚ ਪ੍ਰਿੰਸੀਪਲ ਡਾ. ਰੰਧਾਵਾ ਨੇ ਸਮੂਹ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਵਿਦਿਆਰਥੀਆਂ ਵੱਲੋਂ ਕੀਤੇ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।