ਜੀਡੀਆਰ ਕਾਨਵੈਂਟ ’ਚ ਮਨਾਇਆ ਅਧਿਆਪਕ ਦਿਵਸ ਜੀ.ਡੀ.ਆਰ. ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿੱਚ ਮਨਾਇਆ ਗਿਆ ਅਧਿਆਪਕ ਦਿਵਸ
Publish Date: Sun, 06 Sep 2026 08:11 PM (IST)
Updated Date: Sun, 06 Sep 2026 08:13 PM (IST)
ਪੰਜਾਬੀ ਜਾਗਰਣ ਪ੍ਰਤੀਨਿੱਧ ਫਗਵਾੜਾ : ਜੀਡੀਆਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ, ਹੁਸ਼ਿਆਰਪੁਰ ਰੋਡ, ਫਗਵਾੜਾ ਵਿਖੇ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਦੇ ਜਨਮ ਦਿਵਸ ਨੂੰ ਸਮਰਪਿਤ ਅਧਿਆਪਕ ਦਿਵਸ ਬੜੇ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਵਿਸ਼ੇਸ਼ ਸਮਾਗਮ ਦੀ ਰੂਪ-ਰੇਖਾ ਵਿਦਿਆਰਥੀਆਂ ਵੱਲੋਂ ਖ਼ੁਦ ਤਿਆਰ ਕੀਤੀ ਗਈ। ਸਵੇਰ ਦੀ ਪ੍ਰਾਰਥਨਾ ਸਭਾ ਦੌਰਾਨ ਦਸਵੀਂ ਜਮਾਤ ਦੀ ਵਿਦਿਆਰਥਣ ਜਸਮੀਤ ਕੌਰ ਨੇ ਅਧਿਆਪਕ ਦਿਵਸ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਅਧਿਆਪਕ ਸਾਡੀ ਜ਼ਿੰਦਗੀ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਕਈ ਵਿਦਿਆਰਥੀਆਂ ਨੇ ਕਵਿਤਾਵਾਂ ਪੇਸ਼ ਕਰਕੇ ਆਪਣੇ ਅਧਿਆਪਕਾਂ ਪ੍ਰਤੀ ਸਤਿਕਾਰ, ਪਿਆਰ ਤੇ ਧੰਨਵਾਦ ਦਾ ਪ੍ਰਗਟਾਵਾ ਕੀਤਾ। ਵਿਦਿਆਰਥੀਆਂ ਵੱਲੋਂ ਪੇਸ਼ ਕੀਤਾ ਗਿਆ ਗਰੁੱਪ ਗੀਤ ਵਿਸ਼ੇਸ਼ ਖਿੱਚ ਦਾ ਕੇਂਦਰ ਰਿਹਾ ਤੇ ਇਸ ਨੇ ਸਾਰਿਆਂ ਦਾ ਦਿਲ ਜਿੱਤ ਲਿਆ। ਇਸੇ ਦੌਰਾਨ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਅਮ੍ਰਿਤਦੀਪ ਸਿੰਘ ਨੇ ਆਪਣੀ ਕਵਿਤਾ ਰਾਹੀਂ ਸਭ ਦਾ ਮਨ ਮੋਹ ਲਿਆ। ਸਮਾਗਮ ਦੌਰਾਨ ਕੇਕ ਕੱਟਣ ਦੀ ਰਸਮ ਵੀ ਅਦਾ ਕੀਤੀ ਗਈ। ਸਕੂਲ ਦੇ ਪ੍ਰਿੰਸੀਪਲ ਮੈਡਮ ਮਾਧਵੀ ਜੀ ਤੇ ਸਮੂਹ ਸਟਾਫ਼ ਨੇ ਮਿਲ ਕੇ ਕੇਕ ਕੱਟਿਆ ਤੇ ਅਧਿਆਪਕ ਦਿਵਸ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ। ਮੰਚ ਸੰਚਾਲਨ ਪ੍ਰਭਪੁਨੀਤ ਕੌਰ ਤੇ ਕਿਰਨਦੀਪ ਕੌਰ ਨੇ ਬਹੁਤ ਹੀ ਸੁਚੱਜੇ ਤੇ ਪ੍ਰਭਾਵਸ਼ਾਲੀ ਢੰਗ ਨਾਲ ਕੀਤਾ। ਉਨ੍ਹਾਂ ਨੇ ਆਪਣੇ ਅਧਿਆਪਕਾਂ ਪ੍ਰਤੀ ਸਤਿਕਾਰ ਪ੍ਰਗਟ ਕਰਦਿਆਂ ਉਨ੍ਹਾਂ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਮੈਡਮ ਮਾਧਵੀ ਜੀ ਨੇ ਵਿਦਿਆਰਥੀਆਂ ਤੇ ਸਮੂਹ ਅਧਿਆਪਕਾਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਅਧਿਆਪਕ ਤੇ ਵਿਦਿਆਰਥੀ ਦਾ ਰਿਸ਼ਤਾ ਬਹੁਤ ਹੀ ਪਵਿੱਤਰ ਤੇ ਅਟੁੱਟ ਹੁੰਦਾ ਹੈ। ਅਧਿਆਪਕ ਬੱਚਿਆਂ ਦੇ ਭਵਿੱਖ ਨੂੰ ਸਿਰਜਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਸਾਡੇ ਜੀਵਨ ਵਿੱਚ ਅਧਿਆਪਕ ਦਾ ਸਥਾਨ ਬਹੁਤ ਉੱਚਾ ਹੈ, ਇਸ ਲਈ ਸਾਨੂੰ ਉਨ੍ਹਾਂ ਵੱਲੋਂ ਦਿੱਤੀਆਂ ਸਿੱਖਿਆਵਾਂ ’ਤੇ ਚੱਲਦਿਆਂ ਆਪਣੇ ਜੀਵਨ ਵਿੱਚ ਸਫਲਤਾ ਵੱਲ ਅੱਗੇ ਵਧਣਾ ਚਾਹੀਦਾ ਹੈ।