ਖਾਲਸਾ ਕਾਲਜ ’ਚ ਅਧਿਆਪਕ ਦਿਵਸ ਮਨਾਇਆ ਖਾਲਸਾ ਕਾਲਜ ਵਿੱਚ ਅਧਿਆਪਕ ਦਿਵਸ ਮਨਾਇਆ
Publish Date: Sat, 05 Sep 2026 08:49 PM (IST)
Updated Date: Sat, 05 Sep 2026 08:52 PM (IST)
ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸਥਾਨਕ ਗੁਰੂ ਨਾਨਕ ਖਾਲਸਾ ਕਾਲਜ, ਸੁਲਤਾਨਪੁਰ ਲੋਧੀ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ। ਇਸ ਮੌਕੇ ਕਾਲਜ ਦੇ ਵੱਖ-ਵੱਖ ਵਿਭਾਗਾਂ ਜਿਵੇਂ ਕਾਮਰਸ ਵਿਭਾਗ, ਕੰਪਿਊਟਰ ਵਿਭਾਗ, ਆਰਟਸ ਵਿਭਾਗ ਤੇ ਲੜਕੀਆਂ ਦੇ ਵਿੰਗ ਵੱਲੋਂ ਅਧਿਆਪਕਾਂ ਦੇ ਸਨਮਾਨ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਤੇ ਸਾਰੇ ਵਿਭਾਗਾਂ ਦੇ ਵਿਦਿਆਰਥੀਆਂ ਵੱਲੋਂ ਅਧਿਆਪਕਾਂ ਲਈ ਵੱਖ-ਵੱਖ ਗਤੀਵਿਧੀਆ ਦਾ ਆਯੋਜਨ ਵੀ ਕੀਤਾ ਗਿਆ। ਅਧਿਆਪਕ ਦਿਵਸ ਨੂੰ ਸਮਰਪਿਤ ਸਮਾਗਮਾਂ ਦੌਰਾਨ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਅਧਿਆਪਕ ਦਿਵਸ ਦੀ ਮਹੱਤਤਾ ਉੱਪਰ ਚਾਨਣਾ ਪਾਇਆ ਤੇ ਇਸ ਦੇ ਨਾਲ ਹੀ ਕਵਿਤਾ, ਗੀਤ ਤੇ ਡਾਂਸ ਦੀ ਪੇਸ਼ਕਾਰੀ ਕਰਕੇ ਸਭ ਦਾ ਮਨੋਰੰਜਨ ਕੀਤਾ। ਇਸ ਦੌਰਾਨ ਕਾਲਜ ਦੇ ਕਾਮਰਸ ਵਿਭਾਗ ਦੇ ਮੁਖੀ ਡਾ. ਮਨੀ ਛਾਬੜਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸੀਂ ਅਧਿਆਪਕ ਦਿਵਸ ਦੇਸ਼ ਦੇ ਪਹਿਲੇ ਉਪ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾ ਕ੍ਰਿਸ਼ਨ ਦੇ ਜਨਮ ਦਿਵਸ ਨੂੰ ਸਮਰਪਿਤ ਕਰਦੇ ਹਾਂ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਅਧਿਆਪਕਾਂ ਦਾ ਸਦਾ ਹੀ ਸਤਿਕਾਰ ਕਰਨਾ ਚਾਹੀਦਾ ਹੈ ਕਿਉਂਕਿ ਅਧਿਆਪਕਾਂ ਦਾ ਉਨਾਂ ਦੇ ਜੀਵਨ ਵਿੱਚ ਅੱਗੇ ਵਧਣ ਲਈ ਬਹੁਤ ਵੱਡਾ ਯੋਗਦਾਨ ਹੁੰਦਾ ਹੈ। ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਪ੍ਰੋਫੈਸਰ ਜਸਬੀਰ ਕੌਰ ਨੇ ਕਾਲਜ ਦੇ ਸਮੂਹ ਅਧਿਆਪਕਾਂ ਨੂੰ ਇਸ ਦਿਹਾੜੇ ਦੀ ਵਧਾਈ ਦਿੱਤੀ ਤੇ ਕਿਹਾ ਕਿ ਕੇਵਲ ਅਧਿਆਪਕ ਹੀ ਇੱਕ ਅਜਿਹਾ ਵਿਅਕਤੀ ਹੈ ਜੋ ਕਿ ਦੂਸਰਿਆਂ ਨੂੰ ਪੜ੍ਹਾ ਲਿਖਾ ਕੇ ਇੱਕ ਚੰਗਾ ਇਨਸਾਨ ਬਣਾਉਣ ਦੇ ਨਾਲ-ਨਾਲ ਉੱਚ ਅਹੁਦਿਆਂ ਤੇ ਪਹੁੰਚਦਾ ਦੇਖ ਕੇ ਖੁਸ਼ੀ ਮਹਿਸੂਸ ਕਰਦਾ ਹੈ। ਇਸ ਮੌਕੇ ਕਾਲਜ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਇੰਜੀ. ਸਵਰਨ ਸਿੰਘ ਤੇ ਸਕੱਤਰ ਮੈਡਮ ਗੁਰਪ੍ਰੀਤ ਕੌਰ,ਇੰਜੀ. ਹਰਨਿਆਮਤ ਕੌਰ, ਕਾਲਜ ਦੇ ਡਾਇਰੈਕਟਰ ਨਿਮਰਤਾ ਕੌਰ ਨੇ ਕਾਲਜ ਦੇ ਸਮੂਹ ਅਧਿਆਪਕਾਂ ਨੂੰ ਇਸ ਦਿਹਾੜੇ ਦੀ ਵਧਾਈ ਦਿੱਤੀ।