ਸਾਰੇ ਅਧਿਆਪਕ 10 ਨੂੰ ਸੰਗਰੂਰ ਰੈਲੀ ’ਚ ਪੁੱਜਣ : ਰੰਧਾਵਾ ਅਧਿਆਪਕ ਦਲ ਪੰਜਾਬ ਵੱਲੋਂ ਸਾਰੇ ਅਧਿਆਪਕ ਵਰਗ ਨੂੰ 10 ਅਕਤੂਬਰ ਦਿਨ ਸ਼ਨੀਵਾਰ ਨੂੰ ਸੰਗਰੂਰ ਰੈਲੀ ਵਿੱਚ ਸ਼ਾਮਲ ਹੋਣ ਦੀ ਅਪੀਲ
Publish Date: Sat, 03 Oct 2026 06:43 PM (IST)
Updated Date: Sat, 03 Oct 2026 06:43 PM (IST)
ਪੰਜਾਬੀ ਜਾਗਰਣ ਪ੍ਰਤੀਨਿੱਧ ਫਗਵਾੜਾ : ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਪੰਜਾਬ ਦੇ ਸਮੂਹ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਪ੍ਰਤੀ ਪੰਜਾਬ ਸਰਕਾਰ ਦੀ ਅਪਣਾਈ ਜਾ ਰਹੀ ਟਾਲਮਟੋਲ ਦੀ ਨੀਤੀ ਵਿਰੁੱਧ ਚੱਲ ਰਹੇ ਸੰਘਰਸ਼ ਦੇ ਅਗਲੇ ਪੜਾਅ ਤਹਿਤ 10 ਅਕਤੂਬਰ ਦਿਨ ਸ਼ਨੀਵਾਰ ਨੂੰ ਸੰਗਰੂਰ ਵਿਖੇ ਮਹਾਂਰੈਲੀ ਕੀਤੀ ਜਾ ਰਹੀ ਹੈ, ਜਿਸ ਸਬੰਧੀ ਅਧਿਆਪਕ ਦਲ ਪੰਜਾਬ ਵੱਲੋਂ ਸਾਰੇ ਅਧਿਆਪਕ ਵਰਗ ਨੂੰ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕੀਤੀ ਗਈ ਹੈ। ਇਸ ਮੌਕੇ ਅਧਿਆਪਕ ਦਲ ਪੰਜਾਬ ਦੇ ਸੂਬਾ ਕਨਵੀਨਰ ਜਸਵਿੰਦਰ ਸਿੰਘ ਔਲਖ, ਸੂਬਾ ਪ੍ਰਧਾਨ ਸਤਨਾਮ ਸਿੰਘ ਰੰਧਾਵਾ ਤੇ ਸੂਬਾ ਸਕੱਤਰ ਜਨਰਲ ਰਵਿੰਦਰਜੀਤ ਸਿੰਘ ਪੰਨੂ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ ਦੌਰਾਨ ਮੁਲਾਜ਼ਮ ਵਰਗ ਨਾਲ ਪੁਰਾਣੀ ਪੈਨਸ਼ਨ ਬਹਾਲ ਕਰਨ, ਕੱਚੇ ਕਾਮੇ ਪੱਕੇ ਕਰਨ, ਮੁਲਾਜ਼ਮ ਵਿਰੋਧੀ ਨੋਟੀਫਿਕੇਸ਼ਨ ਰੱਦ ਕਰਨ ਸਮੇਤ ਕਈ ਪ੍ਰਕਾਰ ਦੇ ਵਾਅਦੇ ਕੀਤੇ ਗਏ ਸਨ ਪਰ ਦੁੱਖ ਦੀ ਗੱਲ ਹੈ ਕਿ ਸਰਕਾਰ ਦੇ ਗਠਨ ਤੋਂ ਬਾਅਦ ਸਾਢੇ ਚਾਰ ਸਾਲ ਬੀਤ ਜਾਣ ’ਤੇ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਗਈਆਂ, ਜਿਸ ਕਾਰਨ ਸਮੁੱਚੇ ਮੁਲਾਜ਼ਮਾਂ ਵਿਚ ਸਰਕਾਰ ਪ੍ਰਤੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਦੀ ਅਗਵਾਈ ਹੇਠ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ 7 ਅਗਸਤ ਨੂੰ ਚੰਡੀਗੜ੍ਹ ਵਿਖੇ ਮਹਾਂਰੈਲੀ ਤੋਂ ਬਾਅਦ ਮੁਲਾਜ਼ਮਾਂ ਵੱਲੋਂ 27 ਅਗਸਤ ਨੂੰ ਸਮੂਹਿਕ ਛੁੱਟੀ ਲੈ ਕੇ ਇਤਿਹਾਸ ਸਿਰਜ ਦਿੱਤਾ ਗਿਆ ਤੇ ਪੰਜਾਬ ਸਰਕਾਰ ਦੇ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਦੇ ਘਿਰਾਓ ਕੀਤੇ ਗਏ ਸਨ ਪਰ ਪੰਜਾਬ ਸਰਕਾਰ ਵੱਲੋਂ ਅਜੇ ਵੀ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਸੰਜ਼ੀਦਗੀ ਨਹੀਂ ਦਿਖਾਈ ਜਾ ਰਹੀ, ਜਿਸ ਦੇ ਵਿਰੋਧ ਵਜੋਂ ਹੁਣ ਪੰਜਾਬ ਦੇ ਸਮੂਹ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਮੁੱਖ ਮੰਤਰੀ ਪੰਜਾਬ ਦੇ ਇਲਾਕੇ ਸੰਗਰੂਰ ਵਿਖੇ 10 ਅਕਤੂਬਰ ਦਿਨ ਸ਼ਨੀਵਾਰ ਨੂੰ ਮਹਾਂਰੈਲੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਅਧਿਆਪਕ ਦਲ ਪੰਜਾਬ ਦੇ ਸੂਬਾ ਸਰਪ੍ਰਸਤ ਹਰਦੇਵ ਸਿੰਘ ਜਵੰਧਾ ਦੀ ਅਗਵਾਈ ਹੇਠ ਅਧਿਆਪਕ ਦਲ ਪੰਜਾਬ ਦੇ ਸਟੇਟ ਪੱਧਰ ਤੇ ਜ਼ਿਲ੍ਹਾ ਅਹੁਦੇਦਾਰਾਂ ਵੱਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ। ਉਨ੍ਹਾਂ ਸਮੁੱਚੇ ਅਧਿਆਪਕ ਵਰਗ ਨੂੰ ਅਪੀਲ ਕੀਤੀ ਕਿ ਇਸ ਰੈਲੀ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕੀਤੀ ਜਾਵੇ ਤਾਂ ਜੋ ਕੁੰਭਕਰਨ ਦੀ ਨੀਂਦ ਤੋਂ ਪੰਜਾਬ ਸਰਕਾਰ ਨੂੰ ਉਠਾਇਆ ਜਾ ਸਕੇ ਤੇ ਆਪਣੇ ਬਣਦੇ ਹੱਕ ਪ੍ਰਾਪਤ ਕੀਤੇ ਜਾ ਸਕਣ। ਇਸ ਮੌਕੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਸੁਖਦਿਆਲ ਸਿੰਘ ਝੰਡ, ਸੁਖਜਿੰਦਰ ਸਿੰਘ ਢੋਲਣ, ਮਨੋਜ ਕੁਮਾਰ ਟਿੱਬਾ, ਰਮੇਸ਼ ਸਾਨਿਆਲ ਹਾਜ਼ਰ ਸਨ।