ਸਮੂਹ ਅਧਿਆਪਕ ਵਰਗ 21 ਨੂੰ ਸਮੂਹਿਕ ਛੁੱਟੀ ਲਵੇ : ਅਧਿਆਪਕ ਦਲ ਅਧਿਆਪਕ ਦਲ ਪੰਜਾਬ ਵੱਲੋਂ ਅਧਿਆਪਕ ਵਰਗ ਨੂੰ 21 ਅਕਤੂਬਰ ਨੂੰ ਸਮੂਹਿਕ ਛੁੱਟੀ ਲੈਣ ਦੀ ਅਪੀਲ
Publish Date: Mon, 19 Oct 2026 06:43 PM (IST)
Updated Date: Mon, 19 Oct 2026 06:45 PM (IST)
ਵਿਜੇ ਸੋਨੀ, ਪੰਜਾਬੀ ਜਾਗਰਣ ਫਗਵਾੜਾ : ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਖਿਲਾਫ 21-22 ਅਕਤੂਬਰ ਨੂੰ ਮਹਾਂ ਹੜਤਾਲ ਦਾ ਸੱਦਾ ਦਿੱਤਾ ਗਿਆ ਹੈ, ਜਿਸ ਸਬੰਧੀ ਅਧਿਆਪਕ ਦਲ ਪੰਜਾਬ ਦੇ ਸੂਬਾ ਸਰਪ੍ਰਸਤ ਹਰਦੇਵ ਸਿੰਘ ਜਵੰਧਾ, ਸੂਬਾ ਕਨਵੀਨਰ ਜਸਵਿੰਦਰ ਸਿੰਘ ਔਲਖ, ਸੂਬਾ ਪ੍ਰਧਾਨ ਸਤਨਾਮ ਸਿੰਘ ਰੰਧਾਵਾ, ਸੂਬਾ ਸਕੱਤਰ ਜਨਰਲ ਰਵਿੰਦਰਜੀਤ ਸਿੰਘ ਪੰਨੂੰ ਨੇ ਸਾਂਝੇ ਤੌਰ ’ਤੇ ਸਮੁੱਚੇ ਅਧਿਆਪਕ ਵਰਗ ਨੂੰ 21 ਅਕਤੂਬਰ ਨੂੰ ਸਮੂਹਿਕ ਛੁੱਟੀ ਲੈ ਕੇ ਤੇ 22 ਅਕਤੂਬਰ ਨੂੰ ਵੀ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਵਿੱਚ ਸ਼ਮੂਲੀਅਤ ਕਰਕੇ ਇਸ ਹੜਤਾਲ ਨੂੰ ਸਫ਼ਲ ਬਣਾਉਣ ਦੀ ਅਪੀਲ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅਧਿਆਪਕ ਆਗੂਆਂ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਾਢੇ ਚਾਰ ਸਾਲ ਬੀਤ ਜਾਣ ’ਤੇ ਵੀ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਪ੍ਰਤੀ ਧਾਰੀ ਚੁੱਪੀ ਅਤਿ ਨਿੰਦਣਯੋਗ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਕੋਈ ਸੰਜ਼ੀਦਗੀ ਨਹੀਂ ਦਿਖਾਈ ਜਾ ਰਹੀ ਤੇ ਮੁਲਾਜ਼ਮਾਂ ਦੀਆਂ ਮੁੱਖ ਹੱਕੀ ਮੰਗਾਂ ਜਿਵੇਂ ਪੁਰਾਣੀ ਪੈਨਸ਼ਨ, ਡੀਏ, ਏਸੀਪੀ, ਭੱਤੇ ਬਹਾਲ ਕਰਨ, ਕੱਚੇ ਕਾਮਿਆਂ ਨੂੰ ਪੱਕੇ ਕਰਨ ਸਮੇਤ ਅਨੇਕਾਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਗਈਆਂ, ਜਿਸ ਕਾਰਨ ਮੁਲਾਜ਼ਮ ਵਰਗ ਵਿਚ ਪੰਜਾਬ ਸਰਕਾਰ ਪ੍ਰਤੀ ਰੋਸ ਪਾਇਆ ਜਾ ਰਿਹਾ ਹੈ। ਅਧਿਆਪਕ ਆਗੂਆਂ ਨੇ ਦੱਸਿਆ ਕਿ ਪੰਜਾਬ ਦੇ ਸਮੁੱਚੇ ਮੁਲਾਜ਼ਮ ਵਰਗ ਤੇ ਪੈਨਸ਼ਨਰਾਂ ਵੱਲੋਂ 7 ਅਗਸਤ ਨੂੰ ਚੰਡੀਗੜ੍ਹ ਵਿਖੇ ਕੀਤੀ ਗਈ ਮਹਾਂਰੈਲੀ, 27 ਅਗਸਤ ਨੂੰ ਸਮੂਹਿਕ ਛੁੱਟੀ ਲੈ ਕੇ ਜ਼ਿਲ੍ਹਾ ਪੱਧਰ ’ਤੇ ਰੋਸ ਪ੍ਰਦਰਸ਼ਨ, 10 ਅਕਤੂਬਰ ਨੂੰ ਸੰਗਰੂਰ ਵਿਖੇ ਮਹਾਂ ਰੈਲੀ ਤੋਂ ਬਾਅਦ ਹੁਣ 21-22 ਅਕਤੂਬਰ ਨੂੰ ਮਹਾਂਬੰਦ ਕੀਤਾ ਜਾ ਰਿਹਾ ਹੈ, ਜਿਸ ਸਬੰਧੀ ਪੰਜਾਬ ਦੇ ਸਾਰੇ ਅਧਿਆਪਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਆਪਣੇ ਹੱਕਾਂ ਦੀ ਰਾਖੀ ਲਈ 21 ਅਕਤੂਬਰ ਨੂੰ ਸਮੂਹਿਕ ਛੁੱਟੀ ਲੈ ਕੇ ਜ਼ਿਲ੍ਹਾ ਪੱਧਰੀ ਰੋਸ ਰੈਲੀਆਂ ਵਿਚ ਵੱਡੀ ਪੱਧਰ ’ਤੇ ਸ਼ਮੂਲੀਅਤ ਕੀਤੀ ਜਾਵੇ ਤਾਂ ਜੋ ਪੰਜਾਬ ਸਰਕਾਰ ਨੂੰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਪੂਰੀਆਂ ਕਰਨ ਲਈ ਮਜਬੂਰ ਕੀਤਾ ਜਾ ਸਕੇ। ਉਨ੍ਹਾਂ ਅਧਿਆਪਕ ਦਲ ਪੰਜਾਬ ਦੇ ਸੂਬਾ ਅਹੁਦੇਦਾਰਾਂ ਤੇ ਜ਼ਿਲ੍ਹਾ ਅਹੁਦੇਦਾਰਾਂ ਨੂੰ ਵੀ ਅਪੀਲ ਕੀਤੀ ਕਿ ਇਨ੍ਹਾਂ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨਾਂ ਨੂੰ ਸਫਲ ਬਣਾਉਣ ਲਈ ਵੱਧ ਤੋਂ ਵੱਧ ਅਧਿਆਪਕਾਂ ਨੂੰ ਸਮੂਹਿਕ ਛੁੱਟੀ ਲੈਣ ਲਈ ਪ੍ਰੇਰਿਤ ਕੀਤਾ ਜਾਵੇ।