ਗੈਰ-ਕਾਨੂੰਨੀ ਪਟਾਕਿਆਂ ਦੇ ਭੰਡਾਰ ਦੀ ਕੀਤੀ ਜਾ ਰਹੀ ਜਾਂਚ ਗੈਰ-ਕਾਨੂੰਨੀ ਪਟਾਕਿਆਂ ਦੇ ਭੰਡਾਰ ਦੀ ਜਾਂਚ ਲਈ ਟੀਮਾਂ ਵੱਲੋਂ ਬਾਜ਼ਾਰਾਂ ਦਾ ਨਿਰੀਖਣ
Publish Date: Sat, 17 Oct 2026 08:22 PM (IST)
Updated Date: Sat, 17 Oct 2026 08:24 PM (IST)
ਨਿਰੀਖਣ ਦੌਰਾਨ ਪਟਾਕਿਆਂ ਦਾ ਕੋਈ ਵੀ ਗੈਰ-ਕਾਨੂੰਨੀ ਭੰਡਾਰ ਨਹੀਂ ਮਿਲਿਆ ਪ੍ਰਸ਼ਾਸ਼ਨ ਵੱਲੋਂ ਸਖ਼ਤ ਨਿਗਰਾਨੀ ਰਹੇਗੀ ਜਾਰੀ ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਤੇ ਪਟਾਕਿਆਂ ਦੇ ਗੈਰ-ਕਾਨੂੰਨੀ ਭੰਡਾਰ ਨੂੰ ਰੋਕਣ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਵੱਲੋਂ ਅੱਜ ਸੁਲਤਾਨਪੁਰ ਲੋਧੀ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਨਿਰੀਖਣ ਕੀਤਾ ਗਿਆ। ਐੱਸਡੀਐੱਮ ਸੁਲਤਾਨਪੁਰ ਲੋਧੀ ਜਸਜੀਤ ਸਿੰਘ ਨੇ ਦੱਸਿਆ ਕਿ ਪਟਾਕਿਆਂ ਦੇ ਗੈਰ-ਕਾਨੂੰਨੀ ਭੰਡਾਰ ਤੇ ਵਿਕਰੀ ਨੂੰ ਰੋਕਣ ਲਈ ਸਖ਼ਤ ਨਿਗਰਾਨੀ ਵਾਸਤੇ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਨੀਵਾਰ ਨੂੰ ਕੀਤੇ ਗਏ ਨਿਰੀਖਣ ਦੌਰਾਨ ਪਟਾਕਿਆਂ ਦੇ ਗੈਰ-ਕਾਨੂੰਨੀ ਭੰਡਾਰ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ। ਐੱਸਡੀਐੱਮ ਨੇ ਦੱਸਿਆ ਕਿ ਸੂਬਾ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਭਰ ਵਿੱਚ ਜੋੜ ਕੇ ਚਲਾਏ ਜਾਣ ਵਾਲੇ ਪਟਾਕਿਆਂ, ਜਿਨ੍ਹਾਂ ਵਿੱਚ ਪਟਾਕਿਆਂ ਦੀਆਂ ਲੜੀਆਂ ਵੀ ਸ਼ਾਮਲ ਹਨ, ਦੇ ਨਿਰਮਾਣ, ਭੰਡਾਰਨ, ਵੰਡ, ਵਿਕਰੀ ਤੇ ਵਰਤੋਂ ’ਤੇ ਪਾਬੰਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸਿਰਫ਼ ਪ੍ਰਵਾਨਿਤ ਹਰੇ ਪਟਾਕਿਆਂ (ਗ੍ਰੀਨ ਕਰੈਕਰਜ਼) ਦੀ ਹੀ ਵਿਕਰੀ ਤੇ ਵਰਤੋਂ ਦੀ ਇਜਾਜ਼ਤ ਹੋਵੇਗੀ, ਜਿਨ੍ਹਾਂ ਵਿੱਚ ਬੇਰੀਅਮ ਲੂਣ ਜਾਂ ਐਂਟੀਮਨੀ, ਲਿਥੀਅਮ, ਪਾਰਾ, ਆਰਸੈਨਿਕ, ਲੈੱਡ ਜਾਂ ਸਟ੍ਰੋਂਟੀਅਮ ਕ੍ਰੋਮੇਟ ਦੇ ਯੋਗਿਕ ਸ਼ਾਮਲ ਨਾ ਹੋਣ। ਇਹ ਇਜਾਜ਼ਤ ਵੀ ਨਿਰਧਾਰਤ ਦਿਸ਼ਾ-ਨਿਰਦੇਸ਼ਾਂ ਦੇ ਅਧੀਨ ਹੋਵੇਗੀ। ਉਨ੍ਹਾਂ ਕਿਹਾ ਕਿ ਐਮਾਜ਼ੋਨ ਤੇ ਫਲਿੱਪਕਾਰਟ ਸਮੇਤ ਹੋਰ ਈ-ਕਾਮਰਸ ਪਲੇਟਫਾਰਮਾਂ ਤੇ ਆਨਲਾਈਨ ਪੋਰਟਲਾਂ ਨੂੰ ਵੀ ਸੂਬੇ ਅੰਦਰ ਪਟਾਕਿਆਂ ਦੇ ਆਨਲਾਈਨ ਆਰਡਰ ਸਵੀਕਾਰ ਕਰਨ ਜਾਂ ਉਨ੍ਹਾਂ ਦੀ ਆਨਲਾਈਨ ਵਿਕਰੀ ਕਰਨ ਤੋਂ ਮਨਾਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹੇ ਵਿੱਚ ਸਿਰਫ਼ ਲਾਇਸੈਂਸਸ਼ੁਦਾ ਵਪਾਰੀਆਂ ਨੂੰ ਹੀ ਨਿਰਧਾਰਤ ਥਾਵਾਂ ’ਤੇ ਪ੍ਰਵਾਨਿਤ ਹਰੇ ਪਟਾਕੇ ਵੇਚਣ ਦੀ ਇਜਾਜ਼ਤ ਹੋਵੇਗੀ। ਵੈਧ ਲਾਇਸੈਂਸ ਤੋਂ ਬਿਨਾਂ ਕਿਸੇ ਵੀ ਵਿਅਕਤੀ ਨੂੰ ਪਟਾਕੇ ਵੇਚਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਲਾਇਸੈਂਸਧਾਰਕਾਂ ਨੂੰ ਵੀ ਨਿਰਧਾਰਤ ਡੈਸੀਬਲ ਸੀਮਾ ਤੋਂ ਵੱਧ ਆਵਾਜ਼ ਪੈਦਾ ਕਰਨ ਵਾਲੇ ਪਟਾਕਿਆਂ ਦਾ ਭੰਡਾਰਨ ਕਰਨ, ਉਨ੍ਹਾਂ ਨੂੰ ਪ੍ਰਦਰਸ਼ਿਤ ਕਰਨ ਜਾਂ ਵੇਚਣ ਦੀ ਇਜਾਜ਼ਤ ਨਹੀਂ ਹੋਵੇਗੀ। ਐੱਸਡੀਐੱਮ ਨੇ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਤੇ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਨੂੰ ਰੋਕਣ ਲਈ ਪ੍ਰਸ਼ਾਸਨ ਵੱਲੋਂ ਨਿਗਰਾਨੀ ਤੇ ਲਾਗੂਕਰਨ ਦੀ ਕਾਰਵਾਈ ਲਗਾਤਾਰ ਜਾਰੀ ਰੱਖੀ ਜਾਵੇਗੀ।