
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਬੇਬੇ ਨਾਨਕੀ ਯੂਨੀਵਰਸਿਟੀ ਕਾਲਜ (ਲੜਕੀਆਂ) ਵਿਖੇ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ

ਕੁਲਵਿੰਦਰ ਸਿੰਘ ਲਾਡੀ ਪੰਜਾਬੀ ਜਾਗਰਣ
ਫੱਤੂਢੀਂਗਾ : ਬੇਬੇ ਨਾਨਕੀ ਯੂਨੀਵਰਸਿਟੀ ਕਾਲਜ (ਲੜਕੀਆਂ) ਫੱਤੂਢੀਂਗਾ ਵਿਖੇ ਪੰਜਾਬੀ ਸੱਭਿਆਚਾਰ ਤੇ ਵਿਰਾਸਤ ਨੂੰ ਸਮਰਪਿਤ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਤੇ ਉਮੰਗ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਵਿਦਿਆਰਥਣਾਂ ਵੱਲੋਂ ਪੰਜਾਬੀ ਸੱਭਿਆਚਾਰ ਦੀਆਂ ਵੱਖ-ਵੱਖ ਝਲਕੀਆਂ ਪੇਸ਼ ਕੀਤੀਆਂ ਗਈਆਂ। ਇਸ ਮੌਕੇ ਕਾਲਜ ਵਿਖੇ ਸੱਭਿਆਚਾਰਕ ਪ੍ਰਦਰਸ਼ਨੀ ਲਗਾਈ ਗਈ, ਜਿਸ ਵਿੱਚ ਪੰਜਾਬ ਦੀਆਂ ਵਿਰਾਸਤੀ ਵਸਤੂਆਂ, ਰਵਾਇਤੀ ਪਹਿਰਾਵੇ ਤੇ ਸੱਭਿਆਚਾਰ ਨਾਲ ਜੁੜੀਆਂ ਕਲਾਕ੍ਰਿਤੀਆਂ ਨੂੰ ਪ੍ਰਦਰਸ਼ਿਤ ਕੀਤਾ ਗਿਆ। ਵਿਦਿਆਰਥਣਾਂ ਨੇ ਪੰਜਾਬੀ ਪਹਿਰਾਵੇ ਵਿੱਚ ਸਜ-ਧਜ ਕੇ ਸਮਾਗਮ ਦੀ ਰੌਣਕ ਵਧਾਈ। ਸਮਾਗਮ ਦੌਰਾਨ ਵਿਦਿਆਰਥਣਾਂ ਵੱਲੋਂ ਗਿੱਧਾ, ਲੋਕ-ਗੀਤਾਂ ਤੇ ਹੋਰ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਪੰਜਾਬੀ ਲੋਕ-ਵਿਰਸੇ ਨੂੰ ਜੀਵੰਤ ਕੀਤਾ ਗਿਆ। ਇਸ ਤੋਂ ਇਲਾਵਾ ਰੰਗੋਲੀ ਮੁਕਾਬਲੇ ਵੀ ਕਰਵਾਏ ਗਏ, ਜਿਨ੍ਹਾਂ ਵਿੱਚ ਵਿਦਿਆਰਥਣਾਂ ਨੇ ਆਪਣੀ ਸਿਰਜਣਾਤਮਕ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਰੰਗੋਲੀ ਮੁਕਾਬਲੇ ਵਿੱਚ ਆਰਟਸ ਵਿਭਾਗ ਨੇ ਪਹਿਲਾ ਸਥਾਨ ਹਾਸਲ ਕੀਤਾ। ਤੀਆਂ ਦੇ ਤਿਉਹਾਰ ਦੀ ਵਿਸ਼ੇਸ਼ ਖਿੱਚ ‘ਮਿਸ ਤੀਜ’ ਮੁਕਾਬਲਾ ਰਿਹਾ। ਮੁਕਾਬਲੇ ਵਿੱਚ ਵੱਖ-ਵੱਖ ਪੜਾਵਾਂ ਰਾਹੀਂ ਵਿਦਿਆਰਥਣਾਂ ਦੀ ਪ੍ਰਤਿਭਾ, ਪੰਜਾਬੀ ਪਹਿਰਾਵੇ, ਸੱਭਿਆਚਾਰਕ ਗਿਆਨ ਤੇ ਆਤਮ-ਵਿਸ਼ਵਾਸ ਨੂੰ ਪਰਖਿਆ ਗਿਆ। ‘ਮਿਸ ਤੀਜ’ ਦਾ ਖਿਤਾਬ ਬੀਏ ਭਾਗ ਦੂਜਾ ਦੀ ਵਿਦਿਆਰਥਣ ਕੋਮਲਪ੍ਰੀਤ ਕੌਰ ਨੇ ਹਾਸਲ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ. ਦਲਜੀਤ ਸਿੰਘ ਖਹਿਰਾ ਨੇ ਵਿਦਿਆਰਥਣਾਂ ਨੂੰ ਪੰਜਾਬੀ ਸੱਭਿਆਚਾਰ ਤੇ ਵਿਰਸੇ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ। ਸਮਾਗਮ ਦੇ ਅੰਤ ਵਿੱਚ ਜੇਤੂ ਵਿਦਿਆਰਥਣਾਂ ਨੂੰ ਸਨਮਾਨਤ ਕੀਤਾ ਗਿਆ।