ਡੀਏ ’ਚ 3% ਵਾਧਾ ਸ਼ਲਾਘਾਯੋਗ : ਦਲਜੀਤ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਡੀਏ ਵਿੱਚ 3% ਵਾਧਾ ਸ਼ਲਾਘਾਯੋਗ ਹੈ : ਦਲਜੀਤ ਰਾਜੂ
Publish Date: Thu, 05 Nov 2026 07:52 PM (IST)
Updated Date: Thu, 05 Nov 2026 07:53 PM (IST)
ਅਮਰੀਕ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਪੰਜਾਬ ਸਰਕਾਰ ਵੱਲੋਂ ਦੀਵਾਲੀ ਦੇ ਤਿਉਹਾਰ ਮੌਕੇ ਮਹਿੰਗਾਈ ਭੱਤੇ (ਡੀਏ) ਵਿੱਚ 3 ਪ੍ਰਤੀਸ਼ਤ ਵਾਧਾ ਕਰਕੇ ਸੂਬੇ ਦੇ ਲਗਭਗ 8 ਲੱਖ ਸਰਕਾਰੀ ਕਰਮਚਾਰੀਆਂ ਤੇ ਪੈਨਸ਼ਨਰਾਂ ਨੂੰ ਵੱਡੀ ਰਾਹਤ ਦੇਣ ਦਾ ਫੈਸਲਾ ਸ਼ਲਾਘਾਯੋਗ ਹੈ। ਇਸ ਨਾਲ ਮਹਿੰਗਾਈ ਦੇ ਸਮੇਂ ਵਿੱਚ ਕਰਮਚਾਰੀਆਂ ਤੇ ਪੈਨਸ਼ਨਰਾਂ ਨੂੰ ਵਿੱਤੀ ਸਹਾਇਤਾ ਮਿਲੇਗੀ। ਇਹ ਗੱਲ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਰਾਜੂ ਨੇ ਇੱਕ ਪ੍ਰੈਸ ਬਿਆਨ ਵਿੱਚ ਕਹੀ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਫੈਸਲੇ ਨਾਲ ਮਹਿੰਗਾਈ ਭੱਤੇ ਵਿੱਚ 53 ਪ੍ਰਤੀਸ਼ਤ ਵਾਧਾ ਹੋਇਆ ਹੈ। ਇਸ ਵਾਧੇ ਨਾਲ ਸੂਬੇ ਦੇ ਲਗਭਗ 8,00,000 ਕਰਮਚਾਰੀਆਂ ਤੇ ਪੈਨਸ਼ਨਰਾਂ ਨੂੰ ਲਾਭ ਹੋਵੇਗਾ ਤੇ ਇਸਦਾ ਸਾਲਾਨਾ ਵਿੱਤੀ ਲਾਭ ਲਗਭਗ 3,988 ਕਰੋੜ ਰੁਪਏ ਹੋਵੇਗਾ। ਉਨ੍ਹਾਂ ਕਿਹਾ ਕਿ ਦੀਵਾਲੀ ਦੇ ਖੁਸ਼ੀ ਭਰੇ ਤਿਉਹਾਰ ਮੌਕੇ ਸਰਕਾਰ ਵੱਲੋਂ ਕਰਮਚਾਰੀਆਂ ਨੂੰ ਦਿੱਤਾ ਗਿਆ ਇਹ ਤੋਹਫ਼ਾ ਉਨ੍ਹਾਂ ਦੀ ਵਿੱਤੀ ਸਥਿਤੀ ਨੂੰ ਮਜ਼ਬੂਤ ਕਰਨ ਵਿੱਚ ਮਦਦ ਕਰੇਗਾ। ਦਲਜੀਤ ਰਾਜੂ ਨੇ ਕਿਹਾ ਕਿ ਸਰਕਾਰੀ ਕਰਮਚਾਰੀ ਕਿਸੇ ਵੀ ਸਰਕਾਰੀ ਤੇ ਪ੍ਰਸ਼ਾਸਨਿਕ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ। ਕਰਮਚਾਰੀ ਸੂਬੇ ਦੇ ਵਿਕਾਸ, ਜ਼ਮੀਨੀ ਪੱਧਰ ਤੇ ਭਲਾਈ ਸਕੀਮਾਂ ਨੂੰ ਲਾਗੂ ਕਰਨ ਤੇ ਲੋਕਾਂ ਤੱਕ ਸਰਕਾਰੀ ਸੇਵਾਵਾਂ ਪਹੁੰਚਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਇਸ ਲਈ, ਉਨ੍ਹਾਂ ਦੀ ਭਲਾਈ ਅਧਿਕਾਰਾਂ ਤੇ ਤੰਦਰੁਸਤੀ ਨੂੰ ਯਕੀਨੀ ਬਣਾਉਣਾ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਰਮਚਾਰੀਆਂ ਦੇ ਹਿੱਤਾਂ ਦੀ ਰਾਖੀ ਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਮਹਿੰਗਾਈ ਭੱਤੇ ਵਿੱਚ ਵਾਧਾ ਇਸ ਵਚਨਬੱਧਤਾ ਦਾ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਨੇ ਦੋ ਮਹੀਨਿਆਂ ਦੇ ਅੰਦਰ ਮਹਿੰਗਾਈ ਭੱਤੇ ਵਿੱਚ 11 ਪ੍ਰਤੀਸ਼ਤ ਵਾਧਾ ਕੀਤਾ ਹੈ। ਪਹਿਲਾਂ ਸਰਕਾਰ ਨੇ ਇਸ ਵਿੱਚ ਅੱਠ ਪ੍ਰਤੀਸ਼ਤ ਵਾਧਾ ਕੀਤਾ ਸੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਯੋਗਤਾ ਦੇ ਆਧਾਰ ਤੇ 71,777 ਨਵੀਆਂ ਸਰਕਾਰੀ ਨੌਕਰੀਆਂ ਵੀ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਕਰਮਚਾਰੀਆਂ ਦੀਆਂ ਮੰਗਾਂ ਤੇ ਚਰਚਾ ਲਈ ਸਰਕਾਰ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ ਤੇ ਉਹ ਕਿਸੇ ਵੀ ਸਮੇਂ ਆ ਕੇ ਆਪਣੇ ਵਿਚਾਰ ਰੱਖ ਸਕਦੇ ਹਨ। ਅੰਤ ਵਿੱਚ ਦਲਜੀਤ ਰਾਜੂ ਨੇ ਸਾਰੇ ਸਰਕਾਰੀ ਕਰਮਚਾਰੀਆਂ, ਪੈਨਸ਼ਨਰਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਤੇ ਉਮੀਦ ਕੀਤੀ ਕਿ ਇਹ ਤਿਉਹਾਰ ਸਾਰਿਆਂ ਦੇ ਜੀਵਨ ਵਿੱਚ ਖੁਸ਼ਹਾਲੀ, ਤਰੱਕੀ ਤੇ ਸ਼ਾਂਤੀ ਲਿਆਵੇ।