ਡਾ. ਚੱਬੇਵਾਲ ‘ਆਪ’ ਦੇ ਸੂਬਾ ਸਪੋਕਸਪਰਸਨ ਨਿਯੁਕਤ ਡਾ. ਰਾਜ ਕੁਮਾਰ ਚੱਬੇਵਾਲ ਨੂੰ ‘ਆਪ’ ਹਾਈ ਕਮਾਂਡ ਨੇ ਸੂਬਾ ਸਪੋਕਸਪਰਸਨ ਦੀ ਵੱਡੀ ਜ਼ਿੰਮੇਵਾਰੀ ਸੌਂਪੀ
Publish Date: Sat, 22 Aug 2026 07:09 PM (IST)
Updated Date: Sat, 22 Aug 2026 07:12 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਆਮ ਆਦਮੀ ਪਾਰਟੀ ਹਾਈ ਕਮਾਂਡ ਵੱਲੋਂ ਮੈਂਬਰ ਪਾਰਲੀਮੈਂਟ ਤੇ ਵਿਧਾਨ ਸਭਾ ਹਲਕਾ ਫਗਵਾੜਾ ਦੇ ਹਲਕਾ ਇੰਚਾਰਜ ਡਾ. ਰਾਜ ਕੁਮਾਰ ਚੱਬੇਵਾਲ ਨੂੰ ਵੱਡੀ ਜ਼ਿੰਮੇਵਾਰੀ ਨਾਲ ਨਿਵਾਜਦਿਆਂ ਸੂਬਾ ਸਪੋਕਸਪਰਸਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਦੀ ਖ਼ਬਰ ਮਿਲਦਿਆਂ ਹੀ ਆਮ ਆਦਮੀ ਪਾਰਟੀ ਦੇ ਵਰਕਰਾਂ, ਆਗੂਆਂ ਅਤੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਇਸ ਦੇ ਨਾਲ ਹੀ ਫਗਵਾੜਾ ਸ਼ਹਿਰ ਵਾਸੀਆਂ ਵੱਲੋਂ ਵੀ ਡਾ. ਚੱਬੇਵਾਲ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਜਾਰੀ ਹੈ। ਡਾ. ਰਾਜ ਕੁਮਾਰ ਚੱਬੇਵਾਲ ਦੀ ਫਗਵਾੜਾ ਵਾਸੀਆਂ ਵਿੱਚ ਬਣੀ ਇਮਾਨਦਾਰ, ਸਾਫ਼-ਸੁਥਰੀ ਤੇ ਲੋਕਪੱਖੀ ਛਵੀ ਨੂੰ ਉਨ੍ਹਾਂ ਦੀ ਇਸ ਨਵੀਂ ਜ਼ਿੰਮੇਵਾਰੀ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਪਾਰਟੀ ਵਰਕਰਾਂ ਦਾ ਕਹਿਣਾ ਹੈ ਕਿ ਡਾ. ਚੱਬੇਵਾਲ ਵੱਲੋਂ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਉੱਚ ਪੱਧਰ ਤੱਕ ਪਹੁੰਚਾਉਣ ਦੀ ਭੂਮਿਕਾ ਕਾਰਨ ਪਾਰਟੀ ਹਾਈ ਕਮਾਂਡ ਵੱਲੋਂ ਉਨ੍ਹਾਂ ’ਤੇ ਲਗਾਤਾਰ ਭਰੋਸਾ ਜਤਾਇਆ ਜਾ ਰਿਹਾ ਹੈ। ਇਸ ਮੌਕੇ ਡਾ. ਰਾਜ ਕੁਮਾਰ ਚੱਬੇਵਾਲ ਨੇ ਆਮ ਆਦਮੀ ਪਾਰਟੀ ਦੀ ਸਮੁੱਚੀ ਹਾਈ ਕਮਾਂਡ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਇਸ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ, ਮਿਹਨਤ ਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਨੇ ਫਗਵਾੜਾ ਸ਼ਹਿਰ ਦੇ ਵਾਸੀਆਂ, ਆਮ ਆਦਮੀ ਪਾਰਟੀ ਦੇ ਸਮੂਹ ਵਰਕਰਾਂ, ਆਗੂਆਂ ਤੇ ਲੀਡਰਾਂ ਦਾ ਵੀ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ, ਜਿਨ੍ਹਾਂ ਨੇ ਨਿਯੁਕਤੀ ਤੋਂ ਬਾਅਦ ਉਨ੍ਹਾਂ ਨੂੰ ਵਧਾਈਆਂ ਤੇ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਮਿਲੀ ਹਰ ਜ਼ਿੰਮੇਵਾਰੀ ਲੋਕਾਂ ਦੀ ਸੇਵਾ ਤੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਹੋਰ ਵਧੇਰੇ ਉਤਸ਼ਾਹ ਨਾਲ ਕੰਮ ਕਰਨ ਦੀ ਪ੍ਰੇਰਣਾ ਦਿੰਦੀ ਹੈ। ਉਨ੍ਹਾਂ ਕਿਹਾ ਕਿ ਫਗਵਾੜਾ ਦੇ ਲੋਕਾਂ ਦਾ ਪਿਆਰ ਤੇ ਸਾਥ ਉਨ੍ਹਾਂ ਲਈ ਹਮੇਸ਼ਾ ਹੌਸਲੇ ਦਾ ਸਰੋਤ ਰਹੇਗਾ।