ਮਾਨ ਸਰਕਾਰ ਦੀਆਂ ਉਪਲੱਬਧੀਆਂ ਹਰ ਘਰ ਪਹੁੰਚ ਰਹੀਆਂ : ਚੰਦੀ
ਮਾਨ ਸਰਕਾਰ ਦੀਆਂ ਚਾਰ ਸਾਲ ਦੀਆਂ ਉਪਲੱਬਧੀਆਂ ਹੁਣ ਹਰ ਘਰ ਤੱਕ ਪਹੁੰਚ ਰਹੀਆਂ ਹਨ : ਐਡਵੋਕੇਟ ਚੰਦੀ
Publish Date: Sun, 29 Mar 2026 09:34 PM (IST)
Updated Date: Sun, 29 Mar 2026 09:35 PM (IST)

ਆਪ ਹਲਕਾ ਇੰਚਾਰਜ ਤੇ ਪਾਰਟੀ ਆਗੂਆਂ ਵੱਲੋਂ ਹਲਕੇ ਦੇ ਪਿੰਡਾਂ ਤੇ ਵਾਰਡਾਂ ’ਚ ਮੀਟਿੰਗਾਂ ਜਾਰੀ ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਪੰਜਾਬ ਦੀ ਆਪ ਸਰਕਾਰ ਵੱਲੋਂ ਆਪਣੇ 4 ਸਾਲਾਂ ਦੇ ਰਿਪੋਰਟ ਕਾਰਡ ਨੂੰ ਪੰਜਾਬ ਦੇ ਘਰ-ਘਰ ਪਹੁੰਚਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਦੇ ਤਹਿਤ ਵਿਰਾਸਤੀ ਸ਼ਹਿਰ ਵਿਖੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਵੀਰ ਸਿੰਘ ਚੰਦੀ ਵੱਲੋਂ ਹਲਕੇ ਦੇ ਪਿੰਡਾਂ ਤੇ ਵਾਰਡਾਂ ਵਿਚ ਵੱਖ-ਵੱਖ ਜਨ ਸਭਾਵਾਂ ਕਰ ਕੇ ਲੋਕਾਂ ਨੂੰ ਚਾਰ ਸਾਲਾਂ ਦੀਆਂ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ ਜਾ ਰਿਹਾ ਹੈ। ਇਸ ਮੁਹਿੰਮ ਦੇ ਤਹਿਤ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਵੀਰ ਸਿੰਘ ਚੰਦੀ ਸ਼ਹਿਰ ਦੇ ਵਾਰਡ ਨੰਬਰ 13 ਵਿਖੇ ਲੋਕਾਂ ਦੇ ਭਾਰੀ ਇੱਕਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਪੂਰੇ ਦੇਸ਼ ਵਿਚ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਚਰਚਾ ਹੈ। ਭਾਰਤ ਸਰਕਾਰ ਦੇ ਸਰਵੇਖਣ ਨੇ ਵੀ ਮੰਨਿਆ ਹੈ ਕਿ ਪੰਜਾਬ ਦੇ ਸਕੂਲ ਨੰਬਰ ਇਕ ਬਣ ਚੁੱਕੇ ਹਨ। 28,000 ਤੋਂ ਵੱਧ ਅਧਿਆਪਕਾਂ ਦੀ ਪਾਰਦਰਸ਼ੀ ਭਰਤੀ ਤੇ ਫਿਨਲੈਂਡ-ਸਿੰਗਾਪੁਰ ਵਿਚ ਉਨ੍ਹਾਂ ਦੀ ਸਿਖਲਾਈ ਦਾ ਹੀ ਨਤੀਜਾ ਹੈ ਕਿ ਅੱਜ ਪੰਜਾਬ ਦੇ ਬੱਚੇ ਜੇਈਈ ਤੇ ਨੀਟ ਵਰਗੀਆਂ ਪ੍ਰੀਖਿਆਵਾਂ ਪਾਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ 90 ਫ਼ੀਸਦ ਘਰਾਂ ਦਾ ਬਿਜਲੀ ਬਿੱਲ ਜ਼ੀਰੋ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਨਸ਼ਿਆਂ ਵਿਰੁੱਧ ਨਿਰਣਾਇਕ ਜੰਗ ਛੇੜੀ ਹੈ, ਜਿਸ ਤਹਿਤ 92,000 ਤੋਂ ਵੱਧ ਤਸਕਰ ਸਲਾਖਾਂ ਪਿੱਛੇ ਹਨ। ਇਸ ਦੇ ਨਾਲ ਹੀ 65,000 ਸਰਕਾਰੀ ਨੌਕਰੀਆਂ ਬਿਨਾਂ ਕਿਸੇ ਰਿਸ਼ਵਤ ਜਾਂ ਸਿਫ਼ਾਰਸ਼ ਦੇ ਕੇਵਲ ਮੈਰਿਟ ਦੇ ਆਧਾਰ ’ਤੇ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ 881 ਆਮ ਆਦਮੀ ਕਲੀਨਿਕ ਚੱਲ ਰਹੇ ਹਨ, ਜਿਥੇ 5 ਕਰੋੜ ਤੋਂ ਵੱਧ ਲੋਕ ਮੁਫ਼ਤ ਇਲਾਜ ਕਰਵਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੀਆਂ ਉਪਲੱਬਧੀਆਂ ਹੁਣ ਹਰ ਘਰ ਤੱਕ ਪਹੁੰਚ ਰਹੀਆਂ ਹਨ। ਇਸ ਸਿਲਸਿਲੇ ਵਿਚ ਮੇਰੇ ਹਲਕੇ ਵਿਚ ਵਾਰਡ ਨੰਬਰ 13 ਵਿਚ ਆਯੋਜਿਤ ਮੀਟਿੰਗਾਂ ਦੌਰਾਨ ਇਲਾਕਾ ਵਾਸੀਆਂ ਨਾਲ ਸਿੱਧੀ ਗੱਲਬਾਤ ਕਰਕੇ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਤੇ ਪੂਰੀਆਂ ਕੀਤੀਆਂ ਗਰੰਟੀਆਂ ਬਾਰੇ ਜਾਣਕਾਰੀ ਦਿੱਤੀ। ਲੋਕਾਂ ਵੱਲੋਂ ਮਿਲਦਾ ਪਿਆਰ ਤੇ ਭਰੋਸਾ ਇਹ ਦਰਸਾਉਂਦਾ ਹੈ ਕਿ ਮਾਨ ਸਰਕਾਰ ਦੇ ਕੰਮ ਸਹੀ ਦਿਸ਼ਾ ਵਿਚ ਅੱਗੇ ਵੱਧ ਰਹੇ ਹਨ ਤੇ ਅਸੀਂ ਇਸ ਵਿਕਾਸ ਦੀ ਰਫ਼ਤਾਰ ਹੋਰ ਤੇਜ਼ ਕਰਦੇ ਰਹਾਂਗੇ।