ਮਿਲਰਜ਼ ਦੀਆਂ ਸਮੱਸਿਆਵਾਂ ਦੇ ਹੱਲ ਲਈ ਪ੍ਰਸ਼ਾਸਨ ਵਚਨਬੱਧ ਝੋਨੇ ਦੀ ਨਿਰਵਿਘਨ ਖਰੀਦ ਲਈ ਰਾਈਸ ਮਿੱਲਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪ੍ਰਸ਼ਾਸਨ ਵਚਨਬੱਧ
Publish Date: Thu, 01 Oct 2026 09:34 PM (IST)
Updated Date: Thu, 01 Oct 2026 09:36 PM (IST)
ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਕਪੂਰਥਲਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਸੱਜਣ ਸਿੰਘ ਚੀਮਾ ਦੇ ਨਾਲ ਖੁਰਾਕ, ਸਿਵਲ ਸਪਲਾਈਜ਼ ਤੇ ਖਪਤਕਾਰ ਮਾਮਲੇ ਵਿਭਾਗ ਦੇ ਅਧਿਕਾਰੀਆਂ ਤੇ ਰਾਈਸ ਮਿੱਲਰਾਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਦਾ ਮਕਸਦ ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਦੇ ਸੀਜ਼ਨ ਨੂੰ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਸਬੰਧਤ ਧਿਰਾਂ ਦਾ ਪੂਰਨ ਸਹਿਯੋਗ ਯਕੀਨੀ ਬਣਾਉਣਾ ਸੀ। ਮੀਟਿੰਗ ਦੌਰਾਨ ਜ਼ਿਲ੍ਹਾ ਰਾਈਸ ਮਿੱਲਰਜ਼ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਡਿਪਟੀ ਕਮਿਸ਼ਨਰ ਤੇ ਚੇਅਰਮੈਨ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਰਾਈਸ ਮਿੱਲਰਾਂ ਦੀਆਂ ਮੁਸ਼ਕਲਾਂ ਦਾ ਨੋਟਿਸ ਲੈਂਦਿਆਂ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਸਪੱਸ਼ਟ ਤੌਰ ’ਤੇ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਉਨ੍ਹਾਂ ਦੀਆਂ ਜਾਇਜ਼ ਸਮੱਸਿਆਵਾਂ ਦੇ ਹੱਲ ਤੇ ਖਰੀਦ ਸੀਜ਼ਨ ਦੌਰਾਨ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਹਰ ਸੰਭਵ ਸਹਿਯੋਗ ਦੇਣ ਵਾਸਤੇ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮੱਸਿਆਵਾਂ ਦੇ ਜਲਦੀ ਹੱਲ ਲਈ ਮਾਮਲੇ ਨੂੰ ਉੱਚ ਅਧਿਕਾਰੀਆਂ ਤੇ ਹੋਰ ਸਬੰਧਤ ਧਿਰਾਂ ਕੋਲ ਉਠਾਇਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਇਸ ਸਬੰਧ ਵਿੱਚ ਆੜ੍ਹਤੀਆਂ ਨਾਲ ਵੀ ਮੀਟਿੰਗ ਕੀਤੀ ਜਾਵੇਗੀ, ਤਾਂ ਜੋ ਆਪਸੀ ਤਾਲਮੇਲ ਰਾਹੀਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਖਰੀਦੇ ਗਏ ਝੋਨੇ ਦੀ ਨਿਰਵਿਘਨ ਤੇ ਸਮੇਂ ਸਿਰ ਢੋਆ-ਢੁਆਈ ਯਕੀਨੀ ਬਣਾਉਣ ਲਈ ਵਾਧੂ ਵਿਸ਼ੇਸ਼ ਮਾਲ ਗੱਡੀਆਂ ਦੇ ਰੈਕਾਂ ਦਾ ਪ੍ਰਬੰਧ ਕਰਨ ਵਾਸਤੇ ਸਾਰੇ ਲੋੜੀਂਦੇ ਇੰਤਜ਼ਾਮ ਕੀਤੇ ਜਾਣ। ਰਾਈਸ ਮਿੱਲਰਾਂ ਦੇ ਨੁਮਾਇੰਦਿਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਅਫ਼ਸਰ ਪ੍ਰੀਤ ਕਮਲ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।