- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਿਸਾਨਾਂ ਦੀਆਂ ਜ਼ਮੀਨਾਂ ਡੁੱਬਣ ਤੋਂ ਪਹਿਲਾਂ ਜਾਗੇ ਪ੍ਰਸ਼ਾਸਨ, ਨੌਚ ਤੋੜਨ ਵਾਲਿਆਂ ’ਤੇ ਹੋਵੇ ਸਖ਼ਤ ਕਾਰਵਾਈ

ਅਕਾਲੀ ਦਲ ਵਾਰਿਸ ਪੰਜਾਬ ਦੇ ਅਤੇ ਕਿਸਾਨ ਆਗੂਆਂ ਨੇ ਦਿੱਤੀ ਚਿਤਾਵਨੀ
ਕਿਹਾ, ਨੌਚ ਤੋੜਨ ਵਾਲਿਆਂ ’ਤੇ ਹੋਵੇ ਸਖ਼ਤ ਕਾਰਵਾਈ
ਕਿਸਾਨਾਂ ਦੀ ਜ਼ਮੀਨ ਤੇ ਧੁੱਸੀ ਬੰਨ੍ਹ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ
ਕੁਲਵਿੰਦਰ ਸਿੰਘ ਲਾਡੀ, ਪੰਜਾਬੀ ਜਾਗਰਣ
ਫੱਤੂਢੀਂਗਾ : ਮੰਡ ਬਤਾਲਾ ਵਿਖੇ ਦਰਿਆ ਬਿਆਸ ਦੇ ਤੇਜ਼ ਵਹਾਅ ਤੋਂ ਕਿਸਾਨਾਂ ਦੀਆਂ ਜ਼ਮੀਨਾਂ ਅਤੇ ਧੁੱਸੀ ਬੰਨ੍ਹ ਦੀ ਸੁਰੱਖਿਆ ਲਈ ਸਰਕਾਰੀ ਤੌਰ ’ਤੇ ਬਣਾਈ ਗਈ ਨੌਚ/ਬਚਾਅ ਪ੍ਰਬੰਧ ਨੂੰ ਕਥਿਤ ਤੌਰ ’ਤੇ ਤੋੜੇ ਜਾਣ ਦਾ ਗੰਭੀਰ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਅਤੇ ਕਿਸਾਨ ਆਗੂਆਂ ਦੇ ਇਕ ਵਫ਼ਦ ਵੱਲੋਂ ਡਿਪਟੀ ਕਮਿਸ਼ਨਰ ਕਪੂਰਥਲਾ ਅਕਾਸ਼ ਬਾਂਸਲ ਅਤੇ ਐੱਸਡੀਐੱਮ ਕਪੂਰਥਲਾ ਮੇਜਰ ਇਰਵਿਨ ਕੌਰ ਨਾਲ ਮੁਲਾਕਾਤ ਕਰ ਕੇ ਮਾਮਲੇ ਸਬੰਧੀ ਵਿਸਥਾਰਪੂਰਵਕ ਜਾਣੂ ਕਰਵਾਇਆ ਗਿਆ। ਵਫ਼ਦ ਨੇ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਂਦਾ ਕਿ ਮੰਡ ਬਤਾਲਾ, ਬਲਾਕ/ਥਾਣਾ ਢਿੱਲਵਾਂ, ਹਲਕਾ ਭੁਲੱਥ ਵਿਖੇ ਦਰਿਆ ਬਿਆਸ ਦੇ ਤੇਜ਼ ਵਹਾਅ ਅਤੇ ਹੜ੍ਹਾਂ ਦੌਰਾਨ ਕਿਸਾਨਾਂ ਦੀਆਂ ਜ਼ਮੀਨਾਂ ਨੂੰ ਮਿੱਟੀ ਦੇ ਕਟਾਅ ਤੋਂ ਬਚਾਉਣ ਲਈ ਕਰੀਬ ਦੋ ਦਹਾਕੇ ਪਹਿਲਾਂ ਸਰਕਾਰੀ ਪੱਧਰ ’ਤੇ ਪੱਥਰਾਂ ਅਤੇ ਮਿੱਟੀ ਨਾਲ ਇੱਕ ਬਚਾਅ ਪ੍ਰਬੰਧ/ਨੌਚ ਤਿਆਰ ਕੀਤੀ ਗਈ ਸੀ। ਆਗੂਆਂ ਅਨੁਸਾਰ ਪਿਛਲੇ ਦਿਨੀਂ ਕੁਝ ਵਿਅਕਤੀਆਂ ਵੱਲੋਂ ਕਥਿਤ ਤੌਰ ’ਤੇ ਇਸ ਸਰਕਾਰੀ ਬਚਾਅ ਢਾਂਚੇ ਨੂੰ ਨੁਕਸਾਨ ਪਹੁੰਚਾਇਆ ਗਿਆ, ਜਿਸ ਕਾਰਨ ਦਰਿਆ ਦੇ ਪਾਣੀ ਦਾ ਰੁਖ ਕਿਸਾਨਾਂ ਦੀਆਂ ਜ਼ਮੀਨਾਂ ਅਤੇ ਧੁੱਸੀ ਬੰਨ੍ਹ ਵੱਲ ਹੋਣ ਦਾ ਖ਼ਤਰਾ ਪੈਦਾ ਹੋ ਗਿਆ ਹੈ।
ਵਫ਼ਦ ਨੇ ਡਿਪਟੀ ਕਮਿਸ਼ਨਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਦਰਿਆ ਦੇ ਤੇਜ਼ ਵਹਾਅ ਨੂੰ ਤੁਰੰਤ ਕੰਟਰੋਲ ਨਾ ਕੀਤਾ ਗਿਆ ਅਤੇ ਬਚਾਅ ਪ੍ਰਬੰਧ ਨੂੰ ਮੁੜ ਬਹਾਲ ਨਾ ਕੀਤਾ ਗਿਆ ਤਾਂ ਕਿਸਾਨਾਂ ਦੀਆਂ ਜ਼ਮੀਨਾਂ, ਫ਼ਸਲਾਂ ਅਤੇ ਧੁੱਸੀ ਬੰਨ੍ਹ ਨੂੰ ਭਾਰੀ ਨੁਕਸਾਨ ਹੋ ਸਕਦਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੜ੍ਹ ਵਰਗੀ ਗੰਭੀਰ ਸਥਿਤੀ ਪੈਦਾ ਹੋਣ ਦਾ ਖ਼ਤਰਾ ਹੈ। ਆਗੂਆਂ ਨੇ ਕਿਹਾ ਕਿ ਕਿਸੇ ਵੀ ਸੰਭਾਵਿਤ ਨੁਕਸਾਨ ਲਈ ਪ੍ਰਸ਼ਾਸਨ ਦੀ ਦੇਰੀ ਜਾਂ ਲਾਪਰਵਾਹੀ ਜ਼ਿੰਮੇਵਾਰ ਨਹੀਂ ਹੋਣੀ ਚਾਹੀਦੀ। ਆਗੂਆਂ ਨੇ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਅਤੇ ਉੱਚ ਪੱਧਰੀ ਜਾਂਚ ਕਰਵਾਈ ਜਾਵੇ, ਮੌਕੇ ’ਤੇ ਸਬੰਧਤ ਵਿਭਾਗਾਂ ਦੀ ਸਾਂਝੀ ਟੀਮ ਭੇਜ ਕੇ ਤੁਰੰਤ ਤਕਨੀਕੀ ਮੁਲਾਂਕਣ ਕਰਵਾਇਆ ਜਾਵੇ ਅਤੇ ਜੇਕਰ ਜਾਂਚ ਦੌਰਾਨ ਸਰਕਾਰੀ ਬਚਾਅ ਢਾਂਚੇ ਨੂੰ ਜਾਣਬੁੱਝ ਕੇ ਜਾਂ ਗੈਰ-ਕਾਨੂੰਨੀ ਤਰੀਕੇ ਨਾਲ ਨੁਕਸਾਨ ਪਹੁੰਚਾਉਣ ਦੀ ਪੁਸ਼ਟੀ ਹੁੰਦੀ ਹੈ ਤਾਂ ਜ਼ਿੰਮੇਵਾਰ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਐੱਫਆਈਆਰ ਦਰਜ ਕਰ ਕੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਸਰਕਾਰੀ ਸੰਪਤੀ ਨੂੰ ਹੋਏ ਨੁਕਸਾਨ ਦੀ ਕਾਨੂੰਨ ਅਨੁਸਾਰ ਭਰਪਾਈ ਵੀ ਕਰਵਾਈ ਜਾਵੇ।
ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਵਫ਼ਦ ਨੂੰ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਤੁਰੰਤ ਲੋੜੀਂਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ। ਵਫ਼ਦ ਵੱਲੋਂ ਮੰਗ ਕੀਤੀ ਗਈ ਕਿ ਕਿਸਾਨਾਂ ਦੀਆਂ ਜ਼ਮੀਨਾਂ ਅਤੇ ਧੁੱਸੀ ਬੰਨ੍ਹ ਦੀ ਸੁਰੱਖਿਆ ਲਈ ਐਮਰਜੈਂਸੀ ਪੱਧਰ ’ਤੇ ਬਚਾਅ ਕਾਰਜ ਸ਼ੁਰੂ ਕਰਵਾਏ ਜਾਣ ਅਤੇ ਕਿਸੇ ਵੀ ਸੰਭਾਵਿਤ ਹੜ੍ਹ ਦੀ ਸਥਿਤੀ ਨਾਲ ਨਜਿੱਠਣ ਲਈ ਪਹਿਲਾਂ ਤੋਂ ਢੁਕਵੇਂ ਪ੍ਰਬੰਧ ਕੀਤੇ ਜਾਣ। ਇਸ ਮੌਕੇ ਆਗੂਆਂ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਕਿਸਾਨਾਂ ਦੀਆਂ ਜ਼ਮੀਨਾਂ ਅਤੇ ਲੋਕਾਂ ਦੀ ਜਾਨ-ਮਾਲ ਨਾਲ ਕਿਸੇ ਵੀ ਕਿਸਮ ਦਾ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜੇਕਰ ਪ੍ਰਸ਼ਾਸਨ ਵੱਲੋਂ ਵਾਅਦੇ ਅਨੁਸਾਰ ਤੁਰੰਤ ਕਾਰਵਾਈ ਅਮਲ ਵਿੱਚ ਨਾ ਲਿਆਂਦੀ ਗਈ ਅਤੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਨਾ ਕੀਤੀ ਗਈ ਤਾਂ ਅਕਾਲੀ ਦਲ ਵਾਰਿਸ ਪੰਜਾਬ ਦੇ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਲੋਕਾਂ ਨੂੰ ਨਾਲ ਲੈ ਕੇ ਸੜਕਾਂ ’ਤੇ ਉਤਰ ਕੇ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ, ਜਿਸ ਦੀ ਸਾਰੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ। ਇਸ ਮੌਕੇ ਗੁਰਦੀਪ ਸਿੰਘ ਭੰਡਾਲ, ਜ਼ਿਲ੍ਹਾ ਪ੍ਰਧਾਨ ਅਕਾਲੀ ਦਲ ਵਾਰਿਸ ਪੰਜਾਬ ਦੇ ਕਪੂਰਥਲਾ, ਕਿਸਾਨ ਆਗੂ ਬਲਦੇਵ ਸਿੰਘ ਸਿਰਸਾ, ਜ਼ਿਲ੍ਹਾ ਯੂਥ ਪ੍ਰਧਾਨ ਪਰਮਿੰਦਰ ਸਿੰਘ ਕਾਹਨਾਂ ਅਤੇ ਹਲਕਾ ਭੁਲੱਥ ਯੂਥ ਪ੍ਰਧਾਨ ਅਮਨਦੀਪ ਸਿੰਘ ਬੱਲ, ਜਸਵਿੰਦਰ ਸਿੰਘ ਨੰਬਰਦਾਰ, ਮੱਖਣ ਸਿੰਘ ਨੰਬਰਦਾਰ, ਮਨਜੀਤ ਸਿੰਘ ਪ੍ਰਧਾਨ ਗੁਰਦੁਆਰਾ ਕਮੇਟੀ, ਮੇਜਰ ਸਿੰਘ, ਹਰਭਜਨ ਸਿੰਘ, ਗੁਰਪ੍ਰੀਤ ਸਿੰਘ ਬੱਲ, ਅਮਰਜੀਤ ਸਿੰਘ, ਜਸਵੰਤ ਸਿੰਘ ਆਦਿ ਹਾਜ਼ਰ ਰਹੇ।