ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਵਾਲੀਆ ਤੇ ਕਾਦੂਪੁਰ ਅਕਾਲੀ ਦਲ ’ਚੋਂ ਬਾਹਰ ਅਕਾਲੀ ਦਲ ਨੇ ਹਰਜੀਤ ਵਾਲੀਆ ਤੇ ਸੁਖਦੇਵ ਕਾਦੂਪੁਰ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ਾਂ ਤਹਿਤ ਪਾਰਟੀ ਵਿਚੋਂ ਕੱਢਿਆ
Publish Date: Sat, 01 Aug 2026 09:43 PM (IST)
Updated Date: Sat, 01 Aug 2026 09:43 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਕਪੂਰਥਲਾ : ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਅਨੁਸ਼ਾਸਨ ਨੂੰ ਮਜ਼ਬੂਤ ਬਣਾਈ ਰੱਖਣ ਦੇ ਮੱਦੇਨਜ਼ਰ ਕਪੂਰਥਲਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਹਰਜੀਤ ਸਿੰਘ ਵਾਲੀਆ ਤੇ ਸੁਖਦੇਵ ਸਿੰਘ ਸੁੱਖਾ ਕਾਦੂਪੁਰ ਨੂੰ ਪਿਛਲੇ ਲੰਮੇ ਸਮੇਂ ਤੋਂ ਪਾਰਟੀ ਦੀਆਂ ਗਤੀਵਿਧੀਆਂ ਤੋਂ ਗੈਰਹਾਜ਼ਰ ਰਹਿਣ ਤੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ਾਂ ਤਹਿਤ ਸਖ਼ਤ ਕਾਰਵਾਈ ਕਰਦਿਆਂ ਉਨ੍ਹਾਂ ਦੀ ਮੁੱਢਲੀ ਮੈਂਬਰਸ਼ਿਪ ਖ਼ਤਮ ਕਰ ਦਿੱਤੀ ਹੈ। ਇਹ ਫ਼ੈਸਲਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸੀਨੀਅਰ ਆਗੂਆਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਲਿਆ ਗਿਆ। ਇਸ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਨੇ ਦੋਸ਼ ਲਗਾਇਆ ਕਿ ਹਰਜੀਤ ਸਿੰਘ ਵਾਲੀਆ ਤੇ ਸੁਖਦੇਵ ਸਿੰਘ ਸੁੱਖਾ ਕਾਦੂਪੁਰ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਪਾਰਟੀ ਪ੍ਰੋਗਰਾਮਾਂ ਤੋਂ ਦੂਰੀ ਬਣਾਈ ਹੋਈ ਹੈ ਤੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਤਹਿਤ ਕੰਮ ਕੀਤਾ ਜਾ ਰਿਹਾ ਹੈ, ਜਿਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾ ਜਾਵੇਗਾ। ਇਸ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਵਿਚਾਰ-ਵਟਾਂਦਰਾ ਕਰਨ ਦੇ ਬਾਅਦ ਇਨ੍ਹਾਂ ਦੋਵਾਂ ਆਗੂਆਂ ਨੂੰ ਪਾਰਟੀ ਵਿੱਚੋ ਕੱਢਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪਾਰਟੀ ਦੇ ਮਿਹਨਤੀ ਤੇ ਸਮਰਪਿਤ ਵਰਕਰ ਪਹਿਲਾਂ ਹੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਆਪਣਾ ਕੰਮ ਸੁਚੱਜੇ ਢੰਗ ਨਾਲ ਕਰ ਰਹੇ ਹਨ। ਅਜਿਹੇ ਵਿੱਚ ਇਨ੍ਹਾਂ ਆਗੂਆਂ ਵੱਲੋਂ ਪਾਰਟੀ ਲਾਈਨ ਤੋਂ ਬਾਹਰ ਹੋ ਕੇ ਕੰਮ ਕਰਨਾ ਪਾਰਟੀ ਅਨੁਸ਼ਾਸਨ ਤੇ ਪੰਥਕ ਏਕਤਾ ਦੇ ਯਤਨਾਂ ਲਈ ਨੁਕਸਾਨਦਾਇਕ ਮੰਨਿਆ ਗਿਆ। ਸਿੱਧੂ ਨੇ ਕਿਹਾ ਕਿ ਪਾਰਟੀ ਵਿੱਚ ਅਨੁਸ਼ਾਸਨਹੀਣਤਾ ਤੇ ਪਾਰਟੀ ਵਿਰੋਧੀ ਕਾਰਵਾਈਆਂ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਹਰ ਆਗੂ ਜਾਂ ਵਰਕਰ ਲਈ ਪਾਰਟੀ ਦੀ ਨੀਤੀ ਤੇ ਫ਼ੈਸਲਿਆਂ ਦੀ ਪਾਲਣਾ ਕਰਨਾ ਲਾਜ਼ਮੀ ਹੈ। ਉਨ੍ਹਾਂ ਨੇ ਸਮੂਹ ਅਹੁਦੇਦਾਰਾਂ ਤੇ ਵਰਕਰਾਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 2027 ਦੌਰਾਨ ਹਲਕਾ ਕਪੂਰਥਲਾ ਤੋਂ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਵਿਚ ਪਾਉਣ ਲਈ ਇਕਜੁੱਟ ਹੋਕੇ ਕੰਮ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਪਾਰਟੀ ਵਿਰੋਧੀ ਕਿਸੇ ਵੀ ਗਤੀਵਿਧੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਉਸ ਵਰਕਰ ਤੇ ਅਹੁਦੇਦਾਰ ’ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ, ਜੋ ਪਾਰਟੀ ਲਾਈਨ ਤੋਂ ਬਾਹਰ ਹੋ ਕੇ ਕੰਮ ਕਰੇਗਾ।