ਪੰਜਾਬ ਨੂੰ ‘ਆਪ-ਦਾ ਤੋਂ ਮੁਕਤ ਕਰਵਾਏਗਾ ਗੱਠਜੋੜ : ਕੁਲਾਰ ਪੰਜਾਬ ਦੇ ਲੋਕਾਂ ਨੂੰ ‘ਆਪ-ਦਾ ਤੋਂ ਮੁਕਤ ਕਰਵਾਉਣ ਦਾ ਕੰਮ ਕਰੇਗਾ ਅਕਾਲੀ-ਭਾਜਪਾ ਗੱਠਜੋੜ : ਅੰਮ੍ਰਿਤ ਪਾਲ ਸਿੰਘ ਕੁਲਾਰ
Publish Date: Sat, 28 Nov 2026 07:59 PM (IST)
Updated Date: Sat, 28 Nov 2026 08:01 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਹੋਏ ਗੱਠਜੋੜ ਦਾ ਸਵਾਗਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਯੂਥ ਮੀਤ ਪ੍ਰਧਾਨ ਅੰਮ੍ਰਿਤ ਪਾਲ ਸਿੰਘ ਕੁਲਾਰ ਤੇ ਸ਼੍ਰੋਮਣੀ ਅਕਾਲੀ ਦਲ ਦਿਹਾਤੀ ਯੂਥ ਪ੍ਰਧਾਨ ਰਣਜੀਤ ਸਿੰਘ ਜੀਤੀ ਖੇੜਾ ਨੇ ਕਿਹਾ ਕਿ ਇਹ ਗੱਠਜੋੜ ਪੰਜਾਬ ਦੀ ਸਿਆਸਤ ਵਿੱਚ ਇੱਕ ਨਵਾਂ ਮੋੜ ਸਾਬਤ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਪਿਛਲੇ ਲਗਭਗ 10 ਸਾਲਾਂ ਦੌਰਾਨ ਵੱਖ-ਵੱਖ ਸਰਕਾਰਾਂ ਦੇ ਕਾਰਜਕਾਲ ਵਿੱਚ ਕਈ ਮੁਸ਼ਕਲਾਂ ਦਾ ਸਾਹਮਣਾ ਕੀਤਾ ਹੈ। ਪਹਿਲਾਂ ਪੰਜ ਸਾਲ ਕਾਂਗਰਸ ਸਰਕਾਰ ਦੇ ਰਾਜ ਦੌਰਾਨ ਤੇ ਹੁਣ ਆਮ ਆਦਮੀ ਪਾਰਟੀ ਦੀ ਮੌਜੂਦਾ ਸਰਕਾਰ ਦੇ ਕਾਰਜਕਾਲ ਵਿੱਚ ਪੰਜਾਬ ਸਮੇਤ ਫਗਵਾੜਾ ਦੇ ਲੋਕਾਂ ਨੂੰ ਵੀ ਨਿਰਾਸ਼ਾ ਦਾ ਸਾਹਮਣਾ ਕਰਨਾ ਪਿਆ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਇਲਾਕੇ ਵਿੱਚ ਵਿਕਾਸ ਕਾਰਜਾਂ ਦੀ ਰਫ਼ਤਾਰ ਉਮੀਦਾਂ ਅਨੁਸਾਰ ਨਹੀਂ ਰਹੀ ਤੇ ਕਈ ਕੰਮ ਅਜੇ ਵੀ ਅਧੂਰੇ ਪਏ ਹਨ। ਕੁਲਾਰ ਤੇ ਜੀਤੀ ਖੇੜਾ ਨੇ ਕਿਹਾ ਕਿ ਅਕਾਲੀ ਦਲ ਤੇ ਭਾਜਪਾ ਦੇ ਗੱਠਜੋੜ ਤੋਂ ਬਾਅਦ ਸੂਬੇ ਦੀ ਸਿਆਸਤ ਵਿੱਚ ਨਵੀਂ ਹਲਚਲ ਦੇਖਣ ਨੂੰ ਮਿਲ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਹ ਗੱਠਜੋੜ ਪੰਜਾਬ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੇ ਵਾਅਦਿਆਂ ਤੇ ਜੁਮਲਿਆਂ ਤੋਂ ਮੁਕਤੀ ਦਿਵਾਉਣ ਲਈ ਸਿਆਸੀ ਤੌਰ ’ਤੇ ਆਪਣੀ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਸੂਬੇ ਦੇ ਵਿਕਾਸ, ਰੁਜ਼ਗਾਰ, ਉਦਯੋਗਾਂ ਦੀ ਬਹਾਲੀ ਤੇ ਬਿਹਤਰ ਬੁਨਿਆਦੀ ਸਹੂਲਤਾਂ ਦੀ ਉਮੀਦ ਕਰ ਰਹੇ ਹਨ। ਉਨ੍ਹਾਂ ਅਕਾਲੀ-ਭਾਜਪਾ ਗੱਠਜੋੜ ਨੂੰ ਸੂਬੇ ਦੇ ਭਵਿੱਖ ਤੇ ਲੋਕਾਂ ਦੇ ਮੁੱਦਿਆਂ ਨੂੰ ਧਿਆਨ ਵਿੱਚ ਰੱਖ ਕੇ ਅੱਗੇ ਵਧਣ ਦੀ ਲੋੜ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਭਰੋਸਾ ਜਤਾਇਆ ਕਿ 2027 ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਲੋਕ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਜਿਤਾਕੇ ਪੰਜਾਬ ਨੂੰ ਮੁੜ ਤੋਂ ਵਿਕਾਸ ਦੇ ਰਾਹਾਂ ’ਤੇ ਲਿਜਾਣਗੇ।