ਅਕਾਲੀ-ਭਾਜਪਾ ਦਾ ਗੱਠਜੋੜ ਜ਼ੀਰੋ ਜਮ੍ਹਾਂ ਜ਼ੀਰੋ’: ਦਲਜੀਤ ਰਾਜੂ ਅਕਾਲੀ-ਭਾਜਪਾ ਦਾ ਗਠਜੋੜ ਜ਼ੀਰੋ ਜਮ੍ਹਾਂ ਜ਼ੀਰੋ’ ਪੰਜਾਬ ਦੇ ਲੋਕ ਵਿਕਾਸ ਅਤੇ ਕੰਮਾਂ ਦੀ ਰਾਜਨੀਤੀ ਨੂੰ ਦਿੰਦੇ ਹਨ ਤਰਜੀਹ : ਦਲਜੀਤ ਰਾਜੂ
Publish Date: Tue, 24 Nov 2026 09:54 PM (IST)
Updated Date: Tue, 24 Nov 2026 09:55 PM (IST)
--ਪੰਜਾਬੀ ਇਨ੍ਹਾਂ ਨੂੰ ਸਿਆਸੀ ਗੁੰਮਨਾਮੀ ’ਚ ਭੇਜ ਦੇਣਗੇ --ਇਨ੍ਹਾਂ ਨੂੰ ਪੰਜਾਬੀ ਕਦੇ ਮੁਆਫ਼ ਨਹੀਂ ਕਰਨਗੇ : ਆਪ ਅਮਰੀਕ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਹੋਏ ਮੁੜ ਗੱਠਜੋੜ ’ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਰਾਜੂ ਨੇ ਕਿਹਾ ਕਿ ਪੰਜਾਬ ਦੇ ਲੋਕ ਇਨ੍ਹਾਂ ਦੋਵਾਂ ਪਾਰਟੀਆਂ ਦੀਆਂ ਨੀਤੀਆਂ ਤੇ ਕਾਰਗੁਜ਼ਾਰੀ ਤੋਂ ਭਲੀ-ਭਾਂਤ ਜਾਣੂ ਹਨ। ਉਨ੍ਹਾਂ ਕਿਹਾ ਕਿ ਗਠਜੋੜ ਦਾ ਸਿਆਸੀ ਨਤੀਜਾ ਜ਼ੀਰੋ ਜਮ੍ਹਾਂ ਜ਼ੀਰੋ ਹੀ ਰਹੇਗਾ, ਕਿਉਂਕਿ ਪੰਜਾਬ ਵਾਸੀ ਹੁਣ ਵਿਕਾਸ, ਲੋਕ ਭਲਾਈ ਤੇ ਜ਼ਮੀਨੀ ਪੱਧਰ ’ਤੇ ਕੀਤੇ ਜਾ ਰਹੇ ਕੰਮਾਂ ਨੂੰ ਤਰਜੀਹ ਦਿੰਦੇ ਹਨ। ਉਨ੍ਹਾਂ ਭਾਜਪਾ-ਅਕਾਲੀ ਦਲ ਦੇ ਗੱਠਜੋੜ ਨੂੰ ਲੈ ਕੇ ਦੋਵਾਂ ਪਾਰਟੀਆਂ ’ਤੇ ਤਿੱਖਾ ਸਿਆਸੀ ਹਮਲਾ ਕੀਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਨੇ ਤਿੰਨ ਖੇਤੀ ਕਾਨੂੰਨਾਂ ਨੂੰ ਮੁੜ ਲਿਆਉਣ ਦੀ ਸ਼ਰਤ ’ਤੇ ਅਕਾਲੀ ਦਲ ਨਾਲ ਸਮਝੌਤਾ ਕੀਤਾ ਹੈ। ਦਲਜੀਤ ਰਾਜੂ ਨੇ ਕਿਹਾ ਕਿ ਆਪਸ ਵਿੱਚ ਸਮਝੌਤਾ ਕਰਨਾ ਪਾਰਟੀਆਂ ਦਾ ਅੰਦਰੂਨੀ ਫ਼ੈਸਲਾ ਹੈ, ਪਰ ਇਸ ਨਾਲ ਉਨ੍ਹਾਂ ਦੀ ਪਿਛਲੀ ਕਾਰਗੁਜ਼ਾਰੀ ਬਾਰੇ ਲੋਕਾਂ ਦੀ ਰਾਇ ਨਹੀਂ ਬਦਲੇਗੀ। ਉਨ੍ਹਾਂ ਦੋਸ਼ ਲਾਇਆ ਕਿ ਲੰਮਾ ਸਮਾਂ ਪੰਜਾਬ ਵਿੱਚ ਸੱਤਾ ਸੰਭਾਲਣ ਤੇ ਕੇਂਦਰ ਵਿੱਚ ਭਾਈਵਾਲ ਰਹਿਣ ਦੇ ਬਾਵਜੂਦ ਦੋਵਾਂ ਧਿਰਾਂ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਆਪਣੀ ਜ਼ਿੰਮੇਵਾਰੀ ਨਹੀਂ ਨਿਭਾਈ। ਉਨ੍ਹਾਂ ਕਿਹਾ ਕਿ ਕਿਸਾਨ ਪਰਿਵਾਰਾਂ ਨੇ ਜੋ ਦੁੱਖ ਝੱਲਿਆ, ਉਸ ਨੂੰ ਪੰਜਾਬ ਦੇ ਲੋਕ ਭੁਲਾ ਨਹੀਂ ਸਕਦੇ ਤੇ ਇਸ ਲਈ ਜ਼ਿੰਮੇਵਾਰ ਧਿਰਾਂ ਨੂੰ ਮੁਆਫ਼ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੇ ਵਿਸ਼ਵਾਸ ਅਤੇ ਆਪਣੀ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਦੇ ਕਾਰਜਾਂ ਦੇ ਆਧਾਰ ’ਤੇ ਲੋਕਾਂ ਵਿੱਚ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਧਿਆਨ ਲੋਕਾਂ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕਰਨ ਤੇ ਸਿਹਤ, ਸਿੱਖਿਆ ਤੇ ਹੋਰ ਜਨਤਕ ਸਹੂਲਤਾਂ ਨੂੰ ਮਜ਼ਬੂਤ ਕਰਨ ’ਤੇ ਕੇਂਦਰਿਤ ਹੈ। ਉਨ੍ਹਾਂ ਕਿਹਾ ਕਿ ਗਠਜੋੜ ਕਿਸੇ ਵਿਚਾਰਧਾਰਾ ਜਾਂ ਲੋਕ ਭਲਾਈ ਦੇ ਏਜੰਡੇ ਦੀ ਬਜਾਏ ਸਿਰਫ਼ ਸਿਆਸੀ ਲਾਹੇ ਲਈ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਨ੍ਹਾਂ ਪਾਰਟੀਆਂ ਦੇ ਸਿਆਸੀ ਦਾਅਵਿਆਂ ਤੇ ਗਠਜੋੜ ਦੀ ਰਾਜਨੀਤੀ ਤੋਂ ਪ੍ਰਭਾਵਿਤ ਨਹੀਂ ਹੋਣਗੇ। ਦਲਜੀਤ ਰਾਜੂ ਨੇ ਕਿਹਾ ਕਿ ਪੰਜਾਬ ਦੇ ਲੋਕ ਭਾਜਪਾ ਤੇ ਅਕਾਲੀ ਦਲ ਨੂੰ ਉਨ੍ਹਾਂ ਦੇ ਕਥਿਤ ਪੰਜਾਬ ਵਿਰੋਧੀ ਰੁਖ਼ ਲਈ ਸਿਆਸੀ ਤੌਰ ’ਤੇ ਜਵਾਬ ਦੇਣਗੇ।