ਅਕਾਲੀ-ਭਾਜਪਾ ਗੱਠਜੋੜ ਪੰਜਾਬ ਦੇ ਹਿੱਤਾਂ ਲਈ ਚੰਗਾ : ਜੰਡੂ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦਾ ਗੱਠਜੋੜ ਪੰਜਾਬ ਦੇ ਹਿੱਤਾਂ ਲਈ ਵਧੀਆ ਕਦਮ : ਪੀ.ਐੱਸ. ਜੰਡੂ
Publish Date: Tue, 24 Nov 2026 06:46 PM (IST)
Updated Date: Tue, 24 Nov 2026 06:49 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਪੰਜਾਬ ਦਾ ਸਿਆਸੀ ਇਤਿਹਾਸ ਇਸ ਗੱਲ ਦਾ ਗਵਾਹ ਰਿਹਾ ਹੈ ਕਿ ਜਦੋਂ ਵੀ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਨੇ ਇਕੱਠਿਆਂ ਚੋਣ ਮੈਦਾਨ ਵਿੱਚ ਕਦਮ ਰੱਖਿਆ ਹੈ ਤਾਂ ਉਨ੍ਹਾਂ ਨੇ ਵੱਡੀਆਂ-ਵੱਡੀਆਂ ਸਿਆਸੀ ਪਾਰਟੀਆਂ ਨੂੰ ਸਖ਼ਤ ਟੱਕਰ ਦਿੱਤੀ ਹੈ। ਲਗਭਗ ਇੱਕ ਦਹਾਕੇ ਤੋਂ ਵੱਧ ਸਮੇਂ ਤੋਂ ਵੱਖ-ਵੱਖ ਚੋਣਾਂ ਲੜ ਰਹੇ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦਾ ਮੁੜ ਗੱਠਜੋੜ ਹੋਣਾ ਪੰਜਾਬ ਦੇ ਹਿੱਤਾਂ ਤੇ ਨੌਜਵਾਨਾਂ ਦੇ ਭਵਿੱਖ ਲਈ ਇੱਕ ਸ਼ਲਾਘਾਯੋਗ ਕਦਮ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਬੀਸੀ ਵਿੰਗ ਦੇ ਸੂਬਾ ਕੋਰ ਕਮੇਟੀ ਮੈਂਬਰ ਪਰਮਿੰਦਰ ਸਿੰਘ ਜੰਡੂ ਨੇ ਕਿਹਾ ਕਿ ਦੋਵਾਂ ਪਾਰਟੀਆਂ ਦਾ ਇਕੱਠੇ ਹੋਣਾ ਪੰਜਾਬ ਦੀ ਸਿਆਸਤ ਵਿੱਚ ਨਵੀਂ ਦਿਸ਼ਾ ਤੈਅ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਇਸ ਸਮੇਂ ਅਜਿਹੀ ਮਜ਼ਬੂਤ ਸਿਆਸੀ ਤਾਕਤ ਦੀ ਲੋੜ ਹੈ ਜੋ ਸੂਬੇ ਦੇ ਹੱਕਾਂ, ਕਿਸਾਨਾਂ, ਵਪਾਰੀਆਂ, ਨੌਜਵਾਨਾਂ ਤੇ ਹਰ ਵਰਗ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਉਠਾ ਸਕੇ। ਜੰਡੂ ਨੇ ਕਿਹਾ ਕਿ ਅਕਾਲੀ ਦਲ ਤੇ ਭਾਜਪਾ ਦਾ ਪੁਰਾਣਾ ਸਿਆਸੀ ਤਜਰਬਾ ਤੇ ਆਪਸੀ ਸਹਿਯੋਗ ਪੰਜਾਬ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾ ਸਕਦਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਗੱਠਜੋੜ ਸੂਬੇ ਵਿੱਚ ਸਿਆਸੀ ਸਥਿਰਤਾ ਲਿਆਉਣ ਦੇ ਨਾਲ-ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਤੇ ਪੰਜਾਬ ਨੂੰ ਮੁੜ ਤਰੱਕੀ ਦੀਆਂ ਲੀਹਾਂ ਤੇ ਲਿਆਉਣ ਵਿੱਚ ਸਹਾਈ ਹੋਵੇਗਾ।