ਤਪ ਅਸਥਾਨ ਨਿਰਮਲ ਕੁਟੀਆ ’ਚ ਪ੍ਰਕਾਸ਼ ਪੁਰਬ ਮਨਾਇਆ ਤਪ ਅਸਥਾਨ ਨਿਰਮਲ ਕੁਟੀਆ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
Publish Date: Sat, 28 Nov 2026 06:37 PM (IST)
Updated Date: Sat, 28 Nov 2026 06:40 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਸ਼੍ਰੀਮਾਨ ਸੰਤ ਬਾਬਾ ਦਲੇਲ ਸਿੰਘ ਜੀ ਮਹਾਰਾਜ ਤੇ ਉਨ੍ਹਾਂ ਤੋਂ ਵਰੋਸਾਏ ਸੰਤ ਬਾਬਾ ਮਲੂਕ ਸਿੰਘ ਮੋਨੀ ਜੀ ਮਹਾਰਾਜ ਦੀ ਨਿੱਘੀ ਯਾਦ ਵਿੱਚ ਤਪ ਅਸਥਾਨ ਨਿਰਮਲ ਕੁਟੀਆ ਛੰਭ ਵਾਲੀ, ਪਿੰਡ ਪੰਡਵਾ ਵਿਖੇ ਕਰਵਾਏ ਜਾ ਰਹੇ ਬਰਸੀ ਸਮਾਗਮਾਂ ਦੀ ਲੜੀ ਤਹਿਤ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਹ ਸਮਾਗਮ ਸੰਤ ਬਾਬਾ ਗੁਰਚਰਨ ਸਿੰਘ ਜੀ ਮਹਾਰਾਜ ਦੀ ਅਗਵਾਈ ਹੇਠ ਮਨਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਤ-ਮਹਾਂਪੁਰਸ਼ਾਂ ਸੰਤ ਗੁਰਮੀਤ ਸਿੰਘ ਜੀ ਮੋਗਾ ਵਾਲੇ, ਸੰਤ ਕਮਲੇਸ਼ ਗਿਰੀ ਜੀ ਸਪਰੋੜ ਵਾਲੇ, ਸੰਤ ਰਾਜ ਰਿਸ਼ੀ ਜੀ ਨਵਾਂ ਸ਼ਹਿਰ ਵਾਲੇ, ਧਾਰਮਿਕ ਸ਼ਖ਼ਸੀਅਤਾਂ ਤੇ ਸੰਗਤਾਂ ਨੇ ਸ਼ਿਰਕਤ ਕਰਕੇ ਗੁਰੂ ਚਰਨਾਂ ਵਿੱਚ ਆਪਣੀ ਹਾਜ਼ਰੀ ਲਗਵਾਈ। ਇਸ ਮੌਕੇ ਪੰਥ ਦੇ ਪ੍ਰਸਿੱਧ ਰਾਗੀ, ਢਾਡੀ ਤੇ ਕੀਰਤਨੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਸੰਤ ਕੁਲਦੀਪ ਸਿੰਘ ਵਜੂਹੇ ਵਾਲਿਆਂ ਨੇ ਆਪਣੀਆਂ ਰਸਭਿੰਨੀਆਂ ਧਾਰਮਿਕ ਵਿਚਾਰਾਂ ਤੇ ਗੁਰਮਤਿ ਵਿਆਖਿਆ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਇਸ ਉਪਰੰਤ ਗੁਰਮੀਤ ਸਿੰਘ ਜੀ ਮੋਗਾ ਵਾਲਿਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਫਲਸਫੇ ਤੇ ਉਨ੍ਹਾਂ ਵੱਲੋਂ ਦਰਸਾਏ ਗਏ ਸੱਚ, ਸੇਵਾ, ਨਾਮ ਸਿਮਰਨ ਤੇ ਸਰਬੱਤ ਦੇ ਭਲੇ ਦੇ ਸੰਦੇਸ਼ ਬਾਰੇ ਵਿਚਾਰਾਂ ਦੀ ਸਾਂਝ ਪਾਈ। ਸਮਾਗਮ ਦੌਰਾਨ ਸੰਤ ਬਾਬਾ ਗੁਰਚਰਨ ਸਿੰਘ ਜੀ ਮਹਾਰਾਜ ਵੱਲੋਂ ਪਹੁੰਚੀਆਂ ਪ੍ਰਮੁੱਖ ਸ਼ਖ਼ਸੀਅਤਾਂ, ਤੱਤਵੇਤੇ, ਖੱਟ ਦਰਸ਼ਨੀ ਨਿਰਮਲ ਭੇਖ, ਸਾਧੂ-ਸੰਤ ਸਮਾਜ ਦੇ ਮਹਾਂਪੁਰਸ਼ਾਂ ਤੇ ਕੀਰਤਨੀ ਜਥਿਆਂ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਵਜੋਂ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਤ ਬਾਬਾ ਗੁਰਚਰਨ ਸਿੰਘ ਜੀ ਮਹਾਰਾਜ ਨੇ ਦੱਸਿਆ ਕਿ ਮਿਤੀ 2 ਦਸੰਬਰ, ਦਿਨ ਬੁੱਧਵਾਰ ਨੂੰ ਤਪ ਅਸਥਾਨ ਨਿਰਮਲ ਕੁਟੀਆ ਛੰਭ ਵਾਲੀ, ਪਿੰਡ ਪੰਡਵਾ ਵਿਖੇ ਮਹਾਨ ਬਰਸੀ ਸਮਾਗਮ ਮਨਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਤੇ ਸੰਤ-ਮਹਾਂਪੁਰਸ਼ ਪਹੁੰਚ ਕੇ ਮਹਾਨ ਸ਼ਖ਼ਸੀਅਤਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ। ਅੰਤ ਵਿੱਚ ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਮਹਾਨ ਬਰਸੀ ਸਮਾਗਮ ਵਿੱਚ ਪਰਿਵਾਰਾਂ ਸਮੇਤ ਪਹੁੰਚ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਤੇ ਧਾਰਮਿਕ ਸਮਾਗਮਾਂ ਦਾ ਲਾਹਾ ਲੈਣ।