ਖੈੜਾ ਇੰਟਰਨੈਸ਼ਨਲ ਸਕੂਲ ’ਚ ਪ੍ਰਕਾਸ਼ ਪੁਰਬ ਮਨਾਇਆ ਖੈੜਾ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
Publish Date: Mon, 23 Nov 2026 07:45 PM (IST)
Updated Date: Mon, 23 Nov 2026 07:46 PM (IST)
--ਵਿਦਿਆਰਥੀਆਂ ਨੇ ਪ੍ਰਭਾਤ ਫੇਰੀ ਕੱਢੀ, ਜਪੁਜੀ ਸਾਹਿਬ ਦਾ ਪਾਠ ਤੇ ਸ਼ਬਦ ਕੀਰਤਨ ਕਰਕੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਕੀਤਾ ਯਾਦ ਅਮਰੀਕ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਖੈੜਾ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ, ਸਤਿਕਾਰ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਬੰਧੀ ਸਕੂਲ ਦੇ ਵਿਹੜੇ ਵਿੱਚ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ। ਸਮਾਗਮ ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਡਾਇਰੈਕਟਰ ਅਮਰੀਕ ਸਿੰਘ ਖੈੜਾ, ਗੁਰਬਖਸ਼ ਸਿੰਘ ਖੈੜਾ, ਜਤਿੰਦਰ ਸਿੰਘ ਤੇ ਪ੍ਰਿੰਸੀਪਲ ਮੰਜੂ ਬਾਲਾ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਵੱਲੋਂ ਸ਼ਰਧਾ ਭਾਵਨਾ ਨਾਲ ਕੱਢੀ ਗਈ ਪ੍ਰਭਾਤ ਫੇਰੀ ਨਾਲ ਹੋਈ। ਇਸ ਦੌਰਾਨ ਬੱਚਿਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੈਕਾਰਿਆਂ ਤੇ ਗੁਰਬਾਣੀ ਦੇ ਸ਼ਬਦਾਂ ਰਾਹੀਂ ਪੂਰੇ ਮਾਹੌਲ ਨੂੰ ਰੂਹਾਨੀ ਰੰਗ ਵਿੱਚ ਰੰਗ ਦਿੱਤਾ। ਵਿਦਿਆਰਥੀਆਂ ਵੱਲੋਂ ਜਪੁਜੀ ਸਾਹਿਬ ਦਾ ਪਾਠ ਤੇ ਸ਼ਬਦ ਕੀਰਤਨ ਵੀ ਕੀਤਾ ਗਿਆ। ਇਸ ਉਪਰੰਤ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਨੁੱਖਤਾ ਨੂੰ ਬਰਾਬਰਤਾ, ਆਪਸੀ ਪਿਆਰ, ਸਾਂਝੀਵਾਲਤਾ ਤੇ ਭਾਈਚਾਰਕ ਸਾਂਝ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੀਆਂ ਸਿੱਖਿਆਵਾਂ ਅੱਜ ਵੀ ਪੂਰੀ ਦੁਨੀਆ ਲਈ ਚਾਨਣ ਮੁਨਾਰਾ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਦਿੱਤਾ ਗਿਆ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦਾ ਸਿਧਾਂਤ ਸਾਨੂੰ ਇਮਾਨਦਾਰੀ ਨਾਲ ਮਿਹਨਤ ਕਰਨ, ਪਰਮਾਤਮਾ ਦਾ ਸਿਮਰਨ ਕਰਨ ਤੇ ਆਪਣੀ ਕਮਾਈ ਵਿੱਚੋਂ ਲੋੜਵੰਦਾਂ ਦੀ ਮਦਦ ਕਰਨ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਬੱਚਿਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਸਿਰਫ਼ ਆਪਣੇ ਜੀਵਨ ਵਿੱਚ ਯਾਦ ਹੀ ਨਾ ਰੱਖਣ, ਸਗੋਂ ਇਨ੍ਹਾਂ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਵੀ ਅਪਣਾਉਣ। ਮਾਪਿਆਂ, ਅਧਿਆਪਕਾਂ ਤੇ ਬਜ਼ੁਰਗਾਂ ਦਾ ਸਤਿਕਾਰ ਕਰਨ, ਸੱਚਾਈ ਦੇ ਰਸਤੇ ਤੇ ਚੱਲਣ ਤੇ ਸਮਾਜ ਦੀ ਭਲਾਈ ਲਈ ਹਮੇਸ਼ਾ ਯਤਨਸ਼ੀਲ ਰਹਿਣ। ਸਮਾਗਮ ਦੇ ਅੰਤ ਵਿੱਚ ਸਾਰੇ ਵਿਦਿਆਰਥੀਆਂ ਤੇ ਸਟਾਫ਼ ਮੈਂਬਰਾਂ ਨੂੰ ਗੁਰੂ ਕਾ ਲੰਗਰ ਛਕਾਇਆ ਗਿਆ। ਸਮੁੱਚਾ ਪ੍ਰੋਗਰਾਮ ਸਕੂਲ ਦੇ ਸਾਊਥ ਹਾਊਸ ਦੀ ਅਗਵਾਈ ਹੇਠ ਬੜੇ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਿਆ।