- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਜਪਾ-ਅਕਾਲੀ ਦਲ ਗਠਜੋੜ ਨਸ਼ਾਖੋਰੀ, ਗੈਂਗਸਟਰਵਾਦ ਅਤੇ ਆਰਥਿਕ ਸੰਕਟ ਤੋਂ ਰਾਹਤ ਦਿਵਾਏਗਾ : ਪ੍ਰਦੀਪ ਠਾਕੁਰ

ਕੈਪਸ਼ਨ: 25ਕੇਪੀਟੀ23
ਭਾਜਪਾ ਮੰਡਲ 1 ਦੇ ਪ੍ਰਧਾਨ ਪ੍ਰਦੀਪ ਠਾਕੁਰ।
* ਕਿਹਾ, ‘ਆਪ’ ਸਰਕਾਰ ਆਪਣੇ ਵਾਅਦਿਆਂ ਤੋਂ ਪਿੱਛੇ ਹਟ ਗਈ ਹੈ
ਗੁਰਵਿੰਦਰ ਕੌਰ, ਪੰਜਾਬੀ ਜਾਗਰਣ
ਕਪੂਰਥਲਾ : ਭਾਜਪਾ ਮੰਡਲ 1 ਦੇ ਪ੍ਰਧਾਨ ਪ੍ਰਦੀਪ ਠਾਕੁਰ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਤੇ ਭਾਜਪਾ ਵਿਚਕਾਰ ਗਠਜੋੜ ਦਾ ਸਵਾਗਤ ਕਰਦੇ ਹੋਏ ਇਸ ਨੂੰ ਪੰਜਾਬ ਦੇ ਰਾਜਨੀਤਿਕ ਅਤੇ ਆਰਥਿਕ ਭਵਿੱਖ ਲਈ ਇੱਕ ਸਕਾਰਾਤਮਕ ਕਦਮ ਦੱਸਿਆ। ਪ੍ਰਦੀਪ ਠਾਕੁਰ ਨੇ ਕਿਹਾ ਕਿ ਪੰਜਾਬ ਲੰਬੇ ਸਮੇਂ ਤੋਂ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ, ਗੈਂਗਸਟਰਵਾਦ ਤੇ ਆਰਥਿਕ ਚੁਣੌਤੀਆਂ ਨਾਲ ਜੂਝ ਰਿਹਾ ਹੈ। ਪ੍ਰਦੀਪ ਠਾਕੁਰ ਨੇ ਕਿਹਾ ਕਿ ਦੋਵਾਂ ਪਾਰਟੀਆਂ ਦੇ ਇਕੱਠੇ ਹੋਣ ਨਾਲ ਸੂਬੇ ’ਚ ਵਪਾਰਕ ਗਤੀਵਿਧੀਆਂ, ਕਾਨੂੰਨ ਵਿਵਸਥਾ ਤੇ ਵਿਕਾਸ ’ਚ ਸੁਧਾਰ ਦੀਆਂ ਉਮੀਦਾਂ ਪੈਦਾ ਹੋ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਗਠਜੋੜ ਕੇਂਦਰੀ ਗ੍ਰਹਿ ਮੰਤਰੀ ਵੱਲੋਂ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਅਤੇ ਗੈਂਗਸਟਰਵਾਦ ਨੂੰ ਖਤਮ ਕਰਨ ਲਈ ਕੀਤੇ ਗਏ ਵਾਅਦਿਆਂ ਨੂੰ ਲਾਗੂ ਕਰਨ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾ ਸਕਦਾ ਹੈ। ਪੰਜਾਬ ਨੂੰ ਅੱਜ ਇਨ੍ਹਾਂ ਸਮੱਸਿਆਵਾਂ ਤੋਂ ਬਾਹਰ ਕੱਢਣ ਅਤੇ ਵਪਾਰ ਅਤੇ ਉਦਯੋਗ ਨੂੰ ਵਿਕਾਸ ਦੀ ਪਟੜੀ ਤੇ ਵਾਪਸ ਲਿਆਉਣ ਲਈ ਰਾਜਨੀਤਿਕ ਇੱਛਾ ਸ਼ਕਤੀ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ-ਅਕਾਲੀ ਦਲ ਗਠਜੋੜ ਵਾਅਦਾ ਤੋੜਨ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੂੰ ਸੱਤਾ ਤੋਂ ਬਾਹਰ ਕੱਢਣ ਅਤੇ ਸੂਬੇ ਵਿੱਚ ਤਬਦੀਲੀ ਦਾ ਰਾਹ ਪੱਧਰਾ ਕਰਨ ਦੇ ਲੋਕਾਂ ਦੇ ਇਰਾਦੇ ਨੂੰ ਹੋਰ ਮਜ਼ਬੂਤ ਕਰੇਗਾ। ਠਾਕੁਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਸੱਚਮੁੱਚ ਇੱਕ ਅਜਿਹੀ ਸਰਕਾਰ ਹੈ ਜੋ ਆਪਣੇ ਵਾਅਦਿਆਂ ਤੋਂ ਪਿੱਛੇ ਹਟ ਗਈ ਹੈ। ਇਹ ਆਪਣੇ ਕਿਸੇ ਵੀ ਵਾਅਦੇ ਨੂੰ ਪੂਰਾ ਕਰਨ ’ਚ ਅਸਫਲ ਰਹੀ ਹੈ। ਪੰਜਾਬ ਦੇ ਲੋਕਾਂ ਨੇ ਇਹ ਯਕੀਨੀ ਬਣਾ ਲਿਆ ਹੈ ਕਿ ਉਹ ਅਜਿਹੀ ਸਰਕਾਰ ਅਤੇ ਇਸ ’ਚ ਸ਼ਾਮਲ ਲੋਕਾਂ ਨੂੰ ਬਰਦਾਸ਼ਤ ਨਹੀਂ ਕਰਨਗੇ, ਜਿਨ੍ਹਾਂ ਨੇ ਗੁਰੂ ਸਾਹਿਬਾਨ ਦਾ ਨਿਰਾਦਰ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਗਠਜੋੜ ਗੁਰਪੁਰਬ ਦੇ ਸ਼ੁਭ ਦਿਹਾੜੇ ’ਤੇ ਬਣਾਇਆ ਗਿਆ ਹੈ। ਇਹ ਗਠਜੋੜ ਪੰਜਾਬ ਲਈ ਬਹੁਤ ਵਧੀਆ ਹੈ। ਪੰਜਾਬ ਦੀ ਆਰਥਿਕ ਹਾਲਤ ਬਹੁਤ ਮਾੜੀ ਹੈ, ਇੱਥੇ ਨਸ਼ੇ ਦੀ ਸਮੱਸਿਆ ਬਹੁਤ ਗੰਭੀਰ ਹੈ ਅਤੇ ਸੂਬੇ ਵਿੱਚ ਗੈਂਗਸਟਰਾਂ ਦਾ ਬੋਲਬਾਲਾ ਹੈ। ਇਸ ਲਈ, ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਮਿਲ ਕੇ ਸਾਰੀਆਂ 117 ਸੀਟਾਂ ’ਤੇ ਚੋਣ ਲੜਨਗੇ। ਸਾਡਾ ਗਠਜੋੜ ਪੰਜਾਬ ’ਚ ਅਗਲੀ ਸਰਕਾਰ ਬਣਾਏਗਾ, ਜੋ ਕਿ ਪੰਜਾਬ ਲਈ ਬਹੁਤ ਫਾਇਦੇਮੰਦ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ’ਚ ਖੇਤੀਬਾੜੀ ਨੂੰ ਬਚਾਉਣਾ, ਨੌਜਵਾਨਾਂ ਨੂੰ ਬਚਾਉਣਾ ਤੇ ਕਾਰੋਬਾਰੀਆਂ ਨੂੰ ਬਚਾਉਣਾ ਬਹੁਤ ਜ਼ਰੂਰੀ ਹੈ। ਇਸ ਗਠਜੋੜ ਨੇ ਐੱਨਡੀਏ ਨੂੰ ਮਜ਼ਬੂਤ ਕੀਤਾ ਹੈ। ਪੰਜਾਬ ਨੂੰ ਆਪਣੇ ਹੱਕ ਵਾਪਸ ਪ੍ਰਾਪਤ ਕਰਨੇ ਪੈਣਗੇ।