ਐੱਮਐੱਸਪੀ ’ਚ ਮਾਮੂਲੀ ਵਾਧਾ ਸਿਰਫ ਇਕ ਮਜ਼ਾਕ : ਬਿੱਟੂ ਕੇਂਦਰ ਸਰਕਾਰ ਵਲੋਂ ਕਣਕ ਦੇ ਐਮ.ਐਸ.ਪੀ.’ਚ ਮਾਮੂਲੀ ਵਾਧਾ ਕਿਸਾਨਾਂ ਨਾਲ ਮਜ਼ਾਕ : ਕਰਮਜੀਤ ਸਿੰਘ ਬਿੱਟੂ
Publish Date: Thu, 01 Oct 2026 07:27 PM (IST)
Updated Date: Thu, 01 Oct 2026 07:28 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਕੇਂਦਰ ਸਰਕਾਰ ਵੱਲੋਂ ਹਾੜ੍ਹੀ ਮੰਡੀਕਰਨ ਸੀਜ਼ਨ 2027-28 ਲਈ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਵਿੱਚ 25 ਰੁਪਏ ਪ੍ਰਤੀ ਕੁਇੰਟਲ ਦੇ ਵਾਧੇ ’ਤੇ ਪ੍ਰਤੀਕਿਰਿਆ ਦਿੰਦਿਆਂ ਪੰਜਾਬ ਕਾਂਗਰਸ ਐੱਸਸੀ ਵਿੰਗ ਦੇ ਵਾਈਸ ਪ੍ਰਧਾਨ ਕਰਮਜੀਤ ਸਿੰਘ ਬਿੱਟੂ ਨੇ ਇਸ ਨੂੰ ਕਿਸਾਨਾਂ ਨਾਲ ਮਜ਼ਾਕ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਕਣਕ ਦਾ ਐੱਮਐੱਸਪੀ 2,585 ਰੁਪਏ ਤੋਂ ਵਧਾ ਕੇ 2,610 ਰੁਪਏ ਪ੍ਰਤੀ ਕੁਇੰਟਲ ਕੀਤਾ ਹੈ। ਜਦਕਿ ਖੇਤੀਬਾੜੀ ਦੀ ਲਾਗਤ ਲਗਾਤਾਰ ਵੱਧ ਰਹੀ ਹੈ। ਇਸ ਲਈ ਇਹ ਮਾਮੂਲੀ ਵਾਧਾ ਕਿਸਾਨਾਂ ਦੀਆਂ ਮੁਸ਼ਕਲਾਂ ਦਾ ਹੱਲ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਸੱਚਮੁੱਚ ਕਿਸਾਨਾਂ ਦੇ ਹਿੱਤਾਂ ਤੇ ਉਨ੍ਹਾਂ ਦੀ ਆਰਥਿਕ ਸਥਿਤੀ ਨੂੰ ਲੈ ਕੇ ਗੰਭੀਰ ਹੈ ਤਾਂ ਕਿਸਾਨ ਜਥੇਬੰਦੀਆਂ ਵੱਲੋਂ ਉਠਾਈਆਂ ਜਾ ਰਹੀਆਂ ਮੰਗਾਂ ’ਤੇ ਠੋਸ ਫੈਸਲਾ ਲੈਣਾ ਚਾਹੀਦਾ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸਵਾਲ ਕਰਦਿਆਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਵੱਲੋਂ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ, ਕਰਜ਼ਾ ਰਾਹਤ ਸਮੇਤ ਵੱਖ-ਵੱਖ ਮੁੱਦੇ ਲਗਾਤਾਰ ਉਠਾਏ ਜਾ ਰਹੇ ਹਨ। ਦੂਸਰੇ ਪਾਸੇ ਸਰਹੱਦੀ ਸੁਰੱਖਿਆ ਤੇ ਨਸ਼ਿਆਂ ਦੇ ਮੁੱਦੇ ’ਤੇ ਕੇਂਦਰ ਸਰਕਾਰ ਨੂੰ ਦੱਸਣਾ ਚਾਹੀਦਾ ਹੈ ਕਿ ਕੇਂਦਰ ਦਾ ਅਧਿਕਾਰ ਖੇਤਰ 50 ਕਿਲੋਮੀਟਰ ਤੱਕ ਵਧਾਏ ਜਾਣ ਦੇ ਬਾਵਜੂਦ ਸਰਹੱਦ ਪਾਰੋਂ ਡਰੋਨਾਂ ਰਾਹੀਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ ਲਈ ਹੋਰ ਕਿਹੜੇ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਿਰਫ਼ ਬਿਆਨਾਂ ਦੀ ਬਜਾਏ ਠੋਸ ਤੇ ਲੰਬੇ ਸਮੇਂ ਦੀ ਰਣਨੀਤੀ ਦੀ ਲੋੜ ਹੈ। ਪੰਜਾਬ ਦੀ ਜਵਾਨੀ ਤੇ ਉਦਯੋਗ ਨੂੰ ਮਜ਼ਬੂਤ ਕਰਨ ਲਈ ਅਮਿਤ ਸ਼ਾਹ ਨੇ ਜਲੰਧਰ ਦੌਰੇ ਦੌਰਾਨ ਕਿਸੇ ਵਿਸ਼ੇਸ਼ ਆਰਥਿਕ ਪੈਕੇਜ ਬਾਰੇ ਵੀ ਸਪੱਸ਼ਟ ਨੀਤੀ ਦਾ ਐਲਾਨ ਨਹੀਂ ਕੀਤਾ। ਬਿੱਟੂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀ ਆਮਦਨ ਤੇ ਖੇਤੀ ਨੂੰ ਲੈ ਕੇ ਕੀਤੇ ਜਾ ਰਹੇ ਦਾਅਵਿਆਂ ਦੀ ਅਸਲ ਪਰਖ ਕਿਸਾਨਾਂ ਦੀਆਂ ਮੰਗਾਂ ’ਤੇ ਲਏ ਜਾਣ ਵਾਲੇ ਫੈਸਲਿਆਂ ਨਾਲ ਹੋਵੇਗੀ। ਉਨ੍ਹਾਂ ਕੇਂਦਰ ਸਰਕਾਰ ਤੋਂ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੇ ਮੁੱਦਿਆਂ ਦਾ ਸਥਾਈ ਹੱਲ ਕੱਢਣ ਦੀ ਜ਼ੋਰਦਾਰ ਮੰਗ ਵੀ ਕੀਤੀ ਹੈ।