- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਉਣ ਵਾਲਾ ਸਮਾਂ ਸ਼੍ਰੋਮਣੀ ਅਕਾਲੀ ਦਲ ਦਾ ਹੈ- ਐੱਚਐੱਸ ਵਾਲੀਆ

- ਕਿਹਾ, ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਨੂੰ ਲੋਕਾਂ ਦਾ ਪੂਰਾ ਸਮਰਥਨ ਮਿਲ ਰਿਹਾ
- ਵੱਡੀ ਗਿਣਤੀ ’ਚ ਲੋਕ ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਕਪੂਰਥਲਾ : ਕਪੂਰਥਲਾ ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਆਪਣੀ ਜ਼ਮੀਨੀ ਪੱਧਰ ’ਤੇ ਮੌਜੂਦਗੀ ਨੂੰ ਮਜ਼ਬੂਤ ਕਰਨ ਅਤੇ ਪਾਰਟੀ ਦਾ ਵਿਸਥਾਰ ਕਰਨ ਲਈ ਲਗਾਤਾਰ ਕੋਸ਼ਿਸ਼ ਕਰ ਰਿਹਾ ਹੈ। ਪੁਰਾਣੇ ਅਤੇ ਨਵੇਂ ਵਰਕਰਾਂ ਅਤੇ ਸਥਾਨਕ ਆਗੂਆਂ ਦੀ ਘਰ ਵਾਪਸੀ ਅਤੇ ਨਵੇਂ ਲੋਕਾਂ ਨੂੰ ਸ਼ਾਮਲ ਕਰ ਕੇ ਪਾਰਟੀ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸ ਪਹਿਲਕਦਮੀ ਤਹਿਤ ਸ਼੍ਰੋਮਣੀ ਅਕਾਲੀ ਦਲ ਐੱਸਸੀ ਵਿੰਗ ਦੇ ਸੀਨੀਅਰ ਸੂਬਾਈ ਉਪ ਪ੍ਰਧਾਨ ਜੀਆ ਲਾਲ ਨਾਹਰ ਦੀਆਂ ਕੋਸ਼ਿਸ਼ਾਂ ਸਦਕਾ, ਲੱਖਣ ਪਿੰਡ ਦੇ ਵੱਡੀ ਗਿਣਤੀ ਵਿੱਚ ਲੋਕ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਇਸ ਵਿੱਚ ਸ਼ਾਮਲ ਹੋਏ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਐੱਚਐੱਸ ਵਾਲੀਆ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆ ਰੌਣਕੀ ਰਾਮ, ਪਰਮਜੀਤ ਪੰਮਾ, ਸਰਬਣ ਸਿੰਘ, ਕਮਲ ਕੁਮਾਰ, ਰਾਜ ਕੁਮਾਰ ਰਾਜੂ, ਰਵੀ, ਮਲਕੀਤ ਸਿੰਘ, ਸੁੱਚਾ ਸਿੰਘ, ਮਿਹਲ ਸਿੰਘ, ਮਦਨ ਲਾਲ, ਬਲਵੰਤ ਸਿੰਘ, ਅਵਤਾਰ ਸਿੰਘ ਅਤੇ ਅਸ਼ੋਕ ਕੁਮਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਐੱਚਐੱਸ ਵਾਲੀਆ ਨੇ ਪਾਰਟੀ ਦਾ ਪਟਕਾ ਪਾ ਕੇ ਪਾਰਟੀ ਵਿੱਚ ਸ਼ਾਮਲ ਕੀਤਾ। ਇਸ ਮੌਕੇ ਐੱਚਐੱਸ ਵਾਲੀਆ ਨੇ ਨਵੇਂ ਮੈਂਬਰਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਪਾਰਟੀ ਵਿੱਚ ਪੂਰਾ ਮਾਨ ਸਤਿਕਾਰ ਦਿੱਤਾ ਜਾਵੇਗਾ। ਐੱਚਐੱਸ ਵਾਲੀਆ ਨੇ ਕਿਹਾ ਕਿ ਪੰਜਾਬ ਦੇ ਲੋਕ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕ-ਪੱਖੀ ਨੀਤੀਆਂ ਅਤੇ ਤਜਰਬੇਕਾਰ ਲੀਡਰਸ਼ਿਪ ਵਿੱਚ ਆਪਣਾ ਵਿਸ਼ਵਾਸ ਪ੍ਰਗਟ ਕਰ ਰਹੇ ਹਨ ਅਤੇ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਰੀ ਜਿੱਤ ਪ੍ਰਾਪਤ ਕਰੇਗੀ ਅਤੇ ਸੂਬੇ ਦੀ ਸੱਤਾ ਦੀ ਵਾਗਡੋਰ ਸੰਭਾਲੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਦੂਰਅੰਦੇਸ਼ੀ ਅਗਵਾਈ ਹੇਠ ਪਾਰਟੀ ਲਗਾਤਾਰ ਮਜ਼ਬੂਤ ਹੋ ਰਹੀ ਹੈ ਅਤੇ ਪੰਜਾਬ ਦੇ ਹਰ ਵਰਗ ਵਿੱਚ ਅਕਾਲੀ ਦਲ ਲਈ ਵਿਸ਼ਵਾਸ ਅਤੇ ਸਮਰਥਨ ਦਾ ਦਾਇਰਾ ਵੱਧ ਰਿਹਾ ਹੈ। ਐਚਐਸ ਵਾਲੀਆ ਨੇ ਕਿਹਾ ਕਿ ਹਾਲ ਹੀ ਵਿੱਚ ਹੋਈਆਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੇ ਕੰਮਕਾਜ ਤੋਂ ਸੰਤੁਸ਼ਟ ਨਹੀਂ ਹਨ ਅਤੇ ਉਹ ਇੱਕ ਮਜ਼ਬੂਤ, ਤਜ਼ਰਬੇਕਾਰ ਅਤੇ ਲੋਕ-ਪੱਖੀ ਰਾਜਨੀਤਿਕ ਬਦਲ ਦੀ ਭਾਲ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਜਿੱਥੇ ਵੀ ਸ਼੍ਰੋਮਣੀ ਅਕਾਲੀ ਦਲ ਨੂੰ ਮੌਕਾ ਮਿਲਿਆ ਹੈ, ਲੋਕਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਆਪਣਾ ਭਰਪੂਰ ਸਮਰਥਨ ਦਿੱਤਾ ਹੈ, ਜਿਸ ਨਾਲ ਇਹ ਸੁਨੇਹਾ ਗਿਆ ਹੈ ਕਿ ਅਕਾਲੀ ਦਲ ਪੰਜਾਬ ਦੀ ਰਾਜਨੀਤੀ ਵਿੱਚ ਇੱਕ ਮਜ਼ਬੂਤ ਤਾਕਤ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਕਈ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਨੌਜਵਾਨਾਂ ਵਿੱਚ ਬੇਰੁਜ਼ਗਾਰੀ, ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ, ਵਪਾਰਕ ਭਾਈਚਾਰੇ ਨੂੰ ਦਰਪੇਸ਼ ਮੁਸ਼ਕਿਲਾਂ, ਵਿਕਾਸ ਕਾਰਜਾਂ ਦੀ ਸੁਸਤ ਰਫ਼ਤਾਰ ਅਤੇ ਕਾਨੂੰਨ ਵਿਵਸਥਾ ਦੇ ਮੁੱਦੇ ਲੋਕਾਂ ਲਈ ਚਿੰਤਾ ਦਾ ਕਾਰਨ ਬਣੇ ਹੋਏ ਹਨ। ਪੰਜਾਬ ਦੇ ਲੋਕ ਇਨ੍ਹਾਂ ਸਮੱਸਿਆਵਾਂ ਦਾ ਹੱਲ ਚਾਹੁੰਦੇ ਹਨ ਅਤੇ ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਸਿਰਫ਼ ਸ਼੍ਰੋਮਣੀ ਅਕਾਲੀ ਦਲ ਹੀ ਸੂਬੇ ਨੂੰ ਵਿਕਾਸ ਅਤੇ ਖੁਸ਼ਹਾਲੀ ਦੇ ਰਾਹ ’ਤੇ ਵਾਪਸ ਲੈ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਇਤਿਹਾਸ ਪੰਜਾਬ, ਪੰਜਾਬੀਆਂ ਅਤੇ ਪੰਜਾਬੀਅਤ ਦੀ ਰੱਖਿਆ ਲਈ ਸੰਘਰਸ਼ਾਂ ਨਾਲ ਭਰਿਆ ਹੋਇਆ ਹੈ।ਪਾਰਟੀ ਨੇ ਹਮੇਸ਼ਾ ਕਿਸਾਨਾਂ, ਮਜ਼ਦੂਰਾਂ, ਕਾਰੋਬਾਰੀਆਂ, ਮੁਲਾਜ਼ਮਾਂ, ਨੌਜਵਾਨਾਂ ਅਤੇ ਸਮਾਜ ਦੇ ਕਮਜ਼ੋਰ ਵਰਗਾਂ ਦੀ ਆਵਾਜ਼ ਬੁਲੰਦ ਕੀਤੀ ਹੈ। ਇਹੀ ਕਾਰਨ ਹੈ ਕਿ ਪੰਜਾਬ ਦੇ ਲੋਕ ਅਜੇ ਵੀ ਅਕਾਲੀ ਦਲ ਨੂੰ ਆਪਣੀ ਆਵਾਜ਼ ਅਤੇ ਉਨ੍ਹਾਂ ਦੇ ਹੱਕਾਂ ਲਈ ਲੜਨ ਵਾਲੀ ਪਾਰਟੀ ਵਜੋਂ ਦੇਖਦੇ ਹਨ। ਉਨ੍ਹਾਂ ਕਿਹਾ ਕਿ 2027 ਦੀਆਂ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਪਾਰਟੀ ਦਾ ਹਰ ਆਗੂ ਅਤੇ ਵਰਕਰ ਜ਼ਮੀਨੀ ਪੱਧਰ ’ਤੇ ਲੋਕਾਂ ਨਾਲ ਸਿੱਧਾ ਸੰਪਰਕ ਸਥਾਪਤ ਕਰ ਰਿਹਾ ਹੈ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਰਿਹਾ ਹੈ ਅਤੇ ਉਨ੍ਹਾਂ ਦੇ ਹੱਲ ਲਈ ਯਤਨਸ਼ੀਲ ਹੈ। ਪਾਰਟੀ ਸੰਗਠਨਾਤਮਕ ਪੱਧਰ ਤੇ ਵੀ ਮਜ਼ਬੂਤੀ ਨਾਲ ਕੰਮ ਕਰ ਰਹੀ ਹੈ ਅਤੇ ਹਰ ਪਿੰਡ, ਹਰ ਸ਼ਹਿਰ ਅਤੇ ਹਰ ਵਾਰਡ ਵਿੱਚ ਆਪਣਾ ਸਮਰਥਨ ਅਧਾਰ ਮਜ਼ਬੂਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਸੂਬੇ ਦੇ ਭਵਿੱਖ ਪ੍ਰਤੀ ਗੰਭੀਰ ਹਨ ਅਤੇ ਇੱਕ ਅਜਿਹੀ ਸਰਕਾਰ ਚਾਹੁੰਦੇ ਹਨ ਜੋ ਵਿਕਾਸ, ਪਾਰਦਰਸ਼ਤਾ, ਲੋਕ ਭਲਾਈ ਅਤੇ ਪੰਜਾਬ ਦੇ ਹੱਕਾਂ ਦੀ ਰਾਖੀ ਨੂੰ ਤਰਜੀਹ ਦੇਵੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਨ੍ਹਾਂ ਸਾਰੀਆਂ ਉਮੀਦਾਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਭਾਰੀ ਬਹੁਮਤ ਦੇਣਗੇ ਅਤੇ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸੂਬੇ ਦੀ ਸੱਤਾ ਸੌਂਪਣਗੇ,ਜਿਸ ਨਾਲ ਇੱਕ ਖੁਸ਼ਹਾਲ ਪੰਜਾਬ ਸਥਾਪਤ ਹੋਵੇਗਾ। ਇੱਕ ਮਜ਼ਬੂਤ,ਸਥਿਰ ਅਤੇ ਲੋਕ-ਪੱਖੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲਾ ਸਮਾਂ ਸ਼੍ਰੋਮਣੀ ਅਕਾਲੀ ਦਲ ਦਾ ਹੈ ਅਤੇ ਪਾਰਟੀ ਪੰਜਾਬ ਦੀ ਰਾਜਨੀਤੀ ਵਿੱਚ ਪਹਿਲਾਂ ਨਾਲੋਂ ਵੀ ਮਜ਼ਬੂਤ ਹੋ ਕੇ ਉਭਰੇਗੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਐਸਸੀ ਵਿੰਗ ਦੇ ਸੀਨੀਅਰ ਸੂਬਾਈ ਮੀਤ ਪ੍ਰਧਾਨ ਜੀਆ ਲਾਲ ਨਾਹਰ, ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਤਨਵੀਰ ਸਿੰਘ ਰੰਧਾਵਾ, ਸ਼ਹਿਰੀ ਪ੍ਰਧਾਨ ਨੀਰਜ ਨਾਹਰ, ਦਿਹਾਤੀ ਪ੍ਰਧਾਨ ਕਪੂਰਥਲਾ ਹਰਜਿੰਦਰ ਸਿੰਘ ਖਾਨੋਵਾਲ, ਜੱਥੇਦਾਰ ਜਰਨੈਲ ਸਿੰਘ ਬਾਜਵਾ, ਤਲਵਿੰਦਰ ਸਿੰਘ ਸੋਦ ਆਦਿ ਹਾਜ਼ਰ ਸਨ।