ਮਹੇੜੂ ਤੋਂ ਚਹੇੜੂ ਵੱਲ ਜਾਂਦੀ ਸੜਕ ਦੀ ਹਾਲਤ ਬਣੀ ਤਰਸਯੋਗ, ਲੋਕ ਪਰੇਸ਼ਾਨ ਮਹੇੜੂ ਤੋਂ ਚਹੇੜੂ ਵੱਲ ਜਾਂਦੀ ਸੜਕ ਦੀ ਹਾਲਤ ਬਣੀ ਤਰਸਯੋਗ
Publish Date: Wed, 21 Oct 2026 07:04 PM (IST)
Updated Date: Wed, 21 Oct 2026 07:06 PM (IST)
ਹਰੀਸ਼ ਭੰਡਾਰੀ, ਪੰਜਾਬੀ ਜਾਗਰਣ ਫਗਵਾੜਾ: ਮਹੇੜੂ ਤੋਂ ਚਹੇੜੂ ਵੱਲ ਜਾਂਦੀ ਮੁੱਖ ਸੜਕ ਦੀ ਖ਼ਸਤਾ ਹਾਲਤ ਕਾਰਨ ਰਾਹਗੀਰਾਂ ਅਤੇ ਵਾਹਨ ਚਾਲਕਾਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੜਕ ਦੀ ਮੌਜੂਦਾ ਹਾਲਤ ਨੂੰ ਦੇਖਦਿਆਂ ਕਿਸੇ ਵੀ ਸਮੇਂ ਵੱਡਾ ਹਾਦਸਾ ਵਾਪਰਨ ਦਾ ਖ਼ਦਸ਼ਾ ਬਣਿਆ ਹੋਇਆ ਹੈ। ਸੜਕ ਦੀ ਮੁਰੰਮਤ ਦਾ ਕੰਮ ਅਧੂਰਾ ਪਿਆ ਹੋਣ ਕਾਰਨ ਲੋਕਾਂ ਵਿੱਚ ਸਬੰਧਤ ਵਿਭਾਗ ਦੀ ਕਾਰਗੁਜ਼ਾਰੀ ਨੂੰ ਲੈ ਕੇ ਸਵਾਲ ਖੜ੍ਹੇ ਹੋ ਰਹੇ ਹਨ। ਜ਼ਿਕਰਯੋਗ ਹੈ ਕਿ ਬੀਤੇ ਸਮੇਂ ਬਲਾਕ ਸੰਮਤੀ ਦੀਆਂ ਚੋਣਾਂ ਤੋਂ ਕੁਝ ਦਿਨ ਪਹਿਲਾਂ ਇੱਕ ਠੇਕੇਦਾਰ ਵੱਲੋਂ ਇਸ ਸੜਕ ਨੂੰ ਮੁਰੰਮਤ ਕਰਨ ਦੇ ਨਾਂ ਤੇ ਥਾਂ-ਥਾਂ ਤੋਂ ਪੁੱਟ ਦਿੱਤਾ ਗਿਆ ਸੀ। ਪਰ ਸੜਕ ਨੂੰ ਪੁੱਟਣ ਤੋਂ ਬਾਅਦ ਇਸ ਦੀ ਮੁਰੰਮਤ ਦਾ ਕੰਮ ਪੂਰਾ ਨਾ ਹੋਣ ਕਾਰਨ ਹੁਣ ਇਹ ਰਾਹਗੀਰਾਂ ਲਈ ਮੁਸੀਬਤ ਬਣੀ ਹੋਈ ਹੈ। ਸੜਕ ਦੀ ਅਧੂਰੀ ਮੁਰੰਮਤ ਕਾਰਨ ਵਾਹਨ ਚਾਲਕਾਂ ਨੂੰ ਆਵਾਜਾਈ ਦੌਰਾਨ ਕਾਫ਼ੀ ਸਾਵਧਾਨੀ ਵਰਤਣੀ ਪੈਂਦੀ ਹੈ। ਹੈਰਾਨੀ ਦੀ ਗੱਲ ਹੈ ਕਿ ਹੁਣ ਮੁੜ ਚੋਣਾਂ ਸਿਰ ਤੇ ਹਨ, ਪਰ ਸੜਕ ਦੀ ਹਾਲਤ ਸੁਧਾਰਨ ਵੱਲ ਕੋਈ ਠੋਸ ਕਦਮ ਚੁੱਕਿਆ ਗਿਆ ਦਿਖਾਈ ਨਹੀਂ ਦੇ ਰਿਹਾ। ਇਸ ਸੜਕ ਤੋਂ ਰੋਜ਼ਾਨਾ ਲੰਘਣ ਵਾਲੇ ਲੋਕਾਂ ਨੂੰ ਡਰ ਬਣਿਆ ਰਹਿੰਦਾ ਹੈ ਕਿ ਕਿਤੇ ਕਿਸੇ ਵਾਹਨ ਚਾਲਕ ਦੀ ਥੋੜ੍ਹੀ ਜਿਹੀ ਲਾਪਰਵਾਹੀ ਜਾਂ ਸੜਕ ਦੀ ਖ਼ਰਾਬ ਹਾਲਤ ਕਾਰਨ ਕੋਈ ਗੰਭੀਰ ਹਾਦਸਾ ਨਾ ਵਾਪਰ ਜਾਵੇ। ਇਸ ਸੜਕ ਦੀ ਮਾੜੀ ਹਾਲਤ ਨਾ ਸਿਰਫ਼ ਵਾਹਨ ਚਾਲਕਾਂ ਲਈ ਖ਼ਤਰਾ ਬਣੀ ਹੋਈ ਹੈ, ਸਗੋਂ ਇਲਾਕੇ ਦੇ ਲੋਕਾਂ ਦੀ ਰੋਜ਼ਾਨਾ ਆਵਾਜਾਈ ਨੂੰ ਵੀ ਪ੍ਰਭਾਵਿਤ ਕਰ ਰਹੀ ਹੈ। ਲੋਕਾਂ ਦਾ ਕਹਿਣਾ ਹੈ ਕਿ ਸੜਕ ਦੀ ਮੁਰੰਮਤ ਦਾ ਕੰਮ ਸਮੇਂ ਸਿਰ ਪੂਰਾ ਹੋਣਾ ਚਾਹੀਦਾ ਸੀ, ਤਾਂ ਜੋ ਲੋਕਾਂ ਨੂੰ ਇਸ ਪਰੇਸ਼ਾਨੀ ਤੋਂ ਰਾਹਤ ਮਿਲ ਸਕੇ। ਇਲਾਕਾ ਵਾਸੀਆਂ ਅਤੇ ਰਾਹਗੀਰਾਂ ਨੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਮਹੇੜੂ ਤੋਂ ਚਹੇੜੂ ਵੱਲ ਜਾਂਦੀ ਇਸ ਮੁੱਖ ਸੜਕ ਦੀ ਹਾਲਤ ਨੂੰ ਗੰਭੀਰਤਾ ਨਾਲ ਲੈਂਦਿਆਂ ਮੁਰੰਮਤ ਦਾ ਕੰਮ ਜਲਦ ਤੋਂ ਜਲਦ ਪੂਰਾ ਕਰਵਾਇਆ ਜਾਵੇ। ਇਲਾਕਾ ਵਾਸੀਆਂ ਦੀ ਸਬੰਧਤ ਪ੍ਰਸ਼ਾਸਨ ਨੂੰ ਮੰਗ ਹੈ ਕਿ ਇਸ ਸੜਕ ਦੀ ਮੁਰੰਮਤ ਜਲਦ ਕਰਵਾਈ ਜਾਵੇ ਤਾਂ ਜੋ ਲੋਕਾਂ ਨੂੰ ਆ ਰਹੀ ਪਰੇਸ਼ਾਨੀ ਦੂਰ ਹੋ ਸਕੇ।