ਕਾਂਗਰਸ ਹਮੇਸ਼ਾ ਆਮ ਲੋਕਾਂ ਦੀ ਆਵਾਜ਼ ਬੁਲੰਦ ਕਰਦੀ ਰਹੀ : ਵਿਧਾਇਕ ਧਾਲੀਵਾਲ ਕਾਂਗਰਸ ਪਾਰਟੀ ਹਮੇਸ਼ਾ ਆਮ ਲੋਕਾਂ ਦੀ ਆਵਾਜ਼ ਬੁਲੰਦ ਕਰਦੀ ਰਹੀ ਹੈ-ਵਿਧਾਇਕ ਧਾਲੀਵਾਲ
Publish Date: Sat, 05 Sep 2026 07:28 PM (IST)
Updated Date: Sat, 05 Sep 2026 07:31 PM (IST)
ਪੰਜਾਬੀ ਜਾਗਰਣ ਪ੍ਰਤੀਨਿੱਧ ਫਗਵਾੜਾ : ਕਾਂਗਰਸ ਪਾਰਟੀ ਨੇ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀ ਤਿਆਰੀ ਲਈ ਆਪਣੀਆਂ ਜ਼ਮੀਨੀ ਪੱਧਰ ਦੀਆਂ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਸੰਦਰਭ ਵਿੱਚ ਕਾਂਗਰਸ ਕਮੇਟੀ ਦੇ ਅਹੁਦੇਦਾਰਾਂ ਤੇ ਵਰਕਰਾਂ ਦੀ ਇੱਕ ਮਹੱਤਵਪੂਰਨ ਮੀਟਿੰਗ ਕਾਂਗਰਸੀ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੇ ਘਰ ਵਿਖੇ ਹੋਈ। ਮੀਟਿੰਗ ਵਿੱਚ ਬਲਾਕ ਕਾਂਗਰਸ ਪ੍ਰਧਾਨ ਨਰੇਸ਼ ਭਾਰਦਵਾਜ, ਦਿਹਾਤੀ ਪ੍ਰਧਾਨ ਮਨਮਿੰਦਰ ਸਿੰਘ ਵਿੱਕੀ ਵਾਲੀਆ, ਮਹਿਲਾ ਕਾਂਗਰਸ ਪ੍ਰਧਾਨ ਰਣਜੀਤ ਰਾਣੀ ਤੇ ਪਾਰਟੀ ਦੇ ਸੈਂਕੜੇ ਅਹੁਦੇਦਾਰਾਂ, ਵਰਕਰ ਤੇ ਬੀਐਿਲਏ ਸ਼ਾਮਲ ਹੋਏ। ਮੀਟਿੰਗ ਵਿੱਚ ਬੂਥ ਪੱਧਰ ਤੋਂ ਲੈ ਕੇ ਜ਼ਮੀਨੀ ਪੱਧਰ ਤੱਕ ਸੰਗਠਨ ਨੂੰ ਸਰਗਰਮ ਕਰਨ, ਐੱਸਆਈਆਰ ਦੌਰਾਨ ਵੋਟਰਾਂ ਦੀ ਸਹਾਇਤਾ ਕਰਨ ਤੇ ਜਨਤਕ ਮੁੱਦਿਆਂ ਨੂੰ ਉਜਾਗਰ ਕਰਨ ਵਰਗੇ ਮੁੱਦਿਆਂ ’ਤੇ ਚਰਚਾ ਕੀਤੀ ਗਈ। ਮੀਟਿੰਗ ਵਿੱਚ ਸਾਰੇ ਕਾਂਗਰਸ ਬੀਐੱਲਏ ਨੂੰ ਸ਼ਨੀਵਾਰ ਨੂੰ ਐੱਸਆਈਆਰ ਲਈ ਲਗਾਏ ਜਾ ਰਹੇ ਕੈਂਪ ਵਿੱਚ ਵੋਟਰਾਂ ਦੀ ਸਹਾਇਤਾ ਕਰਨ ਦੇ ਨਿਰਦੇਸ਼ ਵੀ ਜਾਰੀ ਕੀਤੇ ਗਏ। ਮੀਟਿੰਗ ਵਿੱਚ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਪਾਰਟੀ ਦੀ ਹੁਣ ਤਰਜੀਹ ਜ਼ਮੀਨੀ ਪੱਧਰ ’ਤੇ ਸੰਗਠਨ ਨੂੰ ਮਜ਼ਬੂਤ ਕਰਨਾ ਹੈ। ਵਰਕਰਾਂ ਨੂੰ ਜਨਤਾ ਵਿੱਚ ਸਰਗਰਮ ਰਹਿਣ ਤੇ ਸਥਾਨਕ ਮੁੱਦਿਆਂ ਨੂੰ ਲਗਾਤਾਰ ਹੱਲ ਕਰਨ ਲਈ ਉਤਸ਼ਾਹਿਤ ਕੀਤਾ ਗਿਆ। ਐੱਸਆਈਆਰ ਬਾਰੇ ਧਾਲੀਵਾਲ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਆਗੂ, ਬਲਾਕ ਤੇ ਜ਼ਿਲ੍ਹਾ ਪੱਧਰ ਦੇ ਅਹੁਦੇਦਾਰ ਵੋਟਰਾਂ ਨੂੰ ਜ਼ਰੂਰੀ ਦਸਤਾਵੇਜ਼ ਪ੍ਰਦਾਨ ਕਰਨ ਤੇ ਪ੍ਰਕਿਰਿਆ ਨੂੰ ਸਮਝਣ ਵਿੱਚ ਸਹਾਇਤਾ ਕਰਨਗੇ, ਤਾਂ ਜੋ ਕਿਸੇ ਵੀ ਯੋਗ ਵੋਟਰ ਦਾ ਨਾਮ ਤੇ ਵੋਟ ਪ੍ਰਭਾਵਿਤ ਨਾ ਹੋਵੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਤੱਕ ਪਹੁੰਚੇਗੀ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣੇਗੀ ਤੇ ਉਨ੍ਹਾਂ ਨੂੰ ਭਰੋਸਾ ਦਿਵਾਏਗੀ ਕਿ ਉਹ ਆਪਣੇ ਸੰਘਰਸ਼ਾਂ ਵਿੱਚ ਇਕੱਲੇ ਨਹੀਂ ਹਨ। ਉਨ੍ਹਾਂ ਫਗਵਾੜਾ ਸਮੇਤ ਹਰ ਪਿੰਡ ਨੂੰ ਦਰਪੇਸ਼ ਗੰਭੀਰ ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਉਠਾਉਣ ਦਾ ਪ੍ਰਣ ਲਿਆ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਜਨਹਿੱਤ ਦੀ ਰਾਜਨੀਤੀ ਕੀਤੀ ਹੈ ਤੇ ਆਮ ਆਦਮੀ ਦੀ ਆਵਾਜ਼ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ ਹੈ। ਧਾਲੀਵਾਲ ਨੇ ਕਾਂਗਰਸੀ ਵਰਕਰਾਂ ਨੂੰ ਇੱਕਜੁੱਟ ਹੋਣ ਤੇ ਲੋਕਾਂ ਤੱਕ ਪਹੁੰਚਣ ਤੇ ਪਾਰਟੀ ਦੀਆਂ ਨੀਤੀਆਂ ਨੂੰ ਜਨਤਾ ਤੱਕ ਪਹੁੰਚਾਉਣ ਦੀ ਅਪੀਲ ਕੀਤੀ। ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋ ਕੇ ਉਭਰੇਗੀ। ਇਸ ਮੌਕੇ ਬਲਾਕ ਕਾਂਗਰਸ ਪ੍ਰਧਾਨ ਨਰੇਸ਼ ਭਾਰਦਵਾਜ ਨੇ ਕਿਹਾ ਕਿ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਸਿਰਫ਼ ਇੱਕ ਆਮ ਚੋਣ ਨਹੀਂ ਹੋਣਗੀਆਂ, ਸਗੋਂ ਪੰਜਾਬ ਦੀ ਰਾਜਨੀਤੀ ਨੂੰ ਇੱਕ ਨਵੀਂ ਦਿਸ਼ਾ ਦੇਣ ਦੀ ਲੜਾਈ ਹੋਵੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਕਾਂਗਰਸ ਪਾਰਟੀ ਲੋਕਾਂ ਦੀ ਵੱਧ ਰਹੀ ਨਿਰਾਸ਼ਾ ਨੂੰ ਸਕਾਰਾਤਮਕ ਤੇ ਲੋਕ-ਪੱਖੀ ਬਦਲਾਅ ਵਿੱਚ ਬਦਲ ਦੇਵੇਗੀ। ਕਾਂਗਰਸੀ ਵਰਕਰਾਂ ਨੂੰ ਲੋਕਾਂ ਦੇ ਮੁੱਦਿਆਂ ਨਾਲ ਸਿੱਧਾ ਜੁੜਨਾ ਚਾਹੀਦਾ ਹੈ ਤੇ ਪਾਰਟੀ ਦਾ ਸੁਨੇਹਾ ਘਰ-ਘਰ ਤੱਕ ਪਹੁੰਚਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਫਗਵਾੜਾ ਹਲਕੇ ਦੇ ਕਾਂਗਰਸੀ ਵਰਕਰ ਜ਼ਮੀਨੀ ਪੱਧਰ ’ਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਸੰਗਠਨ ਨੂੰ ਮਜ਼ਬੂਤ ਕਰਨਾ ਵਰਕਰਾਂ ਦੀ ਸਰਗਰਮ ਭਾਗੀਦਾਰੀ ਨਾਲ ਹੀ ਸੰਭਵ ਹੈ।