ਪੰਜਾਬ ਸਰਕਾਰ ਦੇ ਕਥਿਤ ਭ੍ਰਿਸ਼ਟਾਚਾਰ ਦਾ ਘੜਾ ਹੁਣ ਭਰ ਚੁੱਕਾ : ਮੱਕੜ ਪੰਜਾਬ ਸਰਕਾਰ ਦੇ ਕਥਿਤ ਭ੍ਰਿਸ਼ਟਾਚਾਰ ਦਾ ਘੜਾ ਹੁਣ ਭਰ ਚੁੱਕਾ ਹੈ : ਮੱਕੜ ਸਰਕਾਰ
Publish Date: Fri, 09 Oct 2026 09:19 PM (IST)
Updated Date: Fri, 09 Oct 2026 09:20 PM (IST)
ਪੰਜਾਬ ਸਰਕਾਰ ਦੇ ਭ੍ਰਿਸ਼ਟਾਚਾਰ ਖ਼ਿਲਾਫ਼ ਭਾਜਪਾ ਦਾ ਪ੍ਰਦਰਸ਼ਨ, ਨਾਅਰੇਬਾਜ਼ੀ ਕਰਕੇ ਸਾੜਿਆ ਪੁਤਲਾ ਆਪ ਸਰਕਾਰ ਜਾਂਚ ’ਤੇ ਸਵਾਲ ਖੜ੍ਹੇ ਨਾ ਕਰੇ : ਚੇਤਨ ਸੂਰੀ ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਬੀਤੇ ਦਿਨੀਂ ਭਾਰਤੀ ਜਨਤਾ ਪਾਰਟੀ ਵੱਲੋਂ ਅੰਮ੍ਰਿਤਸਰ ਰੋਡ ਵਿਖੇ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ ਲਾਉਂਦਿਆਂ ਭਾਜਪਾ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਦੀ ਅਗਵਾਈ ਹੇਠ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਦੌਰਾਨ ਪਾਰਟੀ ਆਗੂਆਂ ਤੇ ਵਰਕਰਾਂ ਵੱਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਪੁਤਲਾ ਫੂਕਿਆ ਗਿਆ। ਇਸ ਮੌਕੇ ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਕਥਿਤ ਭ੍ਰਿਸ਼ਟਾਚਾਰ ਦਾ ਘੜਾ ਹੁਣ ਭਰ ਚੁੱਕਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਨੂੰ ਬਰਬਾਦੀ ਵੱਲ ਧੱਕ ਰਹੀ ਹੈ ਤੇ ਸਰਕਾਰ ਖ਼ਿਲਾਫ਼ ਲੋਕਾਂ ਵਿੱਚ ਰੋਸ ਵਧ ਰਿਹਾ ਹੈ। ਆਉਣ ਵਾਲੇ ਸਮੇਂ ਵਿੱਚ ਪੰਜਾਬ ਦੀ ਜਨਤਾ ਸਰਕਾਰ ਤੋਂ ਇਸ ਦਾ ਜਵਾਬ ਲਵੇਗੀ। ਉਨ੍ਹਾਂ ਨੇ ਦੋਸ਼ ਲਾਇਆ ਕਿ ਪੰਜਾਬ ਵਿੱਚ ਭ੍ਰਿਸ਼ਟਾਚਾਰ ਨਾਲ ਸਬੰਧਤ ਮਾਮਲਿਆਂ ਨੂੰ ਲੈ ਕੇ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਪੰਜਾਬ ਪੁਲਿਸ ਨੂੰ ਕਈ ਵਾਰ ਪੱਤਰ ਲਿਖੇ ਗਏ, ਪਰ ਸੂਬਾ ਸਰਕਾਰ ਵੱਲੋਂ ਇਨ੍ਹਾਂ ਮਾਮਲਿਆਂ ਵਿੱਚ ਢੁੱਕਵੀਂ ਜਾਂਚ ਨਹੀਂ ਕੀਤੀ ਗਈ। ਇਸ ਤੋਂ ਬਾਅਦ ਮਾਮਲੇ ਪੰਜਾਬ ਤੇ ਹਰਿਆਣਾ ਹਾਈਕੋਰਟ ਤੱਕ ਪਹੁੰਚੇ। ਮੱਕੜ ਨੇ ਦਾਅਵਾ ਕੀਤਾ ਕਿ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਹੁਣ ਇਨ੍ਹਾਂ ਮਾਮਲਿਆਂ ਦੀ ਜਾਂਚ ਸੀਬੀਆਈ ਵੱਲੋਂ ਕੀਤੀ ਜਾ ਰਹੀ ਹੈ, ਜਿੱਥੇ ਜਾਂਚ ਦੌਰਾਨ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ, ਉੱਥੇ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਇਸ ’ਤੇ ਇਤਰਾਜ਼ ਕੀਤਾ ਜਾ ਰਿਹਾ ਹੈ। ਇਸ ਮੌਕੇ ਚੇਤਨ ਸੂਰੀ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਕੋਈ ਗਲਤ ਕੰਮ ਨਹੀਂ ਕੀਤਾ ਗਿਆ ਤਾਂ ਉਸ ਨੂੰ ਕਿਸੇ ਵੀ ਜਾਂਚ ਤੋਂ ਡਰਨ ਦੀ ਲੋੜ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਜਾਂਚ ’ਤੇ ਸਵਾਲ ਖੜ੍ਹੇ ਕਰਨ ਦੀ ਬਜਾਏ ਆਪਣੀ ਪਾਰਦਰਸ਼ਤਾ ਸਾਬਤ ਕਰਨੀ ਚਾਹੀਦੀ ਹੈ। ਇਸ ਮੌਕੇ ਭਾਜਪਾ ਦੇ ਸੂਬਾਈ ਆਗੂਆਂ ਉਮੇਸ਼ ਸ਼ਾਰਦਾ ਤੇ ਮੰਨੂ ਧੀਰ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਤੇ ਕਥਿਤ ਭ੍ਰਿਸ਼ਟਾਚਾਰ ਦੇ ਮੁੱਦੇ ਨੂੰ ਲੈ ਕੇ ਪਾਰਟੀ ਵੱਲੋਂ ਆਪਣਾ ਵਿਰੋਧ ਜਾਰੀ ਰੱਖਿਆ ਜਾਵੇਗਾ। ਆਗੂਆਂ ਨੇ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਦਿਆਂ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਨੂੰ ਬੇਹੱਦ ਮਾੜਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮ ’ਤੇ ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਵਿੱਚ ਸੀਬੀਆਈ ਦੀ ਰੇਡ ਹੋਣਾ ਬੇਹੱਦ ਚਿੰਤਾਜਨਕ ਹੈ ਤੇ ਇਹ ਸੂਬੇ ਲਈ ਬਦਨਾਮੀ ਦਾ ਕਾਰਨ ਹੈ। ਜ਼ਿਕਰਯੋਗ ਹੈ ਕਿ ਸੀਬੀਆਈ ਨੇ ਮੁੱਖ ਮੰਤਰੀ ਦੇ ਓਐੱਸਡੀ ਰਾਜਬੀਰ ਘੁੰਮਣ, ਨਿਤਿਨ ਗੋਹਲ, ਜਿਤਿਨ ਗੋਹਲ ਉਰਫ਼ ਰਾਜਾ, ਰੋਮੀ ਰਾਜਾ ਮਹਾਜਨ, ਬੀਰ ਦਵਿੰਦਰ ਤੇ ਆਰਐੱਸ ਨਾਗਰਾ ਸਮੇਤ ਕਈ ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ।