ਨੀਲੇ ਕਾਰਡ ਬਣਾਉਣ ਦੀ ਮਿਆਦ ਹੋਰ ਵਧਾਈ ਜਾਵੇ : ਖਾਲਸਾ ਨੀਲੇ ਕਾਰਡ ਬਣਾਉਣ ਦੀ ਮਿਆਦ ਘੱਟੋ-ਘੱਟ ਇੱਕ ਮਹੀਨਾ ਹੋਰ ਵਧਾਈ ਜਾਵੇ: ਚਰਨਜੀਤ ਸਿੰਘ ਖਾਲਸਾ
Publish Date: Fri, 07 Aug 2026 08:49 PM (IST)
Updated Date: Fri, 07 Aug 2026 08:50 PM (IST)
ਹਰੀਸ਼ ਭੰਡਾਰੀ ਪੰਜਾਬੀ ਜਾਗਰਣ ਫਗਵਾੜਾ : ਪੰਜਾਬ ਸਰਕਾਰ ਵੱਲੋਂ ਨੀਲੇ ਰਾਸ਼ਨ ਕਾਰਡ ਬਣਾਉਣ ਤੇ ਪਹਿਲਾਂ ਤੋਂ ਬਣੇ ਕਾਰਡਾਂ ਵਿੱਚ ਰਹਿ ਗਏ ਪਰਿਵਾਰਕ ਮੈਂਬਰਾਂ ਦੀ ਐਂਟਰੀ ਕਰਵਾਉਣ ਲਈ 11 ਅਗਸਤ ਤੱਕ ਦਿੱਤੀ ਗਈ ਮਿਆਦ ਨੂੰ ਵਧਾਉਣ ਦੀ ਮੰਗ ਉੱਠਣ ਲੱਗੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜ ਸੇਵਕ ਚਰਨਜੀਤ ਸਿੰਘ ਖਾਲਸਾ ਨੇ ਕਿਹਾ ਕਿ ਸਰਕਾਰ ਵੱਲੋਂ ਦਿੱਤਾ ਗਿਆ ਸਮਾਂ ਬਹੁਤ ਘੱਟ ਹੈ, ਜਿਸ ਕਾਰਨ ਵੱਡੀ ਗਿਣਤੀ ਵਿੱਚ ਲੋੜਵੰਦ ਲੋਕ ਆਪਣਾ ਕੰਮ ਸਮੇਂ ਸਿਰ ਨਹੀਂ ਕਰਵਾ ਸਕਣਗੇ। ਉਨ੍ਹਾਂ ਦੱਸਿਆ ਕਿ ਨੀਲੇ ਕਾਰਡ ਬਣਾਉਣ ਦੀ ਪ੍ਰਕਿਰਿਆ ਦੌਰਾਨ ਲੋਕਾਂ ਨੂੰ ਤਕਨੀਕੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਵਾਰ ਪੋਰਟਲ ਜਾਂ ਸਿਸਟਮ ਠੀਕ ਤਰ੍ਹਾਂ ਕੰਮ ਨਹੀਂ ਕਰਦਾ ਤੇ ਮੋਬਾਈਲ ਤੇ ਓਟੀਪੀ ਸਮੇਂ ਸਿਰ ਨਹੀਂ ਪਹੁੰਚਦਾ, ਜਿਸ ਕਾਰਨ ਲੋਕਾਂ ਦਾ ਕਾਫ਼ੀ ਸਮਾਂ ਖਰਾਬ ਹੋ ਰਿਹਾ ਹੈ ਤੇ ਉਨ੍ਹਾਂ ਨੂੰ ਵਾਰ-ਵਾਰ ਦਫ਼ਤਰਾਂ ਦੇ ਚੱਕਰ ਲਗਾਉਣੇ ਪੈ ਰਹੇ ਹਨ। ਖਾਲਸਾ ਨੇ ਕਿਹਾ ਕਿ ਜੇਕਰ 11 ਅਗਸਤ ਤੋਂ ਬਾਅਦ ਵੀ ਸਮਾਂ ਨਾ ਵਧਾਇਆ ਗਿਆ ਤਾਂ ਬਹੁਤ ਸਾਰੇ ਯੋਗ ਤੇ ਲੋੜਵੰਦ ਪਰਿਵਾਰ ਇਸ ਮਹੱਤਵਪੂਰਨ ਸਰਕਾਰੀ ਯੋਜਨਾ ਦਾ ਲਾਭ ਲੈਣ ਤੋਂ ਵਾਂਝੇ ਰਹਿ ਸਕਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਹਰ ਯੋਗ ਪਰਿਵਾਰ ਤੱਕ ਯੋਜਨਾ ਦਾ ਲਾਭ ਪਹੁੰਚਾਉਣਾ ਹੈ, ਇਸ ਲਈ ਮਿਆਦ ਵਧਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਲੋਕਾਂ ਦੀਆਂ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਨੀਲੇ ਕਾਰਡ ਬਣਾਉਣ ਤੇ ਮੈਂਬਰਾਂ ਦੀ ਐਂਟਰੀ ਕਰਵਾਉਣ ਦੀ ਮਿਆਦ ਘੱਟੋ-ਘੱਟ ਇੱਕ ਮਹੀਨੇ ਲਈ ਹੋਰ ਵਧਾਈ ਜਾਵੇ, ਤਾਂ ਜੋ ਕੋਈ ਵੀ ਹੱਕਦਾਰ ਪਰਿਵਾਰ ਇਸ ਸਹੂਲਤ ਤੋਂ ਵਾਂਝਾ ਨਾ ਰਹੇ।