ਪੰਜਾਬ ’ਚ ਕਾਨੂੰਨ ਵਿਵਸਥਾ ਨਾਂ ਦੀ ਕੋਈ ਚੀਜ਼ ਨਹੀਂ : ਨਰੇਸ਼ ਗੋਲੀਬਾਰੀ ਦੀ ਘਟਨਾ ਵਿੱਚ ਦੋ ਲੋਕਾਂ ਦੀ ਮੌਤ ਪੰਜਾਬ ਸਰਕਾਰ ਦੀ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਉਜਾਗਰ ਕਰਦੀ ਹੈ-ਨਰੇਸ਼ ਭਾਰਦਵਾਜ
Publish Date: Thu, 29 Oct 2026 11:35 PM (IST)
Updated Date: Thu, 29 Oct 2026 11:37 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਮੋਗਾ ਵਿਖੇ ਹਾਲ ਹੀ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਦੌਰਾਨ ਦੋ ਵਿਅਕਤੀਆਂ ਦੀ ਮੌਤ ਪੰਜਾਬ ਸਰਕਾਰ ਦੀ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਬੇਨਕਾਬ ਕਰਦੀ ਹੈ। ਪੰਜਾਬ ਵਿੱਚ ਕਾਨੂੰਨ ਵਿਵਸਥਾ ਨਾਮ ਦੀ ਕੋਈ ਚੀਜ਼ ਨਹੀਂ ਬਚੀ ਹੈ ਤੇ ਪੁਲਿਸ ਪ੍ਰਸ਼ਾਸਨ ਦਾ ਸਮਾਜ ਵਿਰੋਧੀ ਅਨਸਰਾਂ ’ਤੇ ਕੋਈ ਕੰਟਰੋਲ ਨਹੀਂ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਬਲਾਕ ਕਾਂਗਰਸ ਪ੍ਰਧਾਨ ਨਰੇਸ਼ ਭਾਰਦਵਾਜ ਨੇ ਮੋਗਾ ਘਟਨਾ, ਜਿਸ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਸੀ ਤੇ ਦੋ ਹੋਰ ਜ਼ਖਮੀ ਹੋ ਗਏ ਸਨ ਦੇ ਸੰਬੰਧ ਵਿੱਚ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਚਿੰਤਾਜਨਕ ਹੈ। ਇਸ ਕਾਰਨ ਸੂਬੇ ਭਰ ਵਿੱਚ ਸਮਾਜ ਵਿਰੋਧੀ ਅਨਸਰ ਦਿਨ-ਦਿਹਾੜੇ ਗੋਲੀਬਾਰੀ ਕਰ ਰਹੇ ਹਨ, ਜਿਸ ਵਿੱਚ ਮਾਸੂਮ ਲੋਕਾਂ ਦੀ ਮੌਤ ਹੋ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪੁਲਿਸ ਪ੍ਰਸ਼ਾਸਨ ਅਜਿਹੀਆਂ ਘਟਨਾਵਾਂ ਨੂੰ ਰੋਕਣ ਵਿੱਚ ਅਸਫਲ ਰਿਹਾ ਹੈ। ਉਨ੍ਹਾਂ ਕਿਹਾ ਕਿ ਗੋਲੀਬਾਰੀ ਕਰਨ ਵਾਲਿਆਂ ਨੂੰ ਮੌਕੇ ’ਤੇ ਫੜਨ ਵਿੱਚ ਅਸਫਲਤਾ ਪੁਲਿਸ ਪ੍ਰਸ਼ਾਸਨ ਦੀ ਕਾਰਜਪ੍ਰਣਾਲੀ ’ਤੇ ਸਵਾਲ ਖੜ੍ਹੇ ਕਰਦੀ ਹੈ। ਉਨ੍ਹਾਂ ਮੰਗ ਕੀਤੀ ਕਿ ਘਟਨਾ ਵਿੱਚ ਸ਼ਾਮਲ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕੀਤਾ ਜਾਵੇ, ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿੱਤਾ ਜਾਵੇ। ਪੀੜਤ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦੇ ਹੋਏ ਨਰੇਸ਼ ਭਾਰਦਵਾਜ ਨੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਢੁਕਵੇਂ ਪ੍ਰਬੰਧ ਕੀਤੇ ਜਾਣ ਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ।