ਠੰਢ ’ਚ ਹੋ ਰਹੀ ਦੇਰੀ ਜਲਵਾਯੂ ਤਬਦੀਲੀ ਦਾ ਸਪੱਸ਼ਟ ਸੰਕੇਤ : ਸੰਤ ਸੀਚੇਵਾਲ ਸਰਦੀਆਂ ਦੇ ਮੌਸਮ ਵਿੱਚ ਹੋ ਰਹੀ ਦੇਰੀ ਜਲਵਾਯੂ ਤਬਦੀਲੀ ਦਾ ਸਪੱਸ਼ਟ ਸੰਕੇਤ : ਸੰਤ ਸੀਚੇਵਾਲ
Publish Date: Sun, 29 Nov 2026 08:06 PM (IST)
Updated Date: Sun, 29 Nov 2026 08:07 PM (IST)
ਵੇਈਂ ਦੇ ਮੁੱਢ ਤੋਂ ਸ਼ੁਰੂ ਹੋਇਆ ਨਗਰ ਕੀਰਤਨ ਗਾਲੋਵਾਲ ਨਿਰਮਲ ਕੁਟੀਆ ਆ ਕੇ ਸੰਪਨ ਚੌਥੇ ਹਰੇ ਨਗਰ ਕੀਰਤਨ ਦੌਰਾਨ ਵੰਡਿਆ ਬੂਟਿਆਂ ਦਾ ਪ੍ਰਸ਼ਾਦ ਕੁਲਬੀਰ ਸਿੰਘ ਮਿੰਟੂ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੌਥਾ ਹਰਾ ਨਗਰ ਕੀਰਤਨ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਧਨੋਆ ਤੋਂ ਸ਼ੁਰੂ ਹੋ ਕੇ ਵੱਖ-ਵੱਖ ਪਿੰਡਾਂ ਵਿੱਚੋਂ ਹੁੰਦਾ ਹੋਇਆ ਨਿਰਮਲ ਕੁਟੀਆ ਗਾਲੋਵਾਲ ਵਿਖੇ ਪਵਿੱਤਰ ਵੇਈਂ ਦੇ ਕੰਢੇ ਆ ਕੇ ਸੰਪੰਨ ਹੋਇਆ। ਵੇਈਂ ਦੇ ਮੁੱਢਲੇ ਸਰੋਤ ਪਿੰਡ ਧਨੋਆ ਤੋਂ ਆਰੰਭ ਹੋਏ ਇਸ ਨਗਰ ਕੀਰਤਨ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸ਼ਬਦ ਗਾਇਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਉਨ੍ਹਾਂ ਮੌਜੂਦਾ ਮੌਸਮੀ ਹਾਲਾਤ ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਨਵੰਬਰ ਮਹੀਨਾ ਬੀਤਣ ਦੇ ਬਾਵਜੂਦ ਸਰਦੀਆਂ ਦਾ ਅਹਿਸਾਸ ਨਹੀਂ ਹੋ ਰਿਹਾ। ਨਵੰਬਰ ਦੇ ਅਖੀਰ ਤੱਕ ਵੀ ਠੰਢ ਦਾ ਨਾ ਪੈਣਾ ਜਲਵਾਯੂ ਤਬਦੀਲੀ ਦਾ ਸਪੱਸ਼ਟ ਸੰਕੇਤ ਹੈ। ਉਨ੍ਹਾਂ ਕਿਹਾ ਕਿ ਗਲੋਬਲ ਵਾਰਮਿੰਗ ਕਾਰਨ ਧਰਤੀ ਦੇ ਤਾਪਮਾਨ ਵਿੱਚ ਹੋ ਰਿਹਾ ਲਗਾਤਾਰ ਵਾਧਾ ਬੇਹੱਦ ਚਿੰਤਾਜਨਕ ਹੈ। ਇਸ ਦਾ ਮਾੜਾ ਪ੍ਰਭਾਵ ਹੁਣ ਸਾਡੇ ਖੇਤੀਬਾੜੀ ਖੇਤਰ ਤੇ ਵੀ ਦਿਖਾਈ ਦੇਣ ਲੱਗ ਪਿਆ ਹੈ। ਸੰਤ ਸੀਚੇਵਾਲ ਨੇ ਕਿਹਾ ਕਿ ਜੇਕਰ ਅਸੀਂ ਬਾਬੇ ਨਾਨਕ ਦੀਆਂ ਸਿੱਖਿਆਵਾਂ ਤੇ ਅਮਲ ਕੀਤਾ ਹੁੰਦਾ ਤਾਂ ਪੰਜਾਬ ਵਿੱਚ ਪ੍ਰਦੂਸ਼ਣ ਦੀ ਸਮੱਸਿਆ ਇਸ ਹੱਦ ਤੱਕ ਨਾ ਵਧਦੀ। ਗੁਰੂ ਸਾਹਿਬ ਦੇ ਬਚਨਾਂ ਨੂੰ ਜੀਵਨ ਵਿੱਚ ਅਪਣਾਇਆ ਹੁੰਦਾ ਤਾਂ ਦੁਨੀਆ ਭਰ ਦੇ ਲੋਕ ਪੰਜਾਬ ਦੀ ਮਿਸਾਲ ਦਿੰਦੇ ਕਿ ਇੱਥੋਂ ਦੇ ਵਸਨੀਕਾਂ ਨੇ ਆਪਣੇ ਹਵਾ, ਪਾਣੀ ਤੇ ਵਾਤਾਵਰਣ ਦੀ ਕਿਵੇਂ ਸੰਭਾਲ ਕੀਤੀ ਹੈ। ਉਨ੍ਹਾਂ ਕਿਹਾ ਕਿ ਅੱਜ ਵੀ ਜੇਕਰ ਅਸੀਂ ਬਾਬੇ ਨਾਨਕ ਦੀਆਂ ਸਿੱਖਿਆਵਾਂ ਨੂੰ ਅਪਣਾ ਲਈਏ ਤਾਂ ਕੁਦਰਤੀ ਸਰੋਤਾਂ ਨੂੰ ਬਚਾਉਣ ਤੇ ਵਾਤਾਵਰਣ ਨੂੰ ਸੰਭਾਲਣ ਲਈ ਬਹੁਤ ਕੁਝ ਕੀਤਾ ਜਾ ਸਕਦਾ ਹੈ। ਨਗਰ ਕੀਰਤਨ ਦੌਰਾਨ ਸੰਤ ਸੀਚੇਵਾਲ ਨੇ ਸੰਗਤਾਂ ਨੂੰ ਬੂਟਿਆਂ ਦਾ ਪ੍ਰਸ਼ਾਦ ਵੀ ਵੰਡਿਆ। ਉਨ੍ਹਾਂ ਕਿਹਾ ਕਿ ਗਲੋਬਲ ਵਾਰਮਿੰਗ ਤੇ ਜਲਵਾਯੂ ਤਬਦੀਲੀ ਦੇ ਵਧਦੇ ਪ੍ਰਭਾਵਾਂ ਨੂੰ ਘਟਾਉਣ ਦਾ ਇੱਕ ਅਹਿਮ ਤਰੀਕਾ ਵੱਧ ਤੋਂ ਵੱਧ ਬੂਟੇ ਲਗਾਉਣਾ ਤੇ ਉਨ੍ਹਾਂ ਦੀ ਸਾਂਭ-ਸੰਭਾਲ ਕਰਨਾ ਹੈ। ਸਿਰਫ਼ ਬੂਟੇ ਲਗਾਉਣਾ ਹੀ ਕਾਫ਼ੀ ਨਹੀਂ, ਸਗੋਂ ਉਨ੍ਹਾਂ ਨੂੰ ਵੱਡੇ ਹੋਣ ਤੱਕ ਸੰਭਾਲਣਾ ਵੀ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਪੰਜਾਬ ਵਾਸੀਆਂ ਨੂੰ ਕੁਦਰਤੀ ਜਲ ਸਰੋਤਾਂ ਦੀ ਸੰਭਾਲ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਪਿਛਲੇ 25 ਸਾਲਾਂ ਦੌਰਾਨ ਸੰਗਤਾਂ ਦੀ ਅਣਥੱਕ ਮਿਹਨਤ ਸਦਕਾ ਪਵਿੱਤਰ ਵੇਈਂ ਦਾ ਪਾਣੀ ਹੁਣ ਇਸ਼ਨਾਨ ਕਰਨ ਯੋਗ ਹੋਣ ਦੇ ਨਾਲ-ਨਾਲ ਪੀਣ ਯੋਗ ਵੀ ਬਣਿਆ ਹੈ। ਨਗਰ ਕੀਰਤਨ ਦੀ ਸ਼ੁਰੂਆਤ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਜਿਹੜੀ ਪਵਿੱਤਰ ਵੇਈਂ ਕਦੇ ਪ੍ਰਦੂਸ਼ਣ ਕਾਰਨ ਗੰਦਾ ਨਾਲਾ ਬਣ ਗਈ ਸੀ, ਉਹ ਅੱਜ ਸੰਗਤਾਂ ਦੀ ਸੇਵਾ ਤੇ ਸਾਂਝੇ ਯਤਨਾਂ ਸਦਕਾ ਵਰਦਾਨ ਬਣ ਚੁੱਕੀ ਹੈ। ਰਾਜ ਸਭਾ ਮੈਂਬਰ ਨੇ ਦੱਸਿਆ ਕਿ ਵੇਈਂ ਦੇ ਮੁੱਢਲੇ ਸਰੋਤਾਂ ਵਾਲੇ ਇਲਾਕੇ ਵਿੱਚ ਕਿਸਾਨ ਸੇਮ ਦੀ ਸਮੱਸਿਆ ਤੋਂ ਬਹੁਤ ਪ੍ਰੇਸ਼ਾਨ ਸਨ। ਵੇਈਂ ਦੀ ਸਫ਼ਾਈ ਹੋਣ ਨਾਲ ਜਿੱਥੇ ਸੇਮ ਦੀ ਸਮੱਸਿਆ ਘਟੀ, ਉੱਥੇ ਹੜ੍ਹਾਂ ਦਾ ਖ਼ਤਰਾ ਵੀ ਘੱਟ ਹੋਇਆ। ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਦੇ ਸ਼ੁਰੂਆਤੀ ਦੌਰ ਵਿੱਚ ਵੇਈਂ ਦੇ ਕੰਢੇ-ਕੰਢੇ ਯਾਤਰਾ ਕੀਤੀ ਜਾਂਦੀ ਰਹੀ। ਉਨ੍ਹਾਂ ਕਿਹਾ ਕਿ ਇਸ ਨਗਰ ਕੀਰਤਨ ਦਾ ਮੁੱਖ ਮਕਸਦ ਵੇਈਂ ਦੇ ਕੰਢੇ ਵੱਸਦੇ ਪਿੰਡਾਂ ਦੇ ਲੋਕਾਂ ਨੂੰ ਬਾਬੇ ਨਾਨਕ ਦੀ ਪਵਿੱਤਰ ਵੇਈਂ ਤੇ ਉਨ੍ਹਾਂ ਦੀਆਂ ਵਾਤਾਵਰਣ ਪੱਖੀ ਸਿੱਖਿਆਵਾਂ ਨਾਲ ਜੋੜਨਾ ਹੈ। ਨਗਰ ਕੀਰਤਨ ਦੇ ਰਸਤੇ ਵਿੱਚ ਵੱਖ-ਵੱਖ ਥਾਵਾਂ ਤੇ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਤੇ ਜੈਕਾਰਿਆਂ ਨਾਲ ਨਿੱਘਾ ਸਵਾਗਤ ਕੀਤਾ ਗਿਆ। ਗੱਤਕਾ ਖਿਡਾਰੀਆਂ ਨੇ ਆਪਣੇ ਜੌਹਰ ਦਿਖਾਏ, ਜਦਕਿ ਸੰਤ ਅਵਤਾਰ ਸਿੰਘ ਯਾਦਗਾਰੀ ਸਕੂਲ ਦੇ ਬੱਚਿਆਂ ਨੇ ਨੂਰੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।