ਕਪੂਰਥਲਾ ਅਨਾਜ ਮੰਡੀ ’ਚ ਝੋਨੇ ਦੀ ਖਰੀਦ ਸ਼ੁਰੂ ਡਿਪਟੀ ਕਮਿਸ਼ਨਰ ਨੇ ਕਪੂਰਥਲਾ ਅਨਾਜ ਮੰਡੀ ਵਿੱਚ ਝੋਨੇ ਦੀ ਖਰੀਦ ਦੀ ਸ਼ੁਰੂ ਕਰਵਾਈ
Publish Date: Thu, 01 Oct 2026 09:24 PM (IST)
Updated Date: Thu, 01 Oct 2026 09:24 PM (IST)
--ਝੋਨੇ ਦੀ ਨਿਰਵਿਘਨ ਤੇ ਪਾਰਦਰਸ਼ੀ ਖਰੀਦ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ --ਸੀਜ਼ਨ ਦੌਰਾਨ 7.88 ਲੱਖ ਮੀਟ੍ਰਿਕ ਟਨ ਖਰੀਦ ਦਾ ਟੀਚਾ ਮੱਲ੍ਹੀ\ਗੁਰਵਿੰਦਰ ਕੌਰ, ਪੰਜਾਬੀ ਜਾਗਰਣ ਕਪੂਰਥਲਾ : ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਕਪੂਰਥਲਾ ਦੀ ਮੁੱਖ ਅਨਾਜ ਮੰਡੀ ਵਿਖੇ ਝੋਨੇ ਦੀ ਖਰੀਦ ਦੀ ਰਸਮੀ ਸ਼ੁਰੂਆਤ ਕਰਦਿਆਂ ਕਿਸਾਨਾਂ ਲਈ ਨਿਰਵਿਘਨ, ਪਾਰਦਰਸ਼ੀ ਤੇ ਬਿਨਾਂ ਕਿਸੇ ਪਰੇਸ਼ਾਨੀ ਦੇ ਖਰੀਦ ਪ੍ਰਕਿਰਿਆ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਵਚਨਬੱਧਤਾ ਦੁਹਰਾਈ। ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸਰਬਜੀਤ ਸਿੰਘ ਲੁਬਾਣਾ, ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ, ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ, ਐੱਸਡੀਐੱਮ ਮੇਜਰ (ਡਾ.) ਇਰਵਿਨ ਕੌਰ ਤੇ ਹੋਰ ਅਧਿਕਾਰੀ ਤੇ ਪਤਵੰਤੇ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੇ ਸੀਜ਼ਨ ਦੌਰਾਨ ਝੋਨੇ ਦੀ ਸਮੇਂ ਸਿਰ ਤੇ ਨਿਰਵਿਘਨ ਖਰੀਦ ਯਕੀਨੀ ਬਣਾਉਣ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ ਤੇ ਕਿਸਾਨਾਂ ਨੂੰ ਹਰ ਪੜਾਅ ’ਤੇ ਲੋੜੀਂਦੀ ਸਹੂਲਤ ਮੁਹੱਈਆ ਕਰਵਾਉਣ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਝੋਨੇ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ ਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਵੱਲੋਂ ਮੰਡੀ ਵਿੱਚ ਫ਼ਸਲ ਲਿਆਉਂਦੇ ਹੀ ਉਸ ਦੀ ਤੁਰੰਤ ਖਰੀਦ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਇਸ ਸੀਜ਼ਨ ਦੌਰਾਨ 7,88,272 ਮੀਟ੍ਰਿਕ ਟਨ ਝੋਨੇ ਦੀ ਖਰੀਦ ਦਾ ਟੀਚਾ ਨਿਰਧਾਰਤ ਕੀਤਾ ਗਿਆ ਹੈ ਤੇ ਜ਼ਿਲ੍ਹੇ ਦੀਆਂ ਸਾਰੀਆਂ 43 ਅਨਾਜ ਮੰਡੀਆਂ ਵਿੱਚ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਸਾਰੇ ਉਪ ਮੰਡਲ ਮੈਜਿਸਟ੍ਰੇਟਾਂ (ਐੱਸਡੀਐੱਮਜ਼) ਤੇ ਖਰੀਦ ਏਜੰਸੀਆਂ ਦੇ ਮੁਖੀਆਂ ਨੂੰ ਖਰੀਦ ਕਾਰਜਾਂ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਲਈ ਕਿਹਾ ਗਿਆ ਹੈ, ਤਾਂ ਜੋ ਆਪਸੀ ਤਾਲਮੇਲ ਨੂੰ ਪ੍ਰਭਾਵਸ਼ਾਲੀ ਬਣਾਇਆ ਜਾ ਸਕੇ ਤੇ ਕਿਸੇ ਵੀ ਸਮੱਸਿਆ ਦਾ ਸਮੇਂ ਸਿਰ ਹੱਲ ਕੀਤਾ ਜਾ ਸਕੇ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਦੀ ਵੀ ਅਪੀਲ ਕੀਤੀ ਤੇ ਕਿਹਾ ਕਿ ਪਰਾਲੀ ਸਾੜਨ ਨਾਲ ਵਾਤਾਵਰਣ ਤੇ ਮਨੁੱਖੀ ਸਿਹਤ ’ਤੇ ਗੰਭੀਰ ਮਾੜੇ ਪ੍ਰਭਾਵ ਪੈਂਦੇ ਹਨ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ 17 ਫੀਸਦੀ ਜਾਂ ਇਸ ਤੋਂ ਘੱਟ ਨਮੀ ਵਾਲਾ ਸੁੱਕਾ ਝੋਨਾ ਹੀ ਅਨਾਜ ਮੰਡੀਆਂ ਵਿੱਚ ਲੈ ਕੇ ਆਉਣ। ਉਨ੍ਹਾਂ ਆੜ੍ਹਤੀਆਂ ਨੂੰ ਵੀ ਭਰੋਸਾ ਦਿਵਾਇਆ ਕਿ ਖਰੀਦ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਵਾਸਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ।