ਈਵੀਐੱਮ ਵੇਅਰਹਾਊਸ ਦੇ ਸੁਰੱਖਿਆ ਤੇ ਹੋਰ ਪ੍ਰਬੰਧਾਂ ਦਾ ਜਾਇਜ਼ਾ ਲਿਆ ਜ਼ਿਲ੍ਹਾ ਚੋਣ ਅਫਸਰ ਕਪੂਰਥਲਾ ਵੱਲੋਂ ਈ.ਵੀ.ਐੱਮ ਵੇਅਰਹਾਊਸ ਦਾ ਦੌਰਾ ਕਰਕੇ ਸੁਰੱਖਿਆ ਤੇ ਹੋਰ ਪ੍ਰਬੰਧਾਂ ਦਾ ਜਾਇਜ਼ਾ ਲਿਆ
Publish Date: Tue, 03 Nov 2026 08:04 PM (IST)
Updated Date: Tue, 03 Nov 2026 08:05 PM (IST)
ਅਮਰੀਕ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਮਾਨਯੋਗ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਮਿਤੀ 12 ਨਵੰਬਰ ਤੋਂ ਈਵੀਐੱਮ/ਵੀਵੀ ਪੈਟਸ ਦੀ ਫਸਟ ਲੈਵਲ ਚੈਕਿੰਗ ਸ਼ੁਰੂ ਕੀਤੀ ਜਾ ਰਹੀ ਹੈ, ਜੋ ਕਿ ਭਾਰਤ ਇਲੈਕਟ੍ਰਾਨਿਕਸ ਲਿਮਟਿਡ, ਬੈਂਗਲੁਰੂ ਦੇ ਮਾਹਰ ਇੰਜੀਨੀਅਰਾਂ ਵੱਲੋਂ ਕੀਤੀ ਜਾਵੇਗੀ। ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਦੀ ਸਮੀਖਿਆ ਕਰਨ ਲਈ ਅੱਜ ਅਕਾਸ਼ ਬਾਂਸਲ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਕਪੂਰਥਲਾ ਦੀ ਪ੍ਰਧਾਨਗੀ ਹੇਠ ਸਬੰਧਤ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਦੱਸਿਆ ਕਿ ਫਸਟ ਲੈਵਲ ਚੈਕਿੰਗ ਦੇ ਨਿਰਵਿਘਨ ਤੇ ਪਾਰਦਰਸ਼ੀ ਸੰਚਾਲਨ ਲਈ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼ਿਖਾ ਭਗਤ ਨੂੰ ਸੁਪਰਵਾਈਜ਼ਰ ਨਿਯੁਕਤ ਕੀਤਾ ਗਿਆ ਹੈ। ਚੈਕਿੰਗ ਦਾ ਸਮਾਂ ਰੋਜ਼ਾਨਾ ਸਵੇਰੇ 9:00 ਵਜੇ ਤੋਂ ਸ਼ਾਮ 7:00 ਵਜੇ ਤੱਕ ਹੋਵੇਗਾ। ਉਨ੍ਹਾਂ ਦੱਸਿਆ ਕਿ ਪੂਰੀ ਪ੍ਰਕਿਰਿਆ ਦੀ ਸੁਚੱਜੀ ਦੇਖ-ਰੇਖ ਲਈ ਨੋਡਲ ਅਫਸਰ ਤੇ ਸਹਾਇਕ ਨੋਡਲ ਅਫਸਰ ਤਾਇਨਾਤ ਕੀਤੇ ਗਏ ਹਨ, ਜਿਨ੍ਹਾਂ ਦੀ ਨਿਗਰਾਨੀ ਹੇਠ ਇਹ ਸਾਰਾ ਕੰਮ ਨੇਪਰੇ ਚਾੜ੍ਹਿਆ ਜਾਵੇਗਾ। ਮੀਟਿੰਗ ਉਪਰੰਤ ਡਿਪਟੀ ਕਮਿਸ਼ਨਰ, ਸੀਨੀਅਰ ਪੁਲਿਸ ਕਪਤਾਨ, ਵਧੀਕ ਡਿਪਟੀ ਕਮਿਸ਼ਨਰ (ਜ) ਸਹਾਇਕ ਕਮਿਸ਼ਨਰ (ਜਨਰਲ) ਤੇ ਚੋਣ ਤਹਿਸੀਲਦਾਰ ਵੱਲੋਂ ਈਵੀਐੱਮ ਵੇਅਰਹਾਊਸ ਦਾ ਦੌਰਾ ਕੀਤਾ ਗਿਆ ਤੇ ਉੱਥੇ ਕੀਤੇ ਗਏ ਸੁਰੱਖਿਆ ਤੇ ਹੋਰ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।