ਸੂਬਾ ਸਰਕਾਰ ਦਾ ਦੋਗਲਾ ਚਿਹਰਾ ਹੋਇਆ ਨੰਗਾ : ਚੀਦਾ
ਸੂਬਾ ਸਰਕਾਰ ਦਾ ਦੋਗਲਾ ਚਿਹਰਾ ਹੋਇਆ ਨੰਗਾ : ਗੁਰਪ੍ਰੀਤ ਸਿੰਘ ਚੀਦਾ
Publish Date: Fri, 02 Jan 2026 10:01 PM (IST)
Updated Date: Fri, 02 Jan 2026 10:05 PM (IST)

*ਮਜ਼ਦੂਰ ਆਗੂ ਮੁਕੇਸ਼ ਮਲੌਦ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਨਿੰਦਾ ਕੁਲਵਿੰਦਰ ਸਿੰਘ ਲਾਡੀ, ਪੰਜਾਬੀ ਜਾਗਰਣ ਫੱਤੂਢੀਂਗਾ : ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਏਰੀਆ ਕਮੇਟੀ ਨੇ ਅੱਜ ਮੀਟਿੰਗ ਕਰਕੇ ਸੂਬਾ ਸਰਕਾਰ ਦੇ ਇਸ਼ਾਰੇ ਉੱਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ ਨੂੰ ਪੰਜਾਬ ਪੁਲਿਸ ਦੇ ਸਪੈਸ਼ਲ ਸੁਰੱਖਿਆ ਬਰਾਂਚ ਵਲੋਂ ਦਿੱਲੀ ਦੇ ਨਿਜ਼ਾਮੂਦੀਨ ਰੇਲਵੇ ਸਟੇਸ਼ਨ ਤੋਂ ਗ੍ਰਿਫ਼ਤਾਰ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਯੂਨੀਅਨ ਦੇ ਯੂਥ ਵਿੰਗ ਦੇ ਸੂਬਾ ਆਗੂ ਗੁਰਪ੍ਰੀਤ ਸਿੰਘ ਚੀਦਾ ਨੇ ਕਿਹਾ ਕਿ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਪ੍ਰਮੁੱਖ ਆਗੂ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਾਲੌਦ ਨੂੰ ਗ੍ਰਿਫ਼ਤਾਰ ਕਰਨ ਨਾਲ ਭਗਵੰਤ ਸਿੰਘ ਮਾਨ ਸਰਕਾਰ ਦਾ ਦੋਗਲਾ ਚਿਹਰਾ ਨੰਗਾ ਹੋ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਇਕ ਪਾਸੇ ਮਗਨਰੇਗਾ ਦੇ ਮਸਲੇ ਨੂੰ ਲੈ ਕੇ ਵਿਸ਼ੇਸ਼ ਇਜਲਾਸ ਕਰਕੇ ਮਜ਼ਦੂਰਾਂ ਦੇ ਪੱਖੀ ਹੋਣ ਦਾ ਡਰਾਮਾ ਕਰ ਰਹੀ ਹੈ ਤੇ ਮਗਰਮੱਛੀ ਹੰਝੂ ਵਹਾਅ ਰਹੀ ਹੈ ਅਤੇ ਦੂਸਰੇ ਪਾਸੇ ਮਜ਼ਦੂਰ ਆਗੂਆਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹਾਂ ਵਿਚ ਸੁੱਟ ਰਹੀ ਹੈ। ਇਸ ਤੋਂ ਪੰਜਾਬ ਸਰਕਾਰ ਦਾ ਦਲਿਤ ਅਤੇ ਮਜ਼ਦੂਰ ਵਿਰੋਧੀ ਚਿਹਰਾ ਨੰਗਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਗ੍ਰਿਫ਼ਤਾਰੀ ਜੀਂਦ ਦੇ ਰਾਜੇ ਦੀ ਸੰਗਰੂਰ ਸਥਿਤ ਜ਼ਮੀਨ ਉੱਪਰ ਬੇਜ਼ਮੀਨੇ ਲੋਕਾਂ ਲਈ ਬੇਗ਼ਮਪੁਰਾ ਵਸਾਉਣ ਅਤੇ ਉਨ੍ਹਾਂ ਦੇ ਮਾਨ-ਸਨਮਾਨ ਵਾਸਤੇ ਜਥੇਬੰਦੀ ਵੱਲੋਂ ਕੀਤੇ ਜਾ ਰਹੇ ਸੰਘਰਸ਼ ਨੂੰ ਅਸਫ਼ਲ ਬਣਾਉਣ ਲਈ ਬੁਖਲਾਹਟ ਵਿਚ ਆ ਕੇ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਰਾਹੀਂ ਸੂਬਾ ਸਰਕਾਰ ਬੇਜ਼ਮੀਨੇ ਮਜ਼ਦੂਰਾਂ ਨੂੰ ਆਗੂ ਰਹਿਤ ਕਰਕੇ ਦਹਿਸ਼ਤ ਦਾ ਮਾਹੌਲ ਬਣਾ ਕੇ ਸੰਘਰਸ਼ਾਂ ਤੋਂ ਲਾਂਭੇ ਕਰਨ ਦਾ ਭਰਮ ਪਾਲ ਰਹੀ ਹੈ। ਉਨ੍ਹਾਂ ਕਿਹਾ ਕਿ ਮੁਕੇਸ਼ ਮਾਲੌਦ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਭਰ ਦੇ ਮਜ਼ਦੂਰਾਂ ਦੇ ਮਨਾਂ ਵਿਚ ਸੂਬਾ ਸਰਕਾਰ ਖਿਲਾਫ਼ ਭਾਰੀ ਗੁੱਸਾ ਪਾਇਆ ਜਾ ਰਿਹਾ ਹੈ। ਯੂਨੀਅਨ ਮੁਕੇਸ਼ ਮਲੌਦ ਨੂੰ ਬਿਨ੍ਹਾਂ ਸ਼ਰਤ ਰਿਹਾਅ ਕਰਨ ਤੋਂ ਇਲਾਵਾ ਮਜ਼ਦੂਰਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਦੇਣ ਦੀ ਮੰਗ ਕਰਦੀ ਹੈ। ਇਸ ਮੌਕੇ ਤਹਿਸੀਲ ਦੇ ਜਨਰਲ ਸਕੱਤਰ ਅਮਰੀਕ ਬੁਲੇਵਾਲ, ਵਾਈਸ ਪ੍ਰਧਾਨ ਨਾਵਲ ਗਿੱਲ ਟਾਹਲੀ ਅਤੇ ਏਰੀਆ ਕਮੇਟੀ ਮੈਬਰ ਗੁਰਪ੍ਰੀਤ ਸਿੰਘ, ਹਰਜਿੰਦਰ ਚਕੋਕੀ, ਧਰਮਿੰਦਰ ਹਾਜ਼ਰ ਸਨ।