ਪ੍ਰਕਾਸ਼ ਪੁਰਬ ਸਮਾਗਮਾਂ ’ਚ ਵਧ-ਚੜ੍ਹ ਕੇ ਸ਼ਾਮਲ ਹੋਵੋ : ਖਾਲਸਾ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਸਮੂਹ ਸੰਗਤ ਵਧ-ਚੜ੍ਹ ਕੇ ਨਤਮਸਤਕ ਹੋਵੇ: ਚਰਨਜੀਤ ਸਿੰਘ ਖਾਲਸਾ
Publish Date: Sat, 21 Nov 2026 07:08 PM (IST)
Updated Date: Sat, 21 Nov 2026 07:10 PM (IST)
ਹਰੀਸ਼ ਭੰਡਾਰੀ, ਪੰਜਾਬੀ ਜਾਗਰਣ ਫਗਵਾੜਾ : ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੇਸ਼ ਭਰ ਵਿੱਚ ਕਰਵਾਏ ਜਾ ਰਹੇ ਧਾਰਮਿਕ ਸਮਾਗਮਾਂ ਸਬੰਧੀ ਗੱਲਬਾਤ ਕਰਦਿਆਂ ਸਮਾਜ ਸੇਵਕ ਚਰਨਜੀਤ ਸਿੰਘ ਖਾਲਸਾ ਨੇ ਸਮੂਹ ਸੰਗਤ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਪਵਿੱਤਰ ਸਮਾਗਮਾਂ ਵਿੱਚ ਵਧ-ਚੜ੍ਹ ਕੇ ਸ਼ਮੂਲੀਅਤ ਕਰੇ ਤੇ ਗੁਰੂ ਘਰਾਂ ਵਿੱਚ ਨਤਮਸਤਕ ਹੋ ਕੇ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਪ੍ਰਾਪਤ ਕਰੇ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਨੁੱਖਤਾ ਨੂੰ ਸਰਬੱਤ ਦੇ ਭਲੇ, ਆਪਸੀ ਭਾਈਚਾਰੇ, ਬਰਾਬਰਤਾ, ਸੱਚਾਈ ਤੇ ਨਾਮ ਸਿਮਰਨ ਦਾ ਸੰਦੇਸ਼ ਦਿੱਤਾ। ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਨੂੰ ਸਹੀ ਦਿਸ਼ਾ ਦਿਖਾਉਣ ਲਈ ਪ੍ਰੇਰਿਤ ਕਰਦੀਆਂ ਹਨ। ਸਾਨੂੰ ਸਾਰਿਆਂ ਨੂੰ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ਤੇ ਚੱਲਦਿਆਂ ਆਪਣੇ ਜੀਵਨ ਵਿੱਚ ਸੇਵਾ, ਸਿਮਰਨ ਤੇ ਵੰਡ ਛਕਣ ਦੇ ਸਿਧਾਂਤਾਂ ਨੂੰ ਅਪਣਾਉਣਾ ਚਾਹੀਦਾ ਹੈ। ਚਰਨਜੀਤ ਸਿੰਘ ਖਾਲਸਾ ਨੇ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਾਡੀ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬਾਨ ਦੇ ਇਤਿਹਾਸ ਤੇ ਉਨ੍ਹਾਂ ਦੀਆਂ ਮਹਾਨ ਸਿੱਖਿਆਵਾਂ ਨਾਲ ਜੋੜਨ ਦਾ ਸੁਨਹਿਰੀ ਮੌਕਾ ਹਨ। ਉਨ੍ਹਾਂ ਸਮੂਹ ਇਲਾਕਾ ਨਿਵਾਸੀਆਂ ਤੇ ਸੰਗਤਾਂ ਨੂੰ ਪਰਿਵਾਰਾਂ ਸਮੇਤ ਸਮਾਗਮਾਂ ਵਿੱਚ ਸ਼ਾਮਲ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸ਼ਰਧਾ ਤੇ ਉਤਸ਼ਾਹ ਨਾਲ ਮਨਾਉਣਾ ਸਾਡਾ ਸਾਰਿਆਂ ਦਾ ਸਾਂਝਾ ਫਰਜ਼ ਹੈ।