ਅਧਿਆਪਕ 27 ਨੂੰ ਸਮੂਹਿਕ ਛੁੱਟੀ ਲੈ ਕੇ ਕਰਨਗੇ ਰੋਸ ਪ੍ਰਦਰਸ਼ਨ ਸਮੁੱਚਾ ਅਧਿਆਪਕ ਵਰਗ 27 ਅਗਸਤ ਨੂੰ ਸਮੂਹਿਕ ਛੁੱਟੀ ਲੈ ਕੇ ਰੋਸ ਪ੍ਰਦਰਸ਼ਨਾਂ ਵਿੱਚ ਸ਼ਾਮਿਲ ਹੋਵੇਗਾ
Publish Date: Thu, 13 Aug 2026 06:58 PM (IST)
Updated Date: Thu, 13 Aug 2026 06:59 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਵੱਲੋਂ 27 ਅਗਸਤ ਦੇ ਬੰਦ ਦੇ ਸੱਦੇ ਨੂੰ ਸਫਲ ਕਰਨ ਲਈ ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਕਨਵੀਨਰਾਂ ਤੇ ਕੋ-ਕਨਵੀਨਰਾਂ ਦੀ ਵਰਚੁਅਲ ਮੀਟਿੰਗ ਸੁਰਿੰਦਰ ਕੰਬੋਜ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਸਾਂਝੇ ਅਧਿਆਪਕ ਮੋਰਚੇ ਦੀਆਂ ਸਾਰੀਆਂ ਧਿਰਾਂ ਸ਼ਾਮਲ ਹੋਈਆਂ। ਜਾਣਕਾਰੀ ਦਿੰਦੇ ਹੋਏ ਅਧਿਆਪਕ ਦਲ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਰੰਧਾਵਾ ਤੇ ਰਵਿੰਦਰਜੀਤ ਸਿੰਘ ਪੰਨੂ ਨੇ ਦੱਸਿਆ ਕਿ ਮੀਟਿੰਗ ਦੀ ਸ਼ੁਰੂਆਤ ਵਿੱਚ ਸਰਕਾਰੀ ਹਾਈ ਸਕੂਲ ਕੁੰਭੜਾ ਦੇ ਮੁੱਖ ਅਧਿਆਪਕ ਗੁਰਸੇਵਕ ਸਿੰਘ ਤੇ ਹੋਏ ਕਾਤਲਾਨਾ ਹਮਲੇ ਵਿੱਚ ਜ਼ਖਮੀ ਹੋਣ ਉਪਰੰਤ ਹਸਪਤਾਲ ਵਿੱਚ ਹੋਈ ਮੌਤ ਤੇ ਕਾਤਲਾਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਗਈ। ਇਸ ਸਬੰਧੀ ਕਾਤਲਾਂ ਨੂੰ ਗ੍ਰਿਫਤਾਰ ਕਰਵਾਉਣ ਲਈ 14 ਅਗਸਤ ਨੂੰ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਵਿੱਚ ਸ਼ਮੂਲੀਅਤ ਕਰਨ ਦਾ ਫੈਸਲਾ ਕੀਤਾ ਗਿਆ। ਮੀਟਿੰਗ ਵਿੱਚ 7 ਅਗਸਤ ਦੀ ਚੰਡੀਗੜ੍ਹ ਵਿਖੇ ਹੋਈ ਇਤਿਹਾਸਕ ਰੈਲੀ ਦਾ ਰੀਵਿਊ ਕੀਤਾ ਗਿਆ। ਇਸ ਰੈਲੀ ਵਿੱਚ ਸਮੁੱਚੇ ਮੁਲਾਜ਼ਮਾਂ, ਪੈਨਸ਼ਨਰਾਂ ਤੇ ਅਧਿਆਪਕਾਂ ਵੱਲੋਂ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਜਬਰਦਸਤ ਰੋਸ ਦਾ ਪ੍ਰਗਟਾਵਾ ਕੀਤਾ ਗਿਆ ਹੈ। ਮੁਲਾਜ਼ਮਾਂ, ਪੈਨਸ਼ਨਰਾਂ, ਕੱਚੇ ਕਾਮਿਆਂ ਤੇ ਮਾਣ ਭੱਤਾ ਵਰਕਰਾਂ ਦੀਆਂ ਮੰਗਾਂ ਨੂੰ ਤੁਰੰਤ ਮੰਨਣ ਲਈ 27 ਅਗਸਤ ਨੂੰ ਸਮੂਹਿਕ ਛੁੱਟੀ ਲੈ ਕੇ ਸਮੁੱਚੇ ਅਦਾਰੇ ਬੰਦ ਰੱਖ ਕੇ ਰੋਸ ਪ੍ਰਦਰਸ਼ਨ ਕਰਨ ਦਾ ਸੱਦਾ ਦਿੱਤਾ ਗਿਆ ਹੈ। ਸਾਂਝੇ ਅਧਿਆਪਕ ਮੋਰਚੇ ਦੇ ਆਗੂਆਂ ਨੇ ਚੰਡੀਗੜ੍ਹ ਰੈਲੀ ਵਿੱਚ ਅਧਿਆਪਕਾਂ, ਖਾਸ ਕਰਕੇ ਮਹਿਲਾ ਅਧਿਆਪਕਾਂ ਵੱਲੋਂ ਵੱਡੇ ਪੱਧਰ ’ਤੇ ਕੀਤੀ ਗਈ ਸ਼ਮੂਲੀਅਤ ’ਤੇ ਤਸੱਲੀ ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਮੀਟਿੰਗ ਵਿਚ ਸਾਥੀ ਸੁਖਵਿੰਦਰ ਸਿੰਘ ਚਾਹਲ, ਸੁਰਿੰਦਰ ਕੁਮਾਰ ਪੁਆਰੀ, ਲਛਮਣ ਸਿੰਘ ਨਬੀਪੁਰ, ਬਿਕਰਮਜੀਤ ਸਿੰਘ ਕੱਦੋਂ, ਹਰਭਜਨ ਸਿੰਘ, ਰਵਿੰਦਰਜੀਤ ਸਿੰਘ ਪੁਨੂੰ, ਗੁਰਬਿੰਦਰ ਸਿੰਘ ਸਸਕੌਰ, ਸਤਨਾਮ ਸਿੰਘ ਰੰਧਾਵਾ, ਹਰਜੀਤ ਸਿੰਘ ਜੁਨੇਜਾ, ਪਤਵੰਤ ਸਿੰਘ, ਨਵਪ੍ਰੀਤ ਬੱਲੀ, ਜਗਜੀਤ ਸਿੰਘ, ਤਰਨਵੀਰ ਸਿੰਘ ਆਦਿ ਸ਼ਾਮਲ ਹੋਏ।