ਭਗਵੰਤ ਮਾਨ ਸਰਕਾਰ ਨੂੰ ਹਾਲੇ ਹੋਰ ਸਿਆਸੀ ਝਟਕੇ ਲੱਗਣਗੇ : ਖੋਸਲਾ ਭਗਵੰਤ ਮਾਨ ਸਰਕਾਰ ਦੀਆਂ ਤਿੰਨ ਵਿਕਟਾਂ ਡਿੱਗਣਾ ਸਿਰਫ ਸ਼ੁਰੂਆਤ, ਹਾਲੇ ਹੋਰ ਸਿਆਸੀ ਝੱਟਕੇ ਲੱਗਣਗੇ : ਅਰੁਣ ਖੋਸਲਾ
Publish Date: Mon, 02 Nov 2026 09:34 PM (IST)
Updated Date: Mon, 02 Nov 2026 09:35 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਫਗਵਾੜਾ ਦੇ ਸਾਬਕਾ ਮੇਅਰ ਅਰੁਣ ਖੋਸਲਾ ਨੇ ਆਮ ਆਦਮੀ ਪਾਰਟੀ ਦੇ ਤਿੰਨ ਵਿਧਾਇਕਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਪੰਜਾਬ ਦੀ ਸਿਆਸਤ ਵਿੱਚ ਅੱਜ ’ਆਪ’ ਦੀਆਂ ਤਿੰਨ ਵਿਕਟਾਂ ਡਿੱਗ ਗਈਆਂ ਹਨ ਤੇ ਹੁਣ ਪੰਜਾਬ ਦੀ ਜਨਤਾ ਵੱਲੋਂ ਸਰਕਾਰ ਦੀ ਵਾਰੀ ਆਉਣ ਵਾਲੀਆਂ ਚੋਣਾਂ ਵਿੱਚ ਤੈਅ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ, ਚੇਤਨ ਸਿੰਘ ਜੌੜਾਮਾਜਰਾ ਤੇ ਹਰਮੀਤ ਸਿੰਘ ਪਠਾਣਮਾਜਰਾ ਵਰਗੇ ਆਗੂਆਂ ਦਾ ਭਾਜਪਾ ਨਾਲ ਜੁੜਨਾ ਆਮ ਆਦਮੀ ਪਾਰਟੀ ਲਈ ਇੱਕ ਵੱਡਾ ਸਿਆਸੀ ਝਟਕਾ ਹੈ ਪਰ ਇਹ ਤਾਂ ਸਿਰਫ ਇੱਕ ਸ਼ੁਰੂਆਤ ਹੈ। ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਬਹੁਤ ਸਾਰੇ ਝਟਕੇ ਲੱਗਣਗੇ। ਖੋਸਲਾ ਨੇ ਕਿਹਾ ਕਿ ਜਿਹੜੀ ਪਾਰਟੀ ਪੰਜਾਬ ਵਿੱਚ ਬਦਲਾਅ ਦੇ ਵੱਡੇ ਦਾਅਵੇ ਕਰਕੇ ਸੱਤਾ ਵਿੱਚ ਆਈ ਸੀ, ਅੱਜ ਉਸ ਦੇ ਆਪਣੇ ਹੀ ਆਗੂ ਉਸ ਤੋਂ ਦੂਰੀ ਬਣਾ ਰਹੇ ਹਨ। ਉਨ੍ਹਾਂ ਕਿਹਾ ਕਿ ‘ਆਪ’ ਨੂੰ ਇਹ ਸਮਝਣਾ ਪਵੇਗਾ ਕਿ ਸਿਆਸਤ ਸਿਰਫ਼ ਇਸ਼ਤਿਹਾਰਾਂ, ਨਾਅਰਿਆਂ ਤੇ ਝੂਠੇ ਸਬਜ਼ਬਾਗ ਦਿਖਾਉਣ ਨਾਲ ਨਹੀਂ ਚੱਲਦੀ, ਲੋਕਾਂ ਨੂੰ ਜ਼ਮੀਨੀ ਪੱਧਰ ’ਤੇ ਕੰਮ ਵੀ ਦਿਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਨਸ਼ਿਆਂ ਦੇ ਖ਼ਾਤਮੇ, ਬੇਰੁਜ਼ਗਾਰੀ ਦੂਰ ਕਰਨ, ਉਦਯੋਗਾਂ ਨੂੰ ਹੁਲਾਰਾ ਦੇਣ ਤੇ ਸੂਬੇ ਵਿੱਚ ਕਾਨੂੰਨ-ਵਿਵਸਥਾ ਸੁਧਾਰਨ ਦੀ ਉਮੀਦ ਨਾਲ ’ਆਪ’ ਨੂੰ ਮੌਕਾ ਦਿੱਤਾ ਸੀ, ਪਰ ਅੱਜ ਵੀ ਇਹ ਮੁੱਦੇ ਲੋਕਾਂ ਦੇ ਸਾਹਮਣੇ ਵੱਡੀਆਂ ਚੁਣੌਤੀਆਂ ਵਜੋਂ ਖੜ੍ਹੇ ਹਨ। ਨੌਜਵਾਨਾਂ ਦਾ ਵਿਦੇਸ਼ਾਂ ਵੱਲ ਜਾਣਾ, ਵਪਾਰੀਆਂ ਤੇ ਆਮ ਲੋਕਾਂ ਵਿੱਚ ਸੁਰੱਖਿਆ ਨੂੰ ਲੈ ਕੇ ਚਿੰਤਾ ਤੇ ਨਸ਼ਿਆਂ ਦੀ ਸਮੱਸਿਆ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰਦੀ ਹੈ। ਅਰੁਣ ਖੋਸਲਾ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਵਿੱਚ ਐੱਨਡੀਏ ਦੀ ਸਰਕਾਰ ਬਣਾਉਣ ਤੇ ਨਸ਼ਾ ਮਾਫ਼ੀਆ ਵਿਰੁੱਧ ਸਖ਼ਤ ਕਾਰਵਾਈ ਕਰਨ ਦਾ ਸੰਕਲਪ ਪ੍ਰਗਟਾਇਆ ਹੈ। ਭਾਜਪਾ ਪੰਜਾਬ ਨੂੰ ਨਸ਼ਿਆਂ ਦੇ ਜਾਲ ਤੋਂ ਬਾਹਰ ਕੱਢਣ, ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਦੇਣ ਤੇ ਸੂਬੇ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਪੰਜਾਬ ਨੂੰ ਅਜਿਹੀ ਸਰਕਾਰ ਦੀ ਲੋੜ ਹੈ ਜੋ ਸਿਰਫ਼ ਐਲਾਨ ਨਾ ਕਰੇ, ਸਗੋਂ ਨਤੀਜੇ ਵੀ ਦੇਵੇ। ਕਾਂਗਰਸ ਦੀ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਹੋਈ ਰੈਲੀ ਬਾਰੇ ਟਿੱਪਣੀ ਕਰਦਿਆਂ ਖੋਸਲਾ ਨੇ ਕਿਹਾ ਕਿ ਵਿਰੋਧੀ ਧਿਰ ਨੂੰ ਰੈਲੀਆਂ ਤੇ ਬਿਆਨਾਂ ਤੋਂ ਅੱਗੇ ਵਧ ਕੇ ਲੋਕਾਂ ਨੂੰ ਆਪਣਾ ਸਪੱਸ਼ਟ ਏਜੰਡਾ ਦੱਸਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਭਾਜਪਾ ਦੇਸ਼ ਦੇ ਵਿਕਾਸ, ਸੁਰੱਖਿਆ ਅਤੇ ਲੋਕ-ਹਿੱਤ ਦੇ ਮੁੱਦਿਆਂ ’ਤੇ ਕੰਮ ਕਰ ਰਹੀ ਹੈ।