- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦੀ ਹਾਕਵਰਲਡ ਸਕੂਲ ਵਿੱਚ ਦੀਵਾਲੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ

ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ
ਸੁਲਤਾਨਪੁਰ ਲੋਧੀ : ਦੀ ਹਾਕਵਰਲਡ ਸਕੂਲ ਵਿੱਚ ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਨੂੰ ਬੜੇ ਹੀ ਉਤਸ਼ਾਹ, ਖੁਸ਼ੀ ਤੇ ਉਮੰਗ ਨਾਲ ਮਨਾਇਆ ਗਿਆ। ਇਸ ਖ਼ਾਸ ਮੌਕੇ ’ਤੇ ਪੂਰੇ ਸਕੂਲ ਨੂੰ ਰੰਗ-ਬਿਰੰਗੀਆਂ ਲਾਈਟਾਂ ਤੇ ਸੁੰਦਰ ਸਜਾਵਟ ਨਾਲ ਸਜਾਇਆ ਗਿਆ, ਜਿਸ ਨਾਲ ਸਕੂਲ ਦਾ ਵਾਤਾਵਰਣ ਤਿਉਹਾਰ ਦੇ ਰੰਗਾਂ ਵਿੱਚ ਰੰਗਿਆ ਗਿਆ। ਇਸ ਮੌਕੇ ਸਕੂਲ ਵਿੱਚ ਵਿਸ਼ੇਸ਼ ਦੀਵਾਲੀ ਪ੍ਰਦਰਸ਼ਨੀ ਲਗਾਈ ਗਈ, ਜਿਸ ਵਿੱਚ ਵਿਦਿਆਰਥੀਆਂ ਵੱਲੋਂ ਆਪਣੇ ਹੱਥਾਂ ਨਾਲ ਤਿਆਰ ਕੀਤੇ ਗਏ ਸੁੰਦਰ ਦੀਵੇ, ਮੋਮਬੱਤੀਆਂ, ਰੰਗ-ਬਿਰੰਗੇ ਤੋਰਨ ਤੇ ਹੋਰ ਸਜਾਵਟੀ ਸਮਾਨ ਪ੍ਰਦਰਸ਼ਿਤ ਕੀਤਾ ਗਿਆ। ਵਿਦਿਆਰਥੀਆਂ ਨੇ ਆਪਣੇ ਵੱਲੋਂ ਤਿਆਰ ਕੀਤੀਆਂ ਇਨ੍ਹਾਂ ਵਸਤੂਆਂ ਦੀ ਵਿਕਰੀ ਵੀ ਕੀਤੀ। ਇਸ ਦੌਰਾਨ ਉਨ੍ਹਾਂ ਨੇ ਬੜੇ ਉਤਸ਼ਾਹ ਨਾਲ ਆਪਣੇ ਉਤਪਾਦਾਂ ਨੂੰ ਪੇਸ਼ ਕੀਤਾ ਤੇ ਖਰੀਦਦਾਰਾਂ ਨੂੰ ਉਨ੍ਹਾਂ ਦੀ ਵਿਸ਼ੇਸ਼ਤਾ ਬਾਰੇ ਜਾਣਕਾਰੀ ਦਿੱਤੀ। ਇਸ ਗਤੀਵਿਧੀ ਰਾਹੀਂ ਵਿਦਿਆਰਥੀਆਂ ਨੂੰ ਸਿਰਜਣਾਤਮਕਤਾ ਦੇ ਨਾਲ-ਨਾਲ ਆਤਮ-ਵਿਸ਼ਵਾਸ, ਉੱਦਮਸ਼ੀਲਤਾ ਤੇ ਵਿਹਾਰਕ ਜੀਵਨ ਦੇ ਹੁਨਰ ਸਿੱਖਣ ਦਾ ਮੌਕਾ ਮਿਲਿਆ। ਇਸ ਤੋਂ ਇਲਾਵਾ ਰੰਗੋਲੀ ਬਣਾਉਣ ਦੇ ਮੁਕਾਬਲੇ ਦਾ ਆਯੋਜਨ ਵੀ ਕੀਤਾ ਗਿਆ, ਜਿਸ ਵਿੱਚ ਵਿਦਿਆਰਥੀਆਂ ਨੇ ਵੱਖ-ਵੱਖ ਰੰਗਾਂ ਤੇ ਡਿਜ਼ਾਈਨਾਂ ਦੀ ਵਰਤੋਂ ਕਰਕੇ ਬੇਹੱਦ ਖੂਬਸੂਰਤ ਤੇ ਆਕਰਸ਼ਕ ਰੰਗੋਲੀਆਂ ਬਣਾਈਆਂ। ਹਰ ਰੰਗੋਲੀ ਵਿੱਚ ਵਿਦਿਆਰਥੀਆਂ ਦੀ ਕਲਪਨਾਸ਼ੀਲਤਾ ਤੇ ਕਲਾਤਮਕ ਪ੍ਰਤਿਭਾ ਦੀ ਝਲਕ ਦੇਖਣ ਨੂੰ ਮਿਲੀ। ਸਮਾਗਮ ਦੀ ਰੌਣਕ ਨੂੰ ਹੋਰ ਵਧਾਉਂਦਿਆਂ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਨਾਚ ਦੀਆਂ ਪੇਸ਼ਕਾਰੀਆਂ ਦਿੱਤੀਆਂ ਗਈਆਂ। ਰੰਗ-ਬਿਰੰਗੀਆਂ ਪੁਸ਼ਾਕਾਂ ਤੇ ਜੋਸ਼ ਭਰੇ ਨਾਚ ਨੇ ਸਮਾਗਮ ਵਿੱਚ ਚਾਰ ਚੰਨ ਲਗਾ ਦਿੱਤੇ ਤੇ ਦਰਸ਼ਕਾਂ ਵੱਲੋਂ ਖੂਬ ਸਰਾਹਨਾ ਪ੍ਰਾਪਤ ਕੀਤੀ। ਇਸ ਮੌਕੇ ਸਕੂਲ ਦੇ ਪ੍ਰਧਾਨ ਕੈਪਟਨ ਤੇਜਿੰਦਰ ਸਿੰਘ, ਉਪ-ਪ੍ਰਧਾਨ ਜਸਵਿੰਦਰ ਸਿੰਘ ਤੇ ਪ੍ਰਿੰਸੀਪਲ ਸ਼ਵੇਤਾ ਮਹਿਤਾ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਉਨ੍ਹਾਂ ਨੇ ਵਿਦਿਆਰਥੀਆਂ ਵੱਲੋਂ ਕੀਤੇ ਗਏ ਉਪਰਾਲਿਆਂ, ਉਨ੍ਹਾਂ ਦੀ ਮਿਹਨਤ ਤੇ ਸਿਰਜਣਾਤਮਕਤਾ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਅਜਿਹੀਆਂ ਗਤੀਵਿਧੀਆਂ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਤੇ ਆਪਣੀ ਪ੍ਰਤਿਭਾ ਨੂੰ ਨਿਖਾਰਨ ਲਈ ਪ੍ਰੇਰਿਤ ਕੀਤਾ। ਇਸ ਤਰ੍ਹਾਂ ਦੀਵਾਲੀ ਦਾ ਇਹ ਸਮਾਗਮ ਖੁਸ਼ੀਆਂ, ਰੌਣਕਾਂ ਤੇ ਉਤਸ਼ਾਹ ਨਾਲ ਭਰਪੂਰ ਰਿਹਾ। ਇਸ ਸਮਾਗਮ ਨੇ ਵਿਦਿਆਰਥੀਆਂ ਨੂੰ ਆਪਣੀ ਕਲਾ ਤੇ ਪ੍ਰਤਿਭਾ ਦਿਖਾਉਣ ਦੇ ਨਾਲ-ਨਾਲ ਮਿਲਜੁਲ ਕੇ ਕੰਮ ਕਰਨ, ਨਵੇਂ ਹੁਨਰ ਸਿੱਖਣ ਤੇ ਤਿਉਹਾਰਾਂ ਦੀਆਂ ਖੁਸ਼ੀਆਂ ਸਾਂਝੀਆਂ ਕਰਨ ਦਾ ਸੁੰਦਰ ਸੰਦੇਸ਼ ਦਿੱਤਾ।