ਦਲਿਤ ਮਜ਼ਦੂਰ ਦਾ ਜਬਰੀ ਸੰਸਕਾਰ ਕਰਨਾ ਤਾਨਾਸ਼ਾਹੀ : ਚੀਦਾ ਮਾਪਿਆਂ ਨੂੰ ਥਾਣੇ 'ਚ ਡੱਕ ਕੇ ਖੁਦਕਸ਼ੀ ਕਰ ਗਏ ਦਲਿਤ ਮਜ਼ਦੂਰ ਦਾ ਜਬਰੀ ਸੰਸਕਾਰ ਕਰਨਾ ਪੁਲਿਸ ਰਾਜ ਦਾ ਪ੍ਰਗਟਾਵਾ-ਗੁਰਪ੍ਰੀਤ ਸਿੰਘ ਚੀਦਾ
Publish Date: Sat, 03 Oct 2026 07:20 PM (IST)
Updated Date: Sat, 03 Oct 2026 07:22 PM (IST)
--ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਵਿਰੋਧ ਦਾ ਸੱਦਾ ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਕਪੂਰਥਲਾ : ਸੱਤਾਧਾਰੀ ਧਿਰ ਦੇ ਇਸ਼ਾਰੇ ਉੱਤੇ ਸੰਗਰੂਰ ਪੁਲਿਸ ਵੱਲੋਂ ਜ਼ਿਲ੍ਹੇ ਦੇ ਪਿੰਡ ਕਨੋਈ ਵਿਖੇ ਪਿੰਡ ਦੇ ਸਰਪੰਚ ਦੀ ਧੱਕੇਸ਼ਾਹੀ ਦਾ ਸ਼ਿਕਾਰ ਖੁਦਕੁਸ਼ੀ ਕਰ ਗਏ ਦਲਿਤ ਮਜ਼ਦੂਰ ਦਾ ਧੱਕੇ ਨਾਲ ਪੋਸਟਮਾਰਟਮ ਕਰਵਾਉਣ ਉਪਰੰਤ ਉਸਦੇ ਪਰਿਵਾਰਕ ਮੈਂਬਰਾਂ ਦੀ ਗੈਰ-ਮੌਜੂਦਗੀ ’ਚ ਖ਼ੁਦ ਹੀ ਸੰਸਕਾਰ ਕਰਨ ਦੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਨੇ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਇਸਨੂੰ ਤਾਨਾਸ਼ਾਹੀ ਕਰਾਰ ਦਿੱਤਾ ਹੈ। ਯੂਨੀਅਨ ਦੇ ਯੂਥ ਵਿੰਗ ਦੇ ਸੂਬਾ ਆਗੂ ਗੁਰਪ੍ਰੀਤ ਸਿੰਘ ਚੀਦਾ ਨੇ ਕਿਹਾ ਕਿ ਖੁਦਕਸ਼ੀ ਕਰ ਗਏ ਦਲਿਤ ਮਜ਼ਦੂਰ ਨੂੰ ਇਨਸਾਫ਼ ਦੇਣ ਦੀ ਬਜਾਏ ਇਨਸਾਫ਼ ਦੀ ਮੰਗ ਕਰ ਰਹੇ ਉਸਦੇ ਮਾਪਿਆਂ ਤੇ ਉਨ੍ਹਾਂ ਦੇ ਹਮਾਇਤੀਆਂ ਨੂੰ ਸੰਗਰੂਰ ਪੁਲਿਸ ਵੱਲੋਂ ਜ਼ਬਰਦਸਤੀ ਗ੍ਰਿਫ਼ਤਾਰ ਕਰਨ ਉਪਰੰਤ ਧੱਕੇ ਨਾਲ ਲਾਸ਼ ਦਾ ਸਸਕਾਰ ਕਰ ਦਿੱਤਾ ਗਿਆ, ਜੋ ਪੁਲਿਸ ਰਾਜ ਦੀ ਨਿਸ਼ਾਨੀ ਹੈ। ਉਨ੍ਹਾਂ ਦੋਸ਼ੀ ਅਧਿਕਾਰੀਆਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਯੂਨੀਅਨ ਨੇ ਭਗਵੰਤ ਮਾਨ ਸਰਕਾਰ ਦੀ ਇਸ ਕਾਰਵਾਈ ਨੂੰ ਨੰਗੀ ਚਿੱਟੀ ਗੁੰਡਾਗਰਦੀ ਤੇ ਤਾਨਾਸ਼ਾਹੀ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਆਪ ਸਰਕਾਰ ਸਭਨਾਂ ਨਿਯਮਾਂ ਕਾਨੂੰਨਾਂ ਨੂੰ ਛਿੱਕੇ ਟੰਗ ਕੇ ਪੰਜਾਬ ਨੂੰ ਪੁਲਿਸ ਰਾਜ ਵਿਚ ਤਬਦੀਲ ਕਰਕੇ ਲਗਾਤਾਰ ਦਲਿਤਾਂ ਉੱਪਰ ਜ਼ਬਰ ਕਰ ਰਹੀ ਹੈ। ਉਨ੍ਹਾਂ ਦਲਿਤ ਮਜ਼ਦੂਰ ਨੂੰ ਖੁਦਕੁਸ਼ੀ ਕਰਨ ਲਈ ਮਜਬੂਰ ਕਰਨ ਵਾਲੇ ਸਰਪੰਚ ਵਿਰੁੱਧ ਐੱਸਸੀ/ਐੱਸਟੀ ਐਕਟ ਸਮੇਤ ਬਣਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਫੌਰੀ ਗ੍ਰਿਫ਼ਤਾਰ ਕਰਨ ਦੀ ਮੰਗ ਵੀ ਕੀਤੀ। ਯੂਨੀਅਨ ਨੇ ਸਮੂਹ ਇਨਸਾਫ਼ ਪਸੰਦ ਜਥੇਬੰਦੀਆਂ ਨੂੰ ਇਸ ਕਾਰਵਾਈ ਖਿਲਾਫ਼ ਮੈਦਾਨ ’ਚ ਨਿੱਤਰਣ ਦਾ ਸੱਦਾ ਦਿੱਤਾ ਹੈ।