- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿੱਖਿਆ ਵਿਭਾਗ ਦੇ ਦਫਤਰੀ ਮੁਲਾਜ਼ਮਾਂ ਦੀ ਤਨਖਾਹ ਚ ਭਾਰੀ ਕਟੌਤੀ ਕਰਕੇ ਰੈਗੂਲਰ ਕਰਨਾ ਸਰਕਾਰ ਦਾ ਅਤਿ ਨਿੰਦਣਯੋਗ ਵਤੀਰਾ

ਦਫਤਰੀ ਮੁਲਾਜ਼ਮਾਂ ਦੀ ਤਨਖਾਹ ’ਚ ਕਟੌਤੀ ਕਰਨਾ ਨਿੰਦਣਯੋਗ
ਇੰਪਲਾਈਜ਼ ਵੈੱਲਫੇਅਰ ਫੈੱਡਰੇਸ਼ਨ ਨੇ ਕੀਤੀ ਪੰਜਾਬ ਸਰਕਾਰ ਦੀ ਆਲੋਚਨਾ
ਪੰਜਾਬੀ ਜਾਗਰਣ ਪ੍ਰਤੀਨਿਧ
ਫਗਵਾੜਾ : ਐੱਸਸੀ/ਬੀਸੀ ਸਮਾਜ ਤੇ ਮੁਲਾਜ਼ਮ ਵਰਗ ਦੀਆਂ ਜਾਇਜ਼ ਤੇ ਸੰਵਿਧਾਨਿਕ ਮੰਗਾਂ ਲਈ ਆਵਾਜ਼ ਬੁਲੰਦ ਕਰਨ ਵਾਲੀ ਗਜ਼ਟਿਡ ਤੇ ਨਾਨ-ਗਜ਼ਟਿਡ ਐੱਸਸੀ/ਬੀਸੀ ਇੰਪਲਾਈਜ਼ ਵੈੱਲਫੇਅਰ ਫੈੱਡਰੇਸ਼ਨ ਪੰਜਾਬ ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਸਤਵੰਤ ਟੂਰਾ, ਮਨਜੀਤ ਗਾਟ, ਸੰਤੋਖ ਮੱਲ੍ਹੀ, ਮਨਜੀਤ ਦਾਸ, ਬਨਵਾਰੀ, ਲਖਵੀਰ ਚੰਦ ਤੇ ਬਲਵਿੰਦਰ ਨਿਧੜਕ ਨੇ ਪੰਜਾਬ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਸਿੱਖਿਆ ਵਿਭਾਗ ਪੰਜਾਬ ਦੇ ਬਲਾਕ ਦਫ਼ਤਰਾਂ, ਜ਼ਿਲਾ ਸਿੱਖਿਆ ਦਫ਼ਤਰਾਂ ਤੇ ਪੰਜਾਬ ਸਿੱਖਿਆ ਵਿਭਾਗ ਪੰਜਾਬ ਦੇ ਦਫ਼ਤਰਾਂ ਵਿਚ ਪਿਛਲੇ 15-20 ਸਾਲਾਂ ਤੋਂ ਬੜੀ ਇਮਾਨਦਾਰੀ ਤੇ ਤਨਦੇਹੀ ਨਾਲ ਸੇਵਾਵਾਂ ਨਿਭਾਅ ਰਹੇ ਦਫ਼ਤਰੀ ਕਰਮਚਾਰੀਆਂ ਨੂੰ ਸਿੱਖਿਆ ਵਿਭਾਗ ਵਿਚ ਰੈਗੂਲਰ ਕਰਨ ਅਧੀਨ ਉਨ੍ਹਾਂ ਨੂੰ ਮਿਲ ਰਹੀਆਂ ਤਨਖਾਹਾਂ ਵਿਚ ਭਾਰੀ ਕਟੌਤੀ ਕਰਦੇ ਹੋਏ ਰੈਗੂਲਰ ਕਰਨ ਦੇ ਜੋ ਆਰਡਰ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਹਨ, ਉਸ ਨਾਲ ਦਫ਼ਤਰੀ ਕਰਮਚਾਰੀਆਂ ਦੇ ਨਾਲ-ਨਾਲ ਸਮੁੱਚੇ ਮੁਲਾਜ਼ਮ ਵਰਗ ਵਿਚ ਪੰਜਾਬ ਸਰਕਾਰ ਦੇ ਇਸ ਰਵੱਈਏ ਦੇ ਖਿਲਾਫ ਭਾਰੀ ਰੋਸ ਪਾਇਆ ਜਾ ਰਿਹਾ ਹੈ। ਟੂਰਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਆਪਣੇ ਮੁਲਾਜ਼ਮ ਵਰਗ ਪ੍ਰਤੀ ਵਤੀਰਾ ਬਹੁਤ ਘਟੀਆ ਹੈ ਕਿਉਂਕਿ ਮੁਲਾਜ਼ਮ ਵਰਗ ਦੀਆਂ ਮੰਗਾਂ ਨੂੰ ਹੱਲ ਕਰਵਾਉਣ ਲਈ ਜਥੇਬੰਦੀਆਂ ਨੂੰ ਮੀਟਿੰਗਾਂ ਲਈ ਸਮਾਂ ਦੇ ਕੇ ਫਿਰ ਮੀਟਿੰਗ ਨਾ ਕਰਨ ਤੋਂ ਸਰਕਾਰ ਭੱਜ ਰਹੀ ਹੈ ਤੇ ਵਾਰ-ਵਾਰ ਮੀਟਿੰਗਾਂ ਦਾ ਸਮਾਂ ਅੱਗੇ ਪਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਦਫਤਰੀ ਕਰਮਚਾਰੀਆਂ ਵੱਲੋਂ ਸਿੱਖਿਆ ਵਿਭਾਗ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਤੇ ਕੈਬਨਿਟ ਸਬ ਕਮੇਟੀ ਦੇ ਚੇਅਰਮੈਨ ਹਰਪਾਲ ਚੀਮਾ ਨਾਲ ਮੀਟਿੰਗਾਂ ਕੀਤੀਆਂ ਗਈਆਂ ਤੇ ਉਨ੍ਹਾਂ ਵੱਲੋਂ ਦਫ਼ਤਰੀ ਕਰਮਚਾਰੀਆਂ ਦੀ ਜਥੇਬੰਦੀ ਨੂੰ ਇਹ ਯਕੀਨ ਦਵਾਇਆ ਗਿਆ ਸੀ ਕਿ ਉਨ੍ਹਾਂ ਦੀਆਂ ਤਨਖਾਹਾਂ ਨੂੰ ਨਾ ਘਟਾਉਂਦੇ ਹੋਏ ਰੈਗੂਲਰ ਕਰਨ ਦਾ ਕੋਈ ਸਾਰਥਕ ਹੱਲ ਕੀਤਾ ਜਾਵੇਗਾ ਪਰ ਸਿੱਖਿਆ ਵਿਭਾਗ ਵੱਲੋਂ ਰੈਗੂਲਰ ਕਰਨ ਦੇ ਜੋ ਆਰਡਰ ਜਾਰੀ ਕੀਤੇ ਗਏ ਹਨ ਉਨ੍ਹਾਂ ਵਿਚ ਬਹੁਤ ਘੱਟ ਤਨਖ਼ਾਹ ਦਿੱਤੀ ਗਈ ਹੈ ਤੇ ਤਿੰਨ ਸਾਲ ਦੇ ਪਰਖ ਸਮੇਂ ਦੀ ਸ਼ਰਤ ਲਗਾ ਦਿੱਤੀ ਗਈ। ਫੈੱਡਰੇਸ਼ਨ ਮਾਨਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਤੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਤੇ ਮਾਨਯੋਗ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੂੰ ਪੁਰਜ਼ੋਰ ਅਪੀਲ ਕਰਦੀ ਹੈ ਕਿ ਦਫ਼ਤਰੀ ਕਰਮਚਾਰੀਆਂ ਨਾਲ ਸਰਕਾਰ ਦੇ ਦਫ਼ਤਰਾਂ ਦੇ ਕੰਮ ਸਫ਼ਲਤਾ ਪੂਰਵਕ ਚੱਲ ਰਹੇ ਹਨ ਤੇ ਇਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਜੋ ਤਨਖ਼ਾਹਾਂ ਮਿਲ ਰਹੀਆਂ ਹਨ ਉਨ੍ਹਾਂ ਨੂੰ ਪ੍ਰੋਟੈਕਟ ਕਰਕੇ ਰੈਗੂਲਰ ਕਰਨ ਦੇ ਆਰਡਰ ਦੁਬਾਰਾ ਜਾਰੀ ਕੀਤੇ ਜਾਣ ਕਿਉਂਕਿ ਇੰਨੀ ਘੱਟ ਤਨਖ਼ਾਹ ਵਿਚ ਗੁਜ਼ਾਰਾ ਕਰਨਾ ਬਹੁਤ ਮੁਸ਼ਕਿਲ ਹੈ। ਬਹੁਤੇ ਮੁਲਾਜ਼ਮ ਵਰਗ ਵੱਲੋਂ ਆਮ ਤੌਰ ’ਤੇ ਬੱਚਿਆਂ ਦੀ ਪੜ੍ਹਾਈ ਤੇ ਆਪਣੇ ਘਰ ਬਣਾਉਣ ਲਈ ਬੈਂਕਾਂ ਤੋਂ ਕਰਜ਼ੇ ਆਦਿ ਲਏ ਹੁੰਦੇ ਹਨ। ਇੰਨੀ ਘੱਟ ਤਨਖ਼ਾਹ ਨਾਲ ਤਾਂ ਕਿਸ਼ਤ ਵੀ ਨਹੀਂ ਮੁੜਨੀ ਤੇ ਘਰ ਦਾ ਬਾਕੀ ਗੁਜ਼ਾਰਾ ਕਿਵੇਂ ਹੋਵੇਗਾ। ਇਸ ਮੌਕੇ ਅਸ਼ੋਕ ਵਾਹਦ, ਗਿਆਨ ਚੰਦ ਵਾਹਦ, ਵਿਨੋਦ ਕੁਮਾਰ, ਸਤਨਾਮ ਗਿੱਲ, ਸੋਹਣ ਲਾਲ, ਰਾਮਪਾਲ, ਪਵਨ ਕੁਮਾਰ, ਬਲਵਿੰਦਰ ਮਸੀਹ, ਜਸਵੀਰ ਖਲਵਾੜਾ, ਗੁਰਸੇਵਕ ਆਦਿ ਹਾਜ਼ਰ ਸਨ।