ਦੇਸ਼ ਦੇ ਸਾਰੇ ਸਕੂਲਾਂ ’ਚ ਪੜਾਇਆ ਜਾਵੇ ਸਾਹਿਬਜ਼ਾਦਿਆਂ ਦਾ ਇਤਿਹਾਸ : ਚਾਹਲ ਦੇਸ਼ ਦੇ ਸਾਰੇ ਗੈਰ-ਸਰਕਾਰੀ ਅਤੇ ਸਰਕਾਰੀ ਸਕੂਲਾਂ ਵਿਚ ਪੜਾਇਆ ਜਾਵੇ ਚਾਰ ਸਾਹਿਬਜ਼ਾਦਿਆਂ ਦਾ ਇਤਿਹਾਸ : ਮਲਵਿੰਦਰ ਸਿੰਘ ਚਾਹਲ
Publish Date: Sat, 14 Nov 2026 09:51 PM (IST)
Updated Date: Sat, 14 Nov 2026 09:54 PM (IST)
ਅਮਰੀਕ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਦੇਸ਼ ਦੇ ਸਾਰੇ ਗੈਰ-ਸਰਕਾਰੀ ਤੇ ਸਰਕਾਰੀ ਸਕੂਲ ਪ੍ਰਬੰਧਕਾਂ ਨੂੰ ਸਾਹਿਬਜ਼ਾਦਿਆਂ ਦੇ ਇਤਿਹਾਸ ਨੂੰ ਪੜ੍ਹਾਉਣ ਦੀ ਅਪੀਲ ਅਜ਼ਾਦ ਉਮੀਦਵਾਰ ਮਲਵਿੰਦਰ ਸਿੰਘ ਚਾਹਲ (ਮੰਮੂ ਚਾਹਲ) ਨੇ ਕਿਹਾ ਸਾਰੇ ਸਕੂਲਾਂ ਵਿਚ ਸਾਹਿਬਜ਼ਾਦਿਆਂ (ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਪੁੱਤਰਾਂ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜ਼ੋਰਾਵਰ ਸਿੰਘ ਜੀ ਤੇ ਬਾਬਾ ਫ਼ਤਿਹ ਸਿੰਘ ਜੀ) ਦੀ ਜੀਵਨੀ ਸਕੂਲਾਂ ਦੇ ਸਿਲੇਬਸ ਵਿੱਚ ਸ਼ਾਮਲ ਕਰਨ ਨਾਲ ਬੱਚਿਆਂ ਵਿੱਚ ਇਤਿਹਾਸਕ ਜਾਣਕਾਰੀ, ਨੈਤਿਕ ਕਦਰਾਂ-ਕੀਮਤਾਂ ਤੇ ਹਿੰਮਤ ਪੈਦਾ ਕਰਨ ਲਈ ਇੱਕ ਬਹੁਤ ਹੀ ਸਾਰਥਕ ਤੇ ਮਹੱਤਵਪੂਰਨ ਕਦਮ ਸਾਬਤ ਹੋਵੇਗਾ। ਉਨ੍ਹਾਂ ਦੀ ਛੋਟੀ ਉਮਰ ਵਿੱਚ ਦਿੱਤੀ ਗਈ ਲਾਸਾਨੀ ਸ਼ਹਾਦਤ ਵਿਦਿਆਰਥੀਆਂ ਲਈ ਪ੍ਰੇਰਨਾ ਦਾ ਇੱਕ ਵੱਡਾ ਸਰੋਤ ਬਣ ਸਕਦੀ ਹੈ। ਮੰਮੂ ਚਾਹਲ ਨੇ ਕਿਹਾ ਕਿ ਸਾਹਿਬਜ਼ਾਦਿਆਂ ਦਾ ਜੀਵਨ ਬੱਚਿਆਂ ਨੂੰ ਸੱਚ, ਧਰਮ ਤੇ ਇਨਸਾਫ਼ ਦੇ ਰਾਹ ’ਤੇ ਡਟੇ ਰਹਿਣ ਦੀ ਸਿੱਖਿਆ ਦਿੰਦਾ ਹੈ। ਇਹ ਕਦਰਾਂ-ਕੀਮਤਾਂ ਵਿਦਿਆਰਥੀਆਂ ਦੇ ਚਰਿੱਤਰ ਨਿਰਮਾਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਛੋਟੇ ਸਾਹਿਬਜ਼ਾਦਿਆਂ(7 ਤੇ 9 ਸਾਲ ਦੀ ਉਮਰ) ਦੀ ਨਿਡਰਤਾ ਤੇ ਵੱਡੇ ਸਾਹਿਬਜ਼ਾਦਿਆਂ ਦੀ ਚਮਕੌਰ ਦੀ ਜੰਗ ਵਿੱਚ ਬਹਾਦਰੀ ਵਿਦਿਆਰਥੀਆਂ ਨੂੰ ਔਖੇ ਹਾਲਾਤਾਂ ਦਾ ਡਟ ਕੇ ਸਾਹਮਣਾ ਕਰਨ ਦਾ ਹੌਸਲਾ ਦਿੰਦੀ ਹੈ। ਸਕੂਲੀ ਪੱਧਰ ’ਤੇ ਇਹ ਇਤਿਹਾਸ ਪੜ੍ਹਾਉਣ ਨਾਲ ਨਵੀਂ ਪੀੜ੍ਹੀ ਆਪਣੀਆਂ ਜੜ੍ਹਾਂ, ਕੁਰਬਾਨੀਆਂ ਤੇ ਅਮੀਰ ਵਿਰਸੇ ਤੋਂ ਜਾਣੂ ਹੁੰਦੀ ਹੈ। ਮੰਮੂ ਚਾਹਲ ਨੇ ਕਿਹਾ ਕਿ ਇਸ ਦਿਸ਼ਾ ਵਿਚ ਸਾਡੀ ਖਾਸ ਕਰਕੇ ਅਧਿਆਪਕਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਬੱਚਿਆਂ ਨੂੰ ਇਤਿਹਾਸ ਦੀ ਵਿਸਥਾਰ ਨਾਲ ਜਾਣਕਾਰੀ ਦਿਤੀ ਜਾਵੇ। ਮੰਮੂ ਚਾਹਲ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸਮੁੱਚੇ ਦੇਸ਼ ਦੇ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਦੇ ਚਾਰ ਸਾਹਿਬਜ਼ਾਦਿਆਂ ਬਾਰੇ ਇਤਿਹਾਸ ਪੜ੍ਹਾਇਆ ਜਾਵੇ ਕਿਉਂਕਿ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੀ ਮਿਸਾਲ ਦੁਨੀਆ ਵਿਚ ਹੋਰ ਕੋਈ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਉਦੇਸ਼ ਵਾਸਤੇ ਸਰਕਾਰ ਨੂੰ ਪੰਜਾਬੀ ਤੋਂ ਇਲਾਵਾ ਹਿੰਦੀ, ਤਾਮਿਲ, ਮਰਾਠੀ, ਤੇਲਗੂ, ਮਲਿਆਲਮ ਸਮੇਤ ਦੇਸ਼ ਦੀਆਂ ਸਾਰੀਆਂ ਭਾਸ਼ਾਵਾਂ ਵਿਚ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਇਤਿਹਾਸ ਛਾਪਣਾ ਚਾਹੀਦਾ ਹੈ ਤੇ ਇਹ ਵਿਸ਼ੇਸ਼ ਤੌਰ ’ਤੇ ਪੜ੍ਹਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿਰਫ ਦੇਸ਼ ਵਿਚ ਹੀ ਨਹੀਂ ਸਗੋਂ ਸਾਰੀ ਦੁਨੀਆਂ ਨੂੰ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਇਤਿਹਾਸ ਦੱਸਣ ਵਾਸਤੇ ਭਾਰਤ ਸਰਕਾਰ ਨੂੰ ਸੰਯੁਕਤ ਰਾਸ਼ਟਰ ਨਾਲ ਰਾਬਤਾ ਕਾਇਮ ਕਰ ਕੇ ਸਾਰੀ ਦੁਨੀਆਂ ਦੀਆਂ ਭਾਸ਼ਾਵਾਂ ਵਿਚ ਇਹ ਇਤਿਹਾਸ ਛਾਪਿਆ ਜਾਣਾ ਤੇ ਵਿਦਿਆਰਥੀਆਂ ਨੂੰ ਪੜ੍ਹਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਗੁਰੂ ਗੋਬਿੰਦ ਸਿੰਘ ਸਾਹਿਬ, ਚਾਰ ਸਾਹਿਬਜ਼ਾਦੇ ਤੇ ਮਾਤਾ ਗੁਜਰੀ ਜੀ ਦੀ ਕੁਰਬਾਨੀ ਸਦਕਾ ਹੀ ਅੱਜ ਦਾ ਭਾਰਤ ਹੈ ਤੇ ਭਾਰਤ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਦੀ ਜਾਣਕਾਰੀ ਸਾਰੀ ਦੁਨੀਆਂ ਨੂੰ ਦਿੱਤੀ ਜਾਵੇ। ਮੰਮੂ ਚਾਹਲ ਨੇ ਕਿਹਾ ਕਿ ਦੁਨੀਆ ਭਰ ਵਿਚ ਇਹ ਸ਼ਹਾਦਤ ਦੇ ਦਿਹਾੜੇ ਮਨਾਏ ਜਾਂਦੇ ਹਨ।