ਲੁਧਿਆਣਾ ’ਚ ਵਾਪਰੀ ਘਟਨਾ ਨਿੰਦਣਯੋਗ : ਕਮਲ ਲੁਧਿਆਣਾ ਵਿਖੇ ਬਾਬਾ ਸਾਹਿਬ ਡਾ. ਅੰਬੇਡਕਰ ਦੇ ਬੁੱਤ ਨਾਲ ਵਾਪਰੀ ਘਟਨਾ ਨਿੰਦਣਯੋਗ - ਕਮਲ ਸਰੋਜ
Publish Date: Thu, 10 Sep 2026 06:55 PM (IST)
Updated Date: Thu, 10 Sep 2026 06:55 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਸ਼ਿਵ ਸੈਨਾ (ਯੂਬੀਟੀ) ਦੇ ਸੂਬਾ ਪ੍ਰੈੱਸ ਸਕੱਤਰ ਕਮਲ ਸਰੋਜ ਨੇ ਜਲੰਧਰ ਬਾਈਪਾਸ ਲੁਧਿਆਣਾ ਵਿਖੇ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨਾਲ ਵਾਪਰੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਨਿਰਮਾਤਾ ਡਾ. ਅੰਬੇਡਕਰ ਦੇ ਬੁੱਤ ਨਾਲ ਕਿਸੇ ਵੀ ਤਰ੍ਹਾਂ ਦੀ ਬੇਅਦਬੀ ਜਾਂ ਛੇੜਛਾੜ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਡਾ. ਅੰਬੇਡਕਰ ਭਾਰਤੀ ਸੰਵਿਧਾਨ ਦੇ ਨਿਰਮਾਤਾ ਤੇ ਦੇਸ਼ ਦੇ ਮਹਾਨ ਚਿੰਤਕ ਸਨ, ਉਨ੍ਹਾਂ ਦਾ ਸਨਮਾਨ ਕਰਨਾ ਹਰ ਭਾਰਤੀ ਦੀ ਜ਼ਿੰਮੇਵਾਰੀ ਹੈ। ਅਜਿਹੀਆਂ ਘਟਨਾਵਾਂ ਸਮਾਜ ਵਿੱਚ ਤਣਾਅ ਪੈਦਾ ਕਰਨ ਦਾ ਕਾਰਨ ਬਣਦੀਆਂ ਹਨ, ਇਸ ਲਈ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਨੂੰ ਇਸ ਮਾਮਲੇ ਨੂੰ ਬੇਹੱਦ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਘਟਨਾ ਵਿੱਚ ਸ਼ਾਮਲ ਵਿਅਕਤੀਆਂ ਦੀ ਤੁਰੰਤ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਤੋਂ ਸਖਤ ਕਾਰਵਾਈ ਕੀਤੀ ਜਾਵੇ ਤੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਵਾਈ ਜਾਵੇ, ਤਾਂ ਜੋ ਭਵਿੱਖ ਵਿੱਚ ਕੋਈ ਵੀ ਵਿਅਕਤੀ ਮਹਾਨ ਸ਼ਖ਼ਸੀਅਤਾਂ ਦੇ ਬੁੱਤਾਂ ਨਾਲ ਅਜਿਹੀ ਹਰਕਤ ਕਰਨ ਦੀ ਹਿੰਮਤ ਨਾ ਕਰ ਸਕੇ। ਸ਼ਿਵ ਸੈਨਾ (ਯੂਬੀਟੀ) ਆਗੂ ਨੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਮਾਮਲੇ ਦੀ ਨਿਰਪੱਖ ਤੇ ਤੇਜ਼ੀ ਨਾਲ ਜਾਂਚ ਕਰਕੇ ਸਾਰੇ ਤੱਥ ਲੋਕਾਂ ਦੇ ਸਾਹਮਣੇ ਲਿਆਂਦੇ ਜਾਣ। ਉਨ੍ਹਾਂ ਕਿਹਾ ਕਿ ਕਾਨੂੰਨ-ਵਿਵਸਥਾ ਕਾਇਮ ਰੱਖਣਾ ਸਰਕਾਰ ਦੀ ਜ਼ਿੰਮੇਵਾਰੀ ਹੈ ਤੇ ਕਿਸੇ ਵੀ ਕੀਮਤ ’ਤੇ ਸ਼ਰਾਰਤੀ ਅਨਸਰਾਂ ਨੂੰ ਮਾਹੌਲ ਖ਼ਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ। ਕਮਲ ਸਰੋਜ ਨੇ ਸਮੂਹ ਵਰਗਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ਼ਾਂਤੀ ਤੇ ਆਪਸੀ ਭਾਈਚਾਰਾ ਕਾਇਮ ਰੱਖਣ ਤੇ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ਜਾਂ ਭੜਕਾਊ ਗੱਲ ’ਤੇ ਵਿਸ਼ਵਾਸ ਨਾ ਕਰਨ।