ਪਿੰਡ ਅਠੌਲੀ ਦੇ ਅਧੂਰੇ ਵਿਕਾਸ ਕਾਰਜਾਂ ਨੂੰ ਪੂਰਾ ਕੀਤਾ ਜਾਵੇਗਾ : ਸਰਪੰਚ
ਪਿੰਡ ਅਠੌਲੀ ਦੇ ਅਧੂਰੇ ਵਿਕਾਸ ਕਾਰਜਾਂ ਨੂੰ ਜੰਗੀ ਪੱਧਰ ‘ਤੇ ਨੇਪਰੇ ਚਾੜ੍ਹਿਆ ਜਾਵੇਗਾ - ਸਰਪੰਚ ਕੁਲਵਿੰਦਰ ਕਾਲਾ
Publish Date: Sat, 20 Jun 2026 09:49 PM (IST)
Updated Date: Sat, 20 Jun 2026 09:51 PM (IST)

ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਪਿੰਡ ਅਠੌਲੀ ਨੂੰ 30 ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਪ੍ਰਾਪਤ ਹੋਈ ਹੈ। ਇਸ ਗ੍ਰਾਂਟ ਦਾ ਰਸਮੀ ਚੈੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਗਵਾੜਾ ਵਿਖੇ ਆਯੋਜਿਤ ਲੋਕ ਮਿਲਣੀ ਸਮਾਗਮ ਦੌਰਾਨ ਪਿੰਡ ਅਠੌਲੀ ਦੇ ਸਰਪੰਚ ਕੁਲਵਿੰਦਰ ਸਿੰਘ ਕਾਲਾ ਨੂੰ ਦਿੱਤਾ ਗਿਆ। ਸਰਪੰਚ ਕਾਲਾ ਅਠੌਲੀ ਨੇ ਪੰਜਾਬ ਸਰਕਾਰ ਤੇ ਮੁੱਖ ਮੰਤਰੀ ਤੋਂ ਇਲਾਵਾ ਹਲਕਾ ਇੰਚਾਰਜ ਡਾ. ਰਾਜਕੁਮਾਰ ਚੱਬੇਵਾਲ ਮੈਂਬਰ ਪਾਰਲੀਮੈਂਟ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਰਾਸ਼ੀ ਨਾਲ ਪਿੰਡ ਦੇ ਲੰਬੇ ਸਮੇਂ ਤੋਂ ਅਧੂਰੇ ਪਏ ਵਿਕਾਸ ਕਾਰਜਾਂ ਨੂੰ ਜੰਗੀ ਪੱਧਰ ‘ਤੇ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿੰਡ ਦੀਆਂ ਗਲੀਆਂ-ਨਾਲੀਆਂ, ਸੀਵਰੇਜ ਪ੍ਰਬੰਧ, ਸਟਰੀਟ ਲਾਈਟਾਂ, ਪੀਣ ਵਾਲੇ ਪਾਣੀ ਦੀ ਸਹੂਲਤ ਤੇ ਹੋਰ ਬੁਨਿਆਦੀ ਢਾਂਚਾਗਤ ਵਿਕਾਸ ਦੇ ਕੰਮਾਂ ਨੂੰ ਪਹਿਲ ਦੇ ਆਧਾਰ ‘ਤੇ ਕਰਵਾਇਆ ਜਾਵੇਗਾ। ਸਰਪੰਚ ਕੁਲਵਿੰਦਰ ਸਿੰਘ ਕਾਲਾ ਅਠੌਲੀ ਨੇ ਕਿਹਾ ਕਿ ਪਿੰਡ ਦੇ ਵਿਕਾਸ ਲਈ ਗ੍ਰਾਂਟ ਦੀ ਲੰਮੇ ਸਮੇਂ ਤੋਂ ਲੋੜ ਮਹਿਸੂਸ ਕੀਤੀ ਜਾ ਰਹੀ ਸੀ ਤੇ ਹੁਣ ਸਰਕਾਰ ਵੱਲੋਂ ਮਿਲੀ ਇਹ ਰਕਮ ਪਿੰਡ ਦੇ ਵਿਕਾਸ ਨੂੰ ਨਵੀਂ ਦਿਸ਼ਾ ਦੇਵੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਗ੍ਰਾਂਟ ਦੀ ਇਕ-ਇਕ ਪਾਈ ਲੋਕ ਭਲਾਈ ਤੇ ਵਿਕਾਸ ਕਾਰਜਾਂ ‘ਤੇ ਪਾਰਦਰਸ਼ੀ ਢੰਗ ਨਾਲ ਖਰਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੇ ਵਿਕਾਸਮੁਖੀ ਸੋਚ ਸਦਕਾ ਪਿੰਡਾਂ ਦੀ ਨੁਹਾਰ ਬਦਲ ਰਹੀ ਹੈ ਤੇ ਆਉਣ ਵਾਲੇ ਸਮੇਂ ਵਿਚ ਪਿੰਡ ਅਠੌਲੀ ਨੂੰ ਵੀ ਇਕ ਮਾਡਲ ਪਿੰਡ ਵਜੋਂ ਵਿਕਸਤ ਕਰਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਇਸ ਮੌਕੇ ਪੰਚਾਇਤ ਤੇ ਪਿੰਡ ਵਾਸੀਆਂ ਨੇ ਗ੍ਰਾਂਟ ਦੁਆਉਣ ਵਿਚ ਸਹਿਯੋਗ ਲਈ ਬੀਡੀਪੀਓ ਲਖਵਿੰਦਰ ਕਲੇਰ, ਪੰਚਾਇਤ ਸਕੱਤਰ ਮਲਕੀਤ ਚੰਦ ਤੇ ਸਮੂਹ ਪ੍ਰਸ਼ਾਸਨ ਦਾ ਵੀ ਤਹਿ ਦਿਲੋਂ ਧੰਨਵਾਦ ਕੀਤਾ।