ਨਾਬਾਲਗਾਂ ’ਚ ਦੋਪਹੀਆ ਚਲਾਉਣ ਦਾ ਵੱਧ ਰਿਹਾ ਰੁਝਾਨ ਖ਼ਤਰਨਾਕ ਨਾਬਾਲਗ ਸਕੂਲੀ ਵਿਦਿਆਰਥੀਆਂ ’ਚ ਦੋ ਪਹੀਆ ਵਾਹਨ ਚਲਾਉਣ ਦਾ ਵੱਧ ਰਿਹਾ ਖ਼ਤਰਨਾਕ ਰੁਝਾਨ ਚਿੰਤਾ ਦਾ ਵਿਸ਼ਾ
Publish Date: Tue, 11 Aug 2026 09:58 PM (IST)
Updated Date: Tue, 11 Aug 2026 09:59 PM (IST)
ਪਰਮਜੀਤ ਸਿੰਘ ਪੰਜਾਬੀ ਜਾਗਰਣ ਹੁਸੈਨਪੁਰ/ਡਡਵਿੰਡੀ : ਸਕੂਲ ਜਾਣ ਵਾਲੇ ਨਾਬਾਲਗ ਵਿਦਿਆਰਥੀਆਂ ਵੱਲੋਂ ਬਿਨਾਂ ਲਾਇਸੈਂਸ ਦੇ ਦੋ ਪਹੀਆ ਵਾਹਨ ਚਲਾਉਣ ਦਾ ਵੱਧ ਰਿਹਾ ਰੁਝਾਨ ਮਾਪਿਆਂ, ਅਧਿਆਪਕਾਂ ਤੇ ਆਮ ਲੋਕਾਂ ਲਈ ਚਿੰਤਾ ਦਾ ਵਿਸ਼ਾ ਬਣਦਾ ਜਾ ਰਿਹਾ ਹੈ। ਕਈ ਥਾਵਾਂ ’ਤੇ ਸਕੂਲਾਂ ਦੇ ਆਸ-ਪਾਸ ਨਾਬਾਲਗ ਵਿਦਿਆਰਥੀ ਮੋਟਰਸਾਈਕਲਾਂ ਤੇ ਸਕੂਟਰੀਆਂ ’ਤੇ ਨਿੱਤ ਆਉਂਦੇ-ਜਾਂਦੇ ਨਜ਼ਰ ਆਉਂਦੇ ਹਨ। ਕਈ ਵਾਰ ਤੇਜ਼ ਰਫ਼ਤਾਰ, ਤਿੰਨ-ਤਿੰਨ ਸਵਾਰੀਆਂ ਤੇ ਟ੍ਰੈਫਿਕ ਨਿਯਮਾਂ ਦੀ ਅਣਦੇਖੀ ਕਾਰਨ ਹਾਦਸੇ ਦਾ ਖ਼ਤਰਾ ਹੋਰ ਵੀ ਜ਼ਿਆਦਾ ਬਣਿਆ ਰਹਿੰਦਾ ਹੈ। ਲੋਕਾਂ ਦਾ ਕਹਿਣਾ ਹੈ ਕਿ ਮਾਪਿਆਂ ਵੱਲੋਂ ਬੱਚਿਆਂ ਨੂੰ ਵਾਹਨ ਦੇਣ ਤੋਂ ਪਹਿਲਾਂ ਉਨ੍ਹਾਂ ਦੀ ਉਮਰ ਤੇ ਸੜਕ ਸੁਰੱਖਿਆ ਨਿਯਮਾਂ ਨੂੰ ਧਿਆਨ ਵਿੱਚ ਰੱਖਣਾ ਜ਼ਰੂਰ ਚਾਹੀਦਾ ਹੈ। ਸਕੂਲ ਪ੍ਰਬੰਧਕਾਂ ਨੂੰ ਵੀ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕਰਨ ਦੇ ਨਾਲ-ਨਾਲ ਸਕੂਲ ਦੇ ਬਾਹਰ ਨਾਬਾਲਗਾਂ ਵੱਲੋਂ ਵਾਹਨ ਚਲਾਉਣ ਦੇ ਮਾਮਲੇ ਸਬੰਧੀ ਮਾਪਿਆਂ ਨੂੰ ਸੂਚਿਤ ਕਰਨਾ ਚਾਹੀਦਾ ਹੈ। ਸਕੂਲ ਪ੍ਰਬੰਧਕਾਂ ਨੇ ਇਹ ਵੀ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਸਿਰਫ਼ ਸਕੂਲ ਦੀ ਨਹੀਂ, ਸਗੋਂ ਮਾਪਿਆਂ, ਸਕੂਲ ਤੇ ਪ੍ਰਸ਼ਾਸਨ ਦੀ ਸਾਂਝੀ ਜ਼ਿੰਮੇਵਾਰੀ ਹੈ। ਹੁਣ ਸਵਾਲ ਇਹ ਉੱਠਦਾ ਹੈ ਕਿ ਹਾਦਸਾ ਵਾਪਰਨ ਤੋਂ ਪਹਿਲਾਂ ਹੀ ਮਾਪੇ, ਸਕੂਲ ਤੇ ਪ੍ਰਸ਼ਾਸਨ ਇਸ ਰੁਝਾਨ ਨੂੰ ਰੋਕਣ ਲਈ ਕਿੰਨਾ ਗੰਭੀਰ ਕਦਮ ਚੁੱਕਦੇ ਹਨ? ਇਹ ਤਾਂ ਆਉਣ ਵਾਲਾ ਵਕਤ ਹੀ ਦੱਸੇਗਾ। ਮਾਪਿਆਂ ਲਈ ਜਾਗਰੂਕਤਾ ਜ਼ਰੂਰੀ ਜਥੇਦਾਰ ਮੁਖਤਿਆਰ ਸਿੰਘ ਸੋਢੀ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਕਿਹਾ ਕਿ ਬੱਚਿਆਂ ਦੀ ਜ਼ਿੱਦ ਪੂਰੀ ਕਰਨ ਲਈ ਉਨ੍ਹਾਂ ਨੂੰ ਵਾਹਨ ਦੇਣਾ ਉਨ੍ਹਾਂ ਦੀ ਸੁਰੱਖਿਆ ਨਾਲ ਸਮਝੌਤਾ ਕਰਨ ਦੇ ਬਰਾਬਰ ਹੋ ਸਕਦਾ ਹੈ। ਮਾਪਿਆਂ ਨੂੰ ਬੱਚਿਆਂ ਨੂੰ ਸੜਕ ਸੁਰੱਖਿਆ ਦੇ ਨਿਯਮਾਂ ਬਾਰੇ ਸਮਝਾਉਣਾ ਚਾਹੀਦਾ ਹੈ। ਸਕੂਲਾਂ ਦੀ ਵੀ ਅਹਿਮ ਜ਼ਿੰਮੇਵਾਰੀ ਸਕੂਲ ਮੁਖੀ ਜਗਦੇਵ ਸਿੰਘ ਕਾਹਲੋਂ ਨੇ ਕਿਹਾ ਕਿ ਸਕੂਲਾਂ ਵਿੱਚ ਸਮੇਂ-ਸਮੇਂ ’ਤੇ ਟ੍ਰੈਫਿਕ ਜਾਗਰੂਕਤਾ ਸੈਮੀਨਾਰ ਕਰਵਾਏ ਜਾਣੇ ਚਾਹੀਦੇ ਹਨ। ਵਿਦਿਆਰਥੀਆਂ ਨੂੰ ਹੈਲਮੈਟ ਦੀ ਮਹੱਤਤਾ, ਸੜਕ ਪਾਰ ਕਰਨ ਦੇ ਨਿਯਮ ਤੇ ਤੇਜ਼ ਰਫ਼ਤਾਰ ਤੋਂ ਹੋਣ ਵਾਲੇ ਖ਼ਤਰਿਆਂ ਬਾਰੇ ਜਾਣਕਾਰੀ ਵੀ ਦੇਣੀ ਚਾਹੀਦੀ ਹੈ। ਨਾਬਾਲਗਾਂ ਨੂੰ ਵਾਹਨ ਦੇਣਾ ਖ਼ਤਰਨਾਕ ਜਥੇਦਾਰ ਜਸਬੀਰ ਸਿੰਘ ਸਾਬਕਾ ਸਰਪੰਚ ਡਡਵਿੰਡੀ ਮੈਂਬਰ ਪੀਏਸੀ ਨੇ ਕਿਹਾ ਕਿ ਨਾਬਾਲਗ ਬੱਚਿਆਂ ਨੂੰ ਦੋ ਪਹੀਆ ਵਾਹਨ ਦੇਣ ਦੀ ਬਜਾਏ ਮਾਪਿਆਂ ਨੂੰ ਉਨ੍ਹਾਂ ਦੀ ਆਵਾਜਾਈ ਲਈ ਸੁਰੱਖਿਅਤ ਪ੍ਰਬੰਧ ਕਰਨੇ ਚਾਹੀਦੇ ਹਨ। ਸੜਕਾਂ ’ਤੇ ਬੱਚਿਆਂ ਦੀ ਸੁਰੱਖਿਆ ਲਈ ਮਾਪਿਆਂ ਤੇ ਪ੍ਰਸ਼ਾਸਨ ਦੋਵਾਂ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਪਵੇਗੀ। ਸਖ਼ਤੀ ਦੇ ਨਾਲ ਜਾਗਰੂਕਤਾ ਵੀ ਜ਼ਰੂਰੀ ਪਰਜਿੰਦਰ ਸਿੰਘ ਮੋਠਾਵਾਲਾ ਨੇ ਕਿਹਾ ਕਿ ਸਿਰਫ਼ ਚਲਾਨ ਕਰਨ ਨਾਲ ਸਮੱਸਿਆ ਦਾ ਪੂਰਾ ਹੱਲ ਨਹੀਂ ਹੋਵੇਗਾ। ਸਕੂਲਾਂ, ਮਾਪਿਆਂ ਤੇ ਟ੍ਰੈਫਿਕ ਪੁਲਿਸ ਵੱਲੋਂ ਸਾਂਝੇ ਤੌਰ ’ਤੇ ਜਾਗਰੂਕਤਾ ਮੁਹਿੰਮ ਚਲਾਉਣ ਦੀ ਲੋੜ ਹੈ ਤਾਂ ਜੋ ਬੱਚਿਆਂ ਨੂੰ ਛੋਟੀ ਉਮਰ ਵਿੱਚ ਹੀ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਆਦਤ ਪਾਈ ਜਾ ਸਕੇ। ਸੜਕ ਸੁਰੱਖਿਆ ਲਈ ਗੰਭੀਰ ਮਾਮਲਾ ਏਐਸਆਈ ਸੁਰਜੀਤ ਸਿੰਘ ਚੌਂਕੀ ਇੰਚਾਰਜ ਮੋਠਾਂਵਾਲਾ ਦਾ ਕਹਿਣਾ ਹੈ ਕਿ ਨਾਬਾਲਗਾਂ ਵੱਲੋਂ ਵਾਹਨ ਚਲਾਉਣਾ ਸੜਕ ਸੁਰੱਖਿਆ ਲਈ ਗੰਭੀਰ ਮਾਮਲਾ ਹੈ। ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਂਦੀ ਹੈ। ਪੁਲਿਸ ਵੱਲੋਂ ਸਕੂਲਾਂ ਦੇ ਆਸ-ਪਾਸ ਟ੍ਰੈਫਿਕ ਪ੍ਰਬੰਧਾਂ ਦੀ ਜਾਂਚ ਕਰਨ ਤੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕਰਨ ’ਤੇ ਵੀ ਅਕਸਰ ਜ਼ੋਰ ਦਿੱਤਾ ਜਾਂਦਾ ਹੈ। ਪੁਲਿਸ ਨੇ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਨਾਬਾਲਗ ਬੱਚਿਆਂ ਨੂੰ ਦੋ ਪਹੀਆ ਵਾਹਨ ਚਲਾਉਣ ਲਈ ਨਾ ਦੇਣ ਤੇ ਉਹ ਬੱਚਿਆਂ ਦੀ ਸੁਰੱਖਿਆ ਨੂੰ ਪਹਿਲ ਦੇਣ। ਨਾਲ ਹੀ ਸਕੂਲ ਪ੍ਰਬੰਧਕਾਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਸਬੰਧੀ ਲਗਾਤਾਰ ਜਾਗਰੂਕ ਕਰਦੇ ਰਹਿਣ। ਸਕੂਲ ਚਲਾਉਂਦੇ ਹਨ ਜਾਗਰੂਕਤਾ ਮੁਹਿੰਮ ਸਕੂਲ ਮੁਖੀ ਗੋਪਾਲ ਕ੍ਰਿਸ਼ਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਰਮਜੀਤ ਪੁਰ ਦਾ ਕਹਿਣਾ ਹੈ ਕਿ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਲੈ ਕੇ ਸਕੂਲ ਵੱਲੋਂ ਲਗਾਤਾਰ ਜਾਗਰੂਕਤਾ ਮੁਹਿੰਮ ਚਲਾਈ ਜਾਂਦੀ ਹੈ। ਵਿਦਿਆਰਥੀਆਂ ਨੂੰ ਸਕੂਲ ਅੰਦਰ ਟ੍ਰੈਫਿਕ ਨਿਯਮਾਂ, ਹੈਲਮੈਟ ਦੀ ਵਰਤੋਂ ਅਤੇ ਸੜਕ ’ਤੇ ਸਾਵਧਾਨੀ ਨਾਲ ਚੱਲਣ ਸਬੰਧੀ ਜਾਣਕਾਰੀ ਵੀ ਦਿੱਤੀ ਜਾਂਦੀ ਹੈ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਨਾਬਾਲਗ ਵਿਦਿਆਰਥੀਆਂ ਨੂੰ ਦੋ ਪਹੀਆ ਵਾਹਨ ਚਲਾਉਣ ਤੋਂ ਰੋਕਣ ਲਈ ਮਾਪਿਆਂ ਦੀ ਭੂਮਿਕਾ ਵੀ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਦਿਆਰਥੀ ਨਾਬਾਲਗ ਹੋਣ ਦੇ ਬਾਵਜੂਦ ਦੋ ਪਹੀਆ ਵਾਹਨ ਲੈ ਕੇ ਸਕੂਲ ਆਉਂਦਾ ਹੈ ਤਾਂ ਇਸ ਸਬੰਧੀ ਮਾਪਿਆਂ ਨੂੰ ਸੂਚਿਤ ਕਰਕੇ ਉਨ੍ਹਾਂ ਨੂੰ ਬੱਚਿਆਂ ਦੀ ਸੁਰੱਖਿਆ ਪ੍ਰਤੀ ਜ਼ਿੰਮੇਵਾਰ ਬਣਾਇਆ ਜਾਂਦਾ ਹੈ। ਸਕੂਲ ਪ੍ਰਬੰਧਕਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਨਾਬਾਲਗ ਬੱਚਿਆਂ ਨੂੰ ਮੋਟਰਸਾਈਕਲ ਜਾਂ ਸਕੂਟਰੀ ਨਾ ਦੇਣ ਤਾਂ ਜੋ ਕਿਸੇ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ।